ਬਹਿਬਲ ਕਲਾਂ ਗੋਲੀ ਕਾਂਡ: ਸੁਖਬੀਰ ਬਾਦਲ ‘ਸਿਟ’ ਅੱਗੇ ਪੇਸ਼ ਹੋਏ

90
-ਜਾਂਚ ਟੀਮ ਵੱਲੋਂ ਤਿੰਨ ਘੰਟੇ ਪੁੱਛ-ਪੜਤਾਲ; ਸੁਖਬੀਰ ਨੇ ‘ਆਪ’ ਤੇ ਲਾਏ ਗੰਭੀਰ ਦੋਸ਼
ਚੰਡੀਗੜ੍ਹ, 7 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇੱਥੇ ਪੰਜਾਬ ਪੁਲਿਸ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਏ। ਆਈ.ਜੀ. ਰੈਂਕ ਦੇ ਪੁਲਿਸ ਅਧਿਕਾਰੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸ਼੍ਰੀ ਬਾਦਲ ਤੋਂ ਤਿੰਨ ਘੰਟੇ ਪੁੱਛਗਿੱਛ ਕੀਤੀ। ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸ਼ਾਸਨ ਦੌਰਾਨ ਵਾਪਰੇ ਇਸ ਗੋਲੀ ਕਾਂਡ ਵਿਚ ਦੋ ਜਣਿਆਂ ਦੀ ਪੁਲਿਸ ਗੋਲੀ ਨਾਲ ਮੌਤ ਹੋ ਗਈ ਸੀ ਤੇ ਪੁਲਿਸ ਵੱਲੋਂ ‘ਅਣਪਛਾਤੇ ਪੁਲਿਸ ਕਰਮਚਾਰੀਆਂ’ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਸ਼੍ਰੀ ਬਾਦਲ ਉਸ ਵੇਲੇ ਅਕਾਲੀ-ਭਾਜਪਾ ਸਰਕਾਰ ਵਿਚ ਗ੍ਰਹਿ ਮੰਤਰੀ ਸਨ। ਇਸ ਲਈ ਪੁਲਿਸ ਵੱਲੋਂ ਇਸ ਮਾਮਲੇ ’ਤੇ ਅਕਾਲੀ ਦਲ ਦੇ ਪ੍ਰਧਾਨ ਤੋਂ ਸਮੁੱਚੀ ਪ੍ਰਕਿਰਿਆ ਅਤੇ ਘਟਨਾ ਨਾਲ ਸਬੰਧਤ ਸਵਾਲ ਪੁੱਛੇ ਗਏ। ਸਿਟ ਵੱਲੋਂ ਪੁੱਛਿਆ ਗਿਆ ਕਿ ਗ੍ਰਹਿ ਮੰਤਰੀ ਵਜੋਂ ਇਸ ਗੋਲੀ ਕਾਂਡ ਦੀ ਜਾਣਕਾਰੀ ਕਦੋਂ, ਕਿਵੇਂ ਅਤੇ ਕਿਸ ਰਾਹੀਂ ਮਿਲੀ। ਪੁਲਿਸ ਅਧਿਕਾਰੀਆਂ ਨੇ ਪੁੱਛਿਆ ਕਿ ਜਦੋਂ ਗ੍ਰਹਿ ਮੰਤਰੀ ਹੁੰਦਿਆਂ ਤੁਹਾਨੂੰ ਪਤਾ ਲੱਗ ਗਿਆ ਸੀ ਕਿ ਬਹਿਬਲ ਕਲਾਂ ਗੋਲੀ ਕਾਂਡ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ, ਤਾਂ ਉਸ ਤੋਂ ਬਾਅਦ ਕਿਸ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਪੁਲਿਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਿਟ ਵੱਲੋਂ ਕੀਤੇ ਜਿਨ੍ਹਾਂ ਸਵਾਲਾਂ ਦਾ ਜਵਾਬ ਦਿੱਤਾ ਗਿਆ ਹੈ, ਉਨ੍ਹਾਂ ਦੀ ਪ੍ਰਮਾਣਿਕਤਾ ਦੇਖੀ ਜਾਵੇਗੀ ਤੇ ਪੁਲਿਸ ਦਾ ਰਿਕਾਰਡ ਵੀ ਘੋਖਿਆ ਜਾਵੇਗਾ। ਇਸ ਮੌਕੇ ਸਿਟ ਦੇ ਮੈਂਬਰਾਂ ਵਜੋਂ ਬਟਾਲਾ ਦੇ ਐੱਸ.ਐੱਸ.ਪੀ. ਸਤਿੰਦਰ ਸਿੰਘ ਅਤੇ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਸਵਰਨਦੀਪ ਸਿੰਘ ਵੀ ਮੌਜੂਦ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਹਾਲੇ ਸ਼ੁਰੂ ਹੋਈ ਹੈ, ਜਿਸ ਦੀ ਰਿਪੋਰਟ ਲਈ ਉਡੀਕ ਕਰਨੀ ਪਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਜ਼ਿਆਦਾ ਲਮਕਾਉਣਾ ਨਹੀਂ ਚਾਹੁੰਦੀ, ਤਾਂ ਕਿ ਅਕਾਲੀਆਂ ਤੇ ਕਾਂਗਰਸੀਆਂ ਵਾਂਗ ਉਹ ਲੋਕਾਂ ਦੇ ਰੋਹ ਦਾ ਸ਼ਿਕਾਰ ਨਾ ਹੋ ਸਕੇ। ਜ਼ਿਕਰਯੋਗ ਹੈ ਕਿ ਪੁਲਿਸ ਗੋਲੀ ਦੀਆਂ ਇਨ੍ਹਾਂ ਦੋਹਾਂ ਘਟਨਾਵਾਂ ਦੇ ਮਾਮਲੇ ’ਤੇ ਵਿਰੋਧੀਆਂ ਵੱਲੋਂ ਬਾਦਲ ਪਰਿਵਾਰ ਨੂੰ ਲਗਾਤਾਰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਰਿਪੋਰਟ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਸਰਕਾਰ ਨੂੰ ਸੌਂਪੀ ਗਈ ਸੀ।
‘ਸਿਟ’ ਅੱਗੇ ਪੇਸ਼ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਚਾਹੁੰਦੇ ਹਨ ਕਿ ਇਨ੍ਹਾਂ ਕੇਸਾਂ ਦੇ ਸਾਰੇ ਦੋਸ਼ੀਆਂ ਨੂੰ ਫੜਿਆ ਜਾਵੇ ਤੇ ਸਜ਼ਾਵਾਂ ਮਿਲਣ ਪਰ ‘ਆਪ’ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ’ਤੇ ਚੱਲ ਰਹੀ ਹੈ ਤੇ ਜਾਂਚ ਦਾ ਸਿਆਸੀਕਰਨ ਕਰ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਕੇਸਾਂ ਵਿਚ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਤੇ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਸਿਆਸੀ ਬਦਲਾਖੋਰੀ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਸਿਟ ਨੇ ਜਿਹੜੇ ਸਵਾਲ ਪੁੱਛੇ, ਉਨ੍ਹਾਂ ਸਵਾਲਾਂ ਦੇ ਜਵਾਬ ਸਰਕਾਰ ਪਹਿਲਾਂ ਹੀ ਜਾਣਦੀ ਹੈ ਪਰ ਅਕਾਲੀ ਆਗੂ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀਆਂ ਵਿਸ਼ੇਸ਼ ਜਾਂਚ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹਨ।