#INDIA

ਬਲਾਤਕਾਰ ਤੇ ਅਗਵਾ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦਾ ਪੁੱਤਰ SIT ਵੱਲੋਂ ਗ੍ਰਿਫ਼ਤਾਰ

ਨਵੀਂ ਦਿੱਲੀ, 4 ਮਈ (ਪੰਜਾਬ ਮੇਲ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੇ ਪੁੱਤਰ ਐੱਚ.ਡੀ. ਰੇਵੰਨਾ ਨੂੰ ਕਰਨਾਟਕ ਪੁਲਿਸ ਦੀ ਐੱਸ.ਆਈ.ਟੀ. ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਕਈ ਔਰਤਾਂ ਨਾਲ ਬਲਾਤਕਾਰ ਅਤੇ ਅਗਵਾ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪਿਛਲੇ ਵੀਰਵਾਰ ਨੂੰ ਇੱਕ ਔਰਤ ਨੇ ਮੈਸੂਰ ਵਿਚ ਐੱਚ.ਡੀ. ਰੇਵੰਨਾ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰਵਾਇਆ ਸੀ ਅਤੇ ਉਸ ਨੂੰ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਐੱਸ.ਆਈ.ਟੀ. ਨੇ ਰੇਵੰਨਾ ਨੂੰ ਦੋ ਵਾਰ ਨੋਟਿਸ ਵੀ ਭੇਜਿਆ ਸੀ, ਇਸ ਦੇ ਬਾਵਜੂਦ ਵੀ ਉਹ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰੀ ਤੋਂ ਬਚਣ ਲਈ ਐੱਚ.ਡੀ. ਰੇਵੰਨਾ ਨੇ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਵੀ ਦਾਇਰ ਕੀਤੀ ਸੀ ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ‘ਤੇ ਅਗਲੀ ਸੁਣਵਾਈ 6 ਮਈ ਨੂੰ ਹੋਵੇਗੀ।
ਤੁਹਾਨੂੰ ਦੱਸ ਦੇਈਏ ਕਿ ਐੱਚ.ਡੀ. ਰੇਵੰਨਾ ਅਤੇ ਪ੍ਰਜਵਲ ਰੇਵੰਨਾ ਖ਼ਿਲਾਫ਼ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਅਤੇ ਸੀ.ਬੀ.ਆਈ. ਤੋਂ ਇੰਟਰਪੋਲ ਤੋਂ ਬਲੂ ਕਾਰਨਰ ਨੋਟਿਸ ਵੀ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ਐੱਚ.ਡੀ. ਰੇਵੰਨਾ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਕਿਹਾ ਸੀ ਕਿ ਉਸ ਨੂੰ ਇੱਕ ਹੋਰ ਮੌਕਾ ਦਿੱਤਾ ਜਾਵੇਗਾ ਅਤੇ ਧਾਰਾ 41 ਤਹਿਤ ਨੋਟਿਸ ਦਿੱਤਾ ਗਿਆ ਹੈ। ਉਸ ਨੂੰ ਐੱਸ.ਆਈ.ਟੀ. ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਜੇਕਰ ਉਹ 24 ਘੰਟਿਆਂ ਦੇ ਅੰਦਰ ਪੇਸ਼ ਨਹੀਂ ਹੋਇਆ, ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਬਿਲਕੁਲ ਉਹੀ ਹੋਇਆ, ਜੋ ਗ੍ਰਹਿ ਮੰਤਰੀ ਨੇ ਕਿਹਾ ਸੀ ਅਤੇ ਹੁਣ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।