-2 ਮਾਰਚ ਨੂੰ ਕਰਵਾਇਆ ਜਾਵੇਗਾ ਸ਼ੁਕਰਾਨਾ ਸਮਾਗਮ
ਫਰੀਦਕੋਟ, 27 ਫਰਵਰੀ (ਪੰਜਾਬ ਮੇਲ)- ਬਹਿਬਲ ਕਲਾਂ ਇਨਸਾਫ਼ ਮੋਰਚਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਿਟ ਵੱਲੋਂ ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਚਾਰਜਸ਼ੀਟ ਦਾਖ਼ਲ ਕਰਨ ਤੋਂ ਬਾਅਦ ਬਹਿਬਲ ਕਲਾਂ ਇਨਸਾਫ਼ ਮੋਰਚੇ ਵੱਲੋਂ ਮੀਟਿੰਗ ਉਪਰੰਤ ਧਰਨਾ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੋਰਚੇ ਵੱਲੋਂ ਦੋ ਵੱਡੇ ਪ੍ਰੋਗਰਾਮ ਵੀ ਉਲੀਕੇ ਗਏ ਹਨ, ਜਿਸ ਦੀ ਜਾਣਕਾਰੀ ਮੋਰਚਾ ਸੰਚਾਲਕ ਅਤੇ ਆਗੂ ਸੁਖਰਾਜ ਸਿੰਘ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੋਰਚੇ ਵਾਲੀ ਥਾਂ ‘ਤੇ 2 ਮਾਰਚ ਨੂੰ ਸ਼ੁਕਰਾਨੇ ਵਜੋਂ ਅਖੰਡ ਪਾਠ ਆਰੰਭ ਕੀਤੇ ਜਾਣਗੇ ਅਤੇ 4 ਮਾਰਚ ਨੂੰ ਭੋਗ ਪਾਏ ਜਾਣਗੇ। ਇਸ ਲਈ ਮੋਰਚੇ ਵੱਲੋਂ ਅਖੰਡ ਪਾਠ ‘ਚ ਸੰਗਤ ਨੂੰ ਵੱਡੇ ਇਕੱਠ ਦੇ ਰੂਪ ‘ਚ ਪਹੁੰਚਣ ਦਾ ਸਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 5 ਮਾਰਚ ਨੂੰ ਮੋਰਚੇ ਵਾਲੀ ਥਾਂ ਤੋਂ ਇਕ ਕਾਫ਼ਲਾ ਸ਼ੁਕਰਾਨੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਰਵਾਨਾ ਹੋਵੇਗਾ ਅਤੇ ਉਸ ‘ਚ ਵੀ ਸੰਗਤ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਇਨ੍ਹਾਂ ਦੋ ਪ੍ਰੋਗਰਾਮਾਂ ਤੋਂ ਬਾਅਦ 6 ਮਾਰਚ ਨੂੰ ਮੋਰਚਾ ਸਮਾਪਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਵੱਲੋਂ ਫਰੀਦਕੋਟ ਅਦਾਲਤ ‘ਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੇਸ਼ ਕੀਤੀ ਗਈ ਇਸ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ। ਇਸ ਦੇ ਨਾਲ ਹੀ ਚਲਾਨ ਵਿਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ.ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।