#PUNJAB

ਬਹਿਬਲ-ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਮੁਲਤਵੀ; ਅਗਲੀ ਸੁਣਵਾਈ 5 ਫਰਵਰੀ ਨੂੰ

-ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਆਪਣੀ ਸਰਕਾਰ ‘ਤੇ ਸੇਧਿਆ ਨਿਸ਼ਾਨਾ
ਫਰੀਦਕੋਟ, 30 ਜਨਵਰੀ (ਪੰਜਾਬ ਮੇਲ)- ਇੱਥੇ ਸਪੈਸ਼ਲ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸੁਖਮਿੰਦਰ ਸਿੰਘ ਮਾਨ ਅਤੇ ਬਾਕੀ ਮੁਲਜ਼ਮ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਸੁਖਬੀਰ ਬਾਦਲ ਵੱਲੋਂ ਅਦਾਲਤ ਵਿਚ ਪੇਸ਼ ਹੋਏ ਸੀਨੀਅਰ ਵਕੀਲ ਆਰ.ਐੱਸ. ਚੀਮਾ ਨੇ ਕਿਹਾ ਕਿ ਘਟਨਾ ਵੇਲੇ ਸੁਖਬੀਰ ਬਾਦਲ ਕੋਟਕਪੂਰਾ ਜਾਂ ਬਹਿਬਲ ਵਿਚ ਮੌਜੂਦ ਨਹੀਂ ਸਨ, ਇਸ ਲਈ ਉਹ ਉਨ੍ਹਾਂ ਨੂੰ ਮਾਮਲੇ ਵਿਚੋਂ ਡਿਸਚਾਰਜ ਕਰਨ ਦੀ ਮੰਗ ਕਰਦੇ ਹਨ। ਇਸ ਮਾਮਲੇ ‘ਤੇ ਅਦਾਲਤ ਹੁਣ ਅਗਲੀ ਸੁਣਵਾਈ 5 ਫਰਵਰੀ ਨੂੰ ਕਰੇਗੀ। ਆਪਣੇ ਐਲਾਨ ਮੁਤਾਬਕ ਸਾਬਕਾ ਜਾਂਚ ਅਧਿਕਾਰੀ ਅਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੀ ਫਰੀਦਕੋਟ ਵਿਚ ਮੌਜੂਦ ਸਨ ਪ੍ਰੰਤੂ ਉਹ ਅਦਾਲਤ ਵਿਚ ਪੇਸ਼ ਨਹੀਂ ਹੋਏ। ਬਾਅਦ ਵਿਚ ਉਨ੍ਹਾਂ ਕਿਹਾ ਕਿ ਉਹ ਮਾਮਲੇ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣਗੇ।
ਉਨ੍ਹਾਂ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੇ ਕੁੱਝ ਗਵਾਹ ਮੁਲਜ਼ਮਾਂ ਨਾਲ ਕਥਿਤ ਤੌਰ ‘ਤੇ ਮਿਲ ਗਏ ਹਨ। ਉਨ੍ਹਾਂ ਆਪਣੀ ਹੀ ਸਰਕਾਰ ‘ਤੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਨੂੰ ਅਣਗੌਲਿਆ ਕਰਨ ਦਾ ਦੋਸ਼ ਵੀ ਲਾਇਆ। ਇਨ੍ਹਾਂ ਮਾਮਲਿਆਂ ਦੀ ਸੁਣਾਈ ਦੌਰਾਨ ਕੁਝ ਸਿੱਖ ਜਥੇਬੰਦੀਆਂ ਦੇ ਆਗੂ ਵੀ ਅਦਾਲਤ ਦੇ ਬਾਹਰ ਮੌਜੂਦ ਸਨ। ਸੂਤਰਾਂ ਅਨੁਸਾਰ ਇਨ੍ਹਾਂ ਆਗੂਆਂ ਨੂੰ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਬੁਲਾਇਆ ਗਿਆ ਸੀ ਅਤੇ ਜਦੋਂ ਉਨ੍ਹਾਂ ਪ੍ਰੈੱਸ ਕਾਨਫਰੰਸ ਕੀਤੀ, ਤਾਂ ਇਹ ਆਗੂ ਵੀ ਵਿਧਾਇਕ ਨਾਲ ਮੌਜੂਦ ਸਨ।