-ਜਲੰਧਰ ਤੋਂ ਬਲਵਿੰਦਰ ਕੁਮਾਰ ਤੇ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਹੋਣਗੇ ਉਮੀਦਵਾਰ
ਜਲੰਧਰ, 15 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਪਾਰਟੀ ਵੱਲੋਂ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦੀ ਅਗਵਾਈ ਅਤੇ ਪਾਰਟੀ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜਲੰਧਰ ਤੋਂ ਬਲਵਿੰਦਰ ਕੁਮਾਰ ਅਤੇ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਮੁਤਾਬਕ ਜਲੰਧਰ ਤੋਂ ਹੁਣ ਬਲਵਿੰਦਰ ਕੁਮਾਰ ਭਾਜਪਾ ਦੇ ਸੁਸ਼ੀਲ ਰਿੰਕੂ ਨੂੰ ਟੱਕਰ ਦੇਣਗੇ, ਜਦਕਿ ਕਾਂਗਰਸ ਵੱਲੋਂ ਇਸ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਉਮੀਦਵਾਰ ਐਲਾਨਣ ਦੇ ਚਰਚੇ ਚੱਲ ਰਹੇ ਹਨ। ‘ਆਪ’ ਅਤੇ ਅਕਾਲੀ ਦਲ ਵੱਲੋਂ ਇਸ ਹਲਕੇ ਤੋਂ ਹਾਲੇ ਕੋਈ ਵੀ ਉਮੀਦਵਾਰ ਐਲਾਨਿਆ ਨਹੀਂ ਗਿਆ ਹੈ।
ਦੂਜੇ ਪਾਸੇ ਪਟਿਆਲਾ ਤੋਂ ਪਾਰਟੀ ਦੇ ਜਗਜੀਤ ਸਿੰਘ ਛੜਬੜ ਭਾਜਪਾ ਦੀ ਪਰਨੀਤ ਕੌਰ, ‘ਆਪ’ ਦੇ ਮੰਤਰੀ ਡਾ. ਬਲਬੀਰ ਸਿੰਘ ਤੇ ਅਕਾਲੀ ਦਲ ਦੇ ਐੱਨ.ਕੇ. ਸ਼ਰਮਾ ਨਾਲ ਮੁਕਾਬਲਾ ਕਰਨਗੇ। ਪਟਿਆਲਾ ਤੋਂ ਕਾਂਗਰਸ ਵੱਲੋਂ ਉਮੀਦਵਾਰ ਐਲਾਨੇ ਜਾਣ ਦੀ ਹਾਲੇ ਉਡੀਕ ਕੀਤੀ ਜਾ ਰਹੀ ਹੈ।
ਇਨ੍ਹਾਂ ਨਾਵਾਂ ਦੇ ਐਲਾਨ ਤੋਂ ਬਾਅਦ ਪਾਰਟੀ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਕੁਮਾਰੀ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਦੀਆਂ ਬਾਕੀ ਸੀਟਾਂ ਤੋਂ ਵੀ ਉਮੀਦਵਾਰਾਂ ਦਾ ਐਲਾਨ ਛੇਤੀ ਹੀ ਕਰ ਦਿੱਤਾ ਜਾਵੇਗਾ।