ਪੱਤਰਕਾਰੀ ਦੇ ਥੰਮ੍ਹ ਵਜੋਂ ਜਾਣੇ ਜਾਂਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਦਿਹਾਂਤ

476
Share

-ਸਸਕਾਰ ਮੌਕੇ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਹੋਏ ਸ਼ਾਮਲ
ਜਲੰਧਰ, 10 ਮਾਰਚ (ਪੰਜਾਬ ਮੇਲ)- ਪੱਤਰਕਾਰੀ ਦੇ ਥੰਮ੍ਹ ਵਜੋਂ ਜਾਣੇ ਜਾਂਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ 6 ਮਾਰਚ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। 68 ਸਾਲਾ ਮੇਜਰ ਸਿੰਘ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਮਾਡਲ ਟਾਊਨ, ਜਲੰਧਰ ਦੇ ਸ਼ਮਸ਼ਾਨਘਾਟ ਵਿਖੇ ਗਮਗੀਨ ਮਾਹੌਲ ’ਚ ਕਰ ਦਿੱਤਾ ਗਿਆ। ਉਨ੍ਹਾਂ ਦੀ ਬੇਵਕਤ ਮੌਤ ਦੀ ਆਈ ਖ਼ਬਰ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਤੇ ਉਨ੍ਹਾਂ ਨਾਲ ਸਾਂਝ ਰੱਖਣ ਵਾਲੇ ਹਰ ਸ਼ਖ਼ਸ ਨੂੰ ਡੂੰਘਾ ਸਦਮਾ ਲੱਗਾ।
ਸ. ਮੇਜਰ ਸਿੰਘ ਨੇ ਪੰਜਾਬੀ ਪੱਤਰਕਾਰੀ ਨਾਲ ਵਫ਼ਾ ਕਰਦਿਆਂ ਆਪਣੀ ਨਿਰਪੱਖ, ਨਿਡਰ ਤੇ ਬੇਬਾਕ ਕਲਮ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਦਹਾਕਿਆਂ ਤੱਕ ਸੇਵਾ ਕੀਤੀ। ਉਹ ਪੰਜਾਬ ਪ੍ਰੈੱਸ ਕਲੱਬ ਦੇ ਮੌਜੂਦਾ ਜਨਰਲ ਸਕੱਤਰ ਸਨ ਅਤੇ ਇਸ ਤੋਂ ਪਹਿਲਾਂ ਪ੍ਰਧਾਨ ਵੀ ਰਹੇ। ਉਹ ਪੰਜਾਬ ਮੇਲ ਯੂ.ਐੱਸ.ਏ. ਅਖਬਾਰ ’ਚ ਸਲਾਹਕਾਰ ਵਜੋਂ ਸੇਵਾ ਨਿਭਾਉਦੇ ਰਹੇ। ਕੁਝ ਸਮਾਂ ਆਮ ਆਦਮੀ ਪਾਰਟੀ ਨਾਲ ਵੀ ਜੁੜੇ ਰਹੇ ਸਨ। ਉਨ੍ਹਾਂ ਦੇ ਤਿੰਨ ਪੁੱਤਰ ਪ੍ਰਤੀਕ ਸਿੰਘ, ਪੁਨੀਤਪਾਲ ਸਿੰਘ ਤੇ ਤਨਵੀਰ ਸਿੰਘ ਹਨ। ਉਨ੍ਹਾਂ ਦੀ ਮੌਤ ’ਤੇ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਦੇਸ਼-ਵਿਦੇਸ਼ ’ਚ ਉਨ੍ਹਾਂ ਦੇ ਜਾਣਕਾਰਾਂ ਵਿਚ ਸੋਗ ਦੀ ਲਹਿਰ ਫੈਲ ਗਈ।¿;
ਮੇਜਰ ਸਿੰਘ ਆਪਣੀ ਸੂਝਵਾਨ ਅਤੇ ਗਿਆਨ ਵਰਧਕ ਰਿਪੋਰਟਿੰਗ ਲਈ ਜਾਣੇ ਜਾਂਦੇ ਸਨ। ਉਹ ਪੰਜਾਬੀ ਪੱਤਰਕਾਰੀ ਦੇ ਇਕ ਉੱਘੇ ਹਸਤਾਖ਼ਰ ਸਨ। ਉਨ੍ਹਾਂ ਹਮੇਸ਼ਾ ਆਪਣੀ ਕਲਮ ਰਾਹੀਂ ਪੰਜਾਬ ਦੇ ਭਖਦੇ ਮਸਲੇ ਚੁੱਕੇ। ਉਹ ਬੇਵਕਤੇ ਸਾਨੂੰ ਵਿਛੋੜਾ ਦੇ ਗਏ ਹਨ। ਪੰਜਾਬ ਨੇ ਬੇਜ਼ੁਬਾਨ ਲੋਕਾਂ ਦੀ ਆਵਾਜ਼ ਬਣਨ ਲਈ ਜਾਣਿਆ ਜਾਂਦਾ ਇਕ ਨੇਕਦਿਲ ਅਤੇ ਨਿਡਰ ਪੱਤਰਕਾਰ ਗੁਆ ਲਿਆ ਹੈ। ਉਨ੍ਹਾਂ ਦੇ ਚਲੇ ਜਾਣ ਨਾਲ ਪੰਜਾਬੀ ਪੱਤਰਕਾਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਸ. ਮੇਜਰ ਸਿੰਘ ਦੀ ਬੇਵਕਤੀ ਮੌਤ ’ਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪਿ੍ਰਤਪਾਲ ਸਿੰਘ, ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਅਮਰੀਕਨ ਸਿੱਖ ਕਾਕਸ ਕਮੇਟੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਅਤੇ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਦੇ ਮੈਨੇਜਿੰਗ ਡਾਇਰੈਕਟਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਤੋਂ ਅਰਦਾਸ ਕੀਤੀ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਪ੍ਰਮੁੱਖ ਆਗੂਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸ ਮੌਕੇ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਉੱਤਮ ਹਿੰਦੂ ਦੇ ਮੁੱਖ ਸੰਪਾਦਕ ਇਰਵਿਨ ਖੰਨਾ, ਰਮੇਸ਼ ਮਿੱਤਲ ਚੇਅਰਮੈਨ ਲਵਲੀ ਗਰੁੱਪ, ਤੇਜਿੰਦਰ ਸਿੰਘ ਬਿੱਟੂ ਚੇਅਰਮੈਨ ਪਨਸਪ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਵਿਧਾਇਕ ਰਜਿੰਦਰ ਬੇਰੀ, ਵਿਧਾਇਕ ਪ੍ਰਗਟ ਸਿੰਘ, ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ., ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਸਿੰਘ ਰੋੜੀ, ਗੋਲਡਨ ਸਟਾਰ ਮਲਕੀਤ ਸਿੰਘ, ਦਲਵਿੰਦਰ ਦਿਆਲਪੁਰੀ, ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਪਰਮਵੀਰ ਸਿੰਘ ਤੇ ਹਰਪ੍ਰੀਤ ਸਿੰਘ ਵਿੱਕਾ (ਡਾਇਰੈਕਟਰ ਸਰਬ ਮਲਟੀਪਲੈਕਸ), ਗੁਰਚਰਨ ਸਿੰਘ ਚੰਨੀ, ਡਾ. ਨਵਜੋਤ ਸਿੰਘ ਦਾਹੀਆ, ਹੈਪੀ ਸੰਧੂ, ਬਲਬੀਰ ਸਿੰਘ ਚੌਹਾਨ, ਸਤਨਾਮ ਸਿੰਘ ਮਾਣਕ, ਅਵਤਾਰ ਸਿੰਘ ਸ਼ੇਰਗਿੱਲ, ਸਿਮਰ ਸਦੋਸ਼, ਵਿਕਾਸ ਸਚਦੇਵਾ ਤੇ ਪੰਜਾਬ ਪ੍ਰੈੱਸ ਕਲੱਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਸਮੇਤ ਹੋਰਨਾਂ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸਾਹਿਤਕ ਤੇ ਪੱਤਰਕਾਰੀ ਖੇਤਰ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Share