#PUNJAB

ਬਹਿਬਲ ਕਲਾਂ ਗੋਲੀਕਾਂਡ: ਸਿੱਟ ਵੱਲੋਂ ਅਕਾਲੀ ਦਲ ਦਾ ਸਾਬਕਾ ਵਿਧਾਇਕ ਤਲਬ

-2015 ਦੇ ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਪੁੱਛਗਿੱਛ ਲਈ ਜਾਰੀ ਕੀਤਾ ਸੰਮਨ
ਫਰੀਦਕੋਟ, 7 ਜੁਲਾਈ (ਪੰਜਾਬ ਮੇਲ)- ਸਾਲ 2015 ਦੇ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਵਿਚ ਬੇਅਦਬੀ ਅਤੇ ਉਸ ਤੋਂ ਬਾਅਦ ਪੁਲਿਸ ਗੋਲੀਕਾਂਡ ਦੀਆਂ ਘਟਨਾਵਾਂ ਵਾਪਰੀਆਂ ਸਨ, ਉਦੋਂ ਮਨਤਾਰ ਸਿੰਘ ਬਰਾੜ ਕੋਟਕਪੂਰਾ ਹਲਕੇ ਤੋਂ ਵਿਧਾਇਕ ਸਨ।
ਦੱਸਣਾ ਬਣਦਾ ਹੈ ਕਿ ਅਕਤੂਬਰ 2015 ਵਿਚ ਫਰੀਦਕੋਟ ਦੇ ਪਿੰਡ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਹੋਈ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸਥਾਨਕ ਲੋਕਾਂ ਵੱਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਸ਼ਾਂਤਮਈ ਧਰਨੇ ਸ਼ੁਰੂ ਕੀਤੇ ਗਏ ਸਨ। 14 ਅਕਤੂਬਰ 2015 ਨੂੰ ਪੁਲਿਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਫਾਇਰਿੰਗ ਵਿਚ ਦੋ ਸਿੱਖ ਪ੍ਰਦਰਸ਼ਨਕਾਰੀਆਂ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ ਤੇ ਕਈ ਹੋਰ ਜ਼ਖਮੀ ਹੋ ਗਏ ਸਨ।
ਐੱਸ.ਆਈ.ਟੀ. ਨੇ ਹੁਣ ਉਸ ਸਮੇਂ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਗਠਜੋੜ ‘ਤੇ ਆਪਣਾ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਸਿਲਸਿਲੇ ਵਿਚ ਜਾਂਚ ਟੀਮ ਨੇ ਹਾਲ ਹੀ ਵਿਚ ਫਰੀਦਕੋਟ ਦੇ ਤਤਕਾਲੀ ਡਿਪਟੀ ਕਮਿਸ਼ਨਰ (ਡੀ.ਸੀ) ਐੱਮ.ਐੱਸ. ਜੱਗੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓ.ਐੱਸ.ਡੀ. ਤੋਂ ਵੀ ਪੁੱਛਗਿੱਛ ਕੀਤੀ ਹੈ, ਤਾਂ ਕਿ ਮੁੱਖ ਮੰਤਰੀ ਦਫ਼ਤਰ (ਸੀ.ਐੱਮ.ਓ.), ਸਥਾਨਕ ਸਿਆਸਤਦਾਨਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਵਿਚਕਾਰ ਹੋਈ ਗੱਲਬਾਤ ਦੇ ਰਿਕਾਰਡ ਨੂੰ ਖੰਘਾਲਿਆ ਜਾ ਸਕੇ।
ਮਨਤਾਰ ਸਿੰਘ ਬਰਾੜ ‘ਤੇ ਪਹਿਲਾਂ ਵੀ ਇਹ ਦੋਸ਼ ਲੱਗਦੇ ਰਹੇ ਹਨ ਕਿ ਉਹ ਪ੍ਰਦਰਸ਼ਨਾਂ ਦੌਰਾਨ ਸਥਾਨਕ ਪ੍ਰਸ਼ਾਸਨ ਅਤੇ ਸੂਬੇ ਦੀ ਉੱਚ ਲੀਡਰਸ਼ਿਪ ਵਿਚਕਾਰ ਇੱਕ ਅਹਿਮ ਕੜੀ ਵਜੋਂ ਕੰਮ ਕਰ ਰਹੇ ਸਨ। ਐੱਸ.ਆਈ.ਟੀ. ਦੇ ਮੈਂਬਰ ਅਤੇ ਡੀ.ਆਈ.ਜੀ. ਹਰਜੀਤ ਸਿੰਘ ਨੇ ਸੰਮਨ ਭੇਜੇ ਜਾਣ ਦੀ ਪੁਸ਼ਟੀ ਕੀਤੀ ਹੈ। ਜਾਂਚ ਟੀਮ ਹੁਣ ਮਨਤਾਰ ਸਿੰਘ ਬਰਾੜ ਦੇ ਫੋਨ ਰਿਕਾਰਡਾਂ, ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨਾਲ ਉਨ੍ਹਾਂ ਦੇ ਸੰਪਰਕਾਂ ਅਤੇ ਗੋਲੀ ਚੱਲਣ ਤੋਂ ਪਹਿਲਾਂ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਮਿਲੇ ਨਿਰਦੇਸ਼ਾਂ ਦੇ ਸਬੰਧ ਵਿਚ ਸਵਾਲ-ਜਵਾਬ ਕਰਨ ਦੀ ਤਿਆਰੀ ਵਿਚ ਹੈ।