ਚੰਡੀਗੜ੍ਹ, 6 ਮਈ (ਪੰਜਾਬ ਮੇਲ)- ਬਸਪਾ ਨੇ ਆਪਣੀ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਸਬੰਧੀ ਐਲਾਨ ਬਸਪਾ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕੀਤਾ। ਇਸ ਦੇ ਨਾਲ ਬਸਪਾ ਨੇ ਹੁਣ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਆਨੰਦਪੁਰ ਸਾਹਿਬ ਸੀਟ ਦੀ ਨੁਮਾਇੰਦਗੀ ਇਸ ਵੇਲੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਕਰ ਰਹੇ ਹਨ, ਜਿਨ੍ਹਾਂ ਨੂੰ ਹੁਣ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਗੜ੍ਹੀ ‘ਆਪ’ ਦੇ ਮਾਲਵਿੰਦਰ ਕੰਗ, ਕਾਂਗਰਸ ਦੇ ਵਿਜੈ ਇੰਦਰ ਸਿੰਗਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਮੁਕਾਬਲਾ ਕਰਨਗੇ। ਭਾਜਪਾ ਨੇ ਹਾਲੇ ਤੱਕ ਆਪਣੇ ਉਮੀਦਵਾਰ ਦਾ ਨਾਂ ਨਹੀਂ ਲਿਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।