ਬਹਿਬਲ ਗੋਲੀਕਾਂਡ: ਪੁਲਿਸ ਨੇ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਥਾਂ ਬਿਨਾਂ ਕਾਰਨ ਚਲਾਈਆਂ ਸੀ ਗੋਲੀਆਂ

522
ਪਰਮਰਾਜ ਸਿੰਘ ਉਮਰਾਨੰਗਲ, ਸੁਮੇਧ ਸੈਣੀ,
Share

-ਉਮਰਾਨੰਗਲ ਤੇ ਸੈਣੀ ਦੀ ਗਲਤੀ ਕਾਰਨ ਵਾਪਰਿਆ ਬਹਿਬਲ ਕਾਂਡ
ਫ਼ਰੀਦਕੋਟ, 2 ਅਕਤੂਬਰ (ਪੰਜਾਬ ਮੇਲ)- ਬਹਿਬਲ ਗੋਲੀ ਕਾਂਡ ‘ਚ ਮੁੱਖ ਮੁਲਜ਼ਮ ਤੋਂ ਵਾਅਦਾ ਮੁਆਫ਼ ਗਵਾਹ ਬਣੇ ਇੰਸਪੈਕਟਰ ਪ੍ਰਦੀਪ ਸਿੰਘ ਦਾ ਬਿਆਨ ਜਨਤਕ ਹੋਣ ਤੋਂ ਬਾਅਦ ਖੁਲਾਸਾ ਹੋਇਆ ਹੈ ਕਿ ਜਿਹੜਾ ਮਸਲਾ ਪੰਜਾਬ ਪੁਲਿਸ ਗੱਲਬਾਤ ਰਾਹੀਂ ਹੱਲ ਕਰ ਸਕਦੀ ਸੀ, ਉਸ ਲਈ ਪੁਲਿਸ ਨੇ ਬਿਨਾਂ ਕਾਰਨ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਦੋ ਬੇਕਸੂਰ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ। ਇੰਸਪੈਕਟਰ ਪ੍ਰਦੀਪ ਸਿੰਘ ਘਟਨਾ ਵਾਲੇ ਦਿਨ ਬਹਿਬਲ ਕਲਾਂ ਧਰਨੇ ‘ਚ ਮੌਜੂਦ ਸੀ ਅਤੇ ਉਸ ਸਮੇਂ ਉਹ ਮੋਗਾ ਦੇ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੇ ਰੀਡਰ ਵਜੋਂ ਨਿਯੁਕਤ ਸਨ। ਪ੍ਰਦੀਪ ਸਿੰਘ ਨੂੰ ਵਿਸ਼ੇਸ਼ ਜਾਂਚ ਟੀਮ ਨੇ ਪਹਿਲਾਂ ਬਹਿਬਲ ਕਾਂਡ ‘ਚ ਮੁੱਖ ਮੁਲਜ਼ਮਾਂ ਵਿਚ ਸ਼ਾਮਿਲ ਕੀਤਾ ਸੀ ਪਰ ਬਾਅਦ ਵਿਚ ਇੰਸਪੈਕਟਰ ਪ੍ਰਦੀਪ ਸਿੰਘ ਨੇ ਵਾਅਦਾ ਮੁਆਫ਼ ਗਵਾਹ ਬਣਨ ਦੀ ਇੱਛਾ ਜ਼ਾਹਰ ਕੀਤੀ ਸੀ, ਜਿਸ ‘ਤੇ ਸਥਾਨਕ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ 15 ਸਤੰਬਰ 2020 ਨੂੰ ਉਨ੍ਹਾਂ ਨੂੰ ਵਾਅਦਾ ਮੁਆਫ਼ ਗਵਾਹ ਬਣਨ ਦੀ ਇਜਾਜ਼ਤ ਦੇ ਦਿੱਤੀ ਸੀ।
ਆਪਣੇ 19 ਸਫ਼ਿਆਂ ਦੇ ਬਿਆਨ ‘ਚ ਇੰਸਪੈਕਟਰ ਪ੍ਰਦੀਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਸ ਵੇਲੇ ਦੇ ਡੀ.ਜੀ.ਪੀ. ਸੁਮੇਧ ਸੈਣੀ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਦਾਇਤ ਕੀਤੀ ਸੀ ਕਿ ਬਹਿਬਲ ਕਲਾਂ ਸੜਕ ਤੋਂ ਧਰਨਾ ਹਰ ਹਾਲਤ ਵਿਚ ਚੁਕਵਾ ਦਿੱਤਾ ਜਾਵੇ ਅਤੇ ਜੇਕਰ ਲੋੜ ਪੈਂਦੀ ਹੈ, ਤਾਂ ਗੋਲੀਆਂ ਵੀ ਚਲਾਈਆਂ ਜਾਣ। ਇੰਸਪੈਕਟਰ ਪ੍ਰਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਬਹਿਬਲ ਗੋਲੀ ਕਾਂਡ ਡੀ.ਜੀ.ਪੀ. ਸੁਮੇਧ ਸੈਣੀ ਅਤੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੇ ਕਥਿਤ ਗਲਤ ਰਵੱਈਏ ਕਾਰਨ ਵਾਪਰਿਆ। ਵਾਅਦਾ ਮੁਆਫ਼ ਗਵਾਹ ਨੇ ਇਹ ਵੀ ਖੁਲਾਸਾ ਕੀਤਾ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਬਣਨ ਤੋਂ ਬਾਅਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਪੁਲਿਸ ਲਾਈਨ ਲੁਧਿਆਣਾ ‘ਚ ਉਨ੍ਹਾਂ ਸਾਰੇ ਅਫ਼ਸਰਾਂ ਦੀ ਮੀਟਿੰਗ ਬੁਲਾਈ ਸੀ, ਜਿਸ ਵਿਚ ਉਸ ਨੇ ਬਹਿਬਲ ਕਲਾਂ ਵਿਚ ਚੱਲੀਆਂ ਗੋਲੀਆਂ ਦੀ ਸੱਚਾਈ ਨੂੰ ਛੁਪਾਊਣ ਲਈ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਆਪੋ-ਆਪਣਾ ਗੋਲੀ ਸਿੱਕਾ ਤੇ ਕਾਰਤੂਸ ਪੂਰੇ ਕਰ ਲੈਣ, ਤਾਂ ਕਿ ਪੜਤਾਲ ਦੌਰਾਨ ਪੁਲਿਸ ਨਿਰਦੋਸ਼ ਸਾਬਿਤ ਹੋਵੇ।


Share