ਬਹਿਬਲ ਗੋਲੀਕਾਂਡ: ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

483
Share

ਫ਼ਰੀਦਕੋਟ, 10 ਫਰਵਰੀ (ਪੰਜਾਬ ਮੇਲ)- ਬਹਿਬਲ ਗੋਲੀਕਾਂਡ ਮਾਮਲੇ ’ਚ ਸਥਾਨਕ ਅਦਾਲਤ ਵਲੋਂ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਜ਼ਮਾਨਤਯੋਗ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ, ਜਦੋਂਕਿ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਨਿੱਜੀ ਪੇਸ਼ੀ ’ਤੇ ਛੋਟ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਵਲੋਂ ਬੀਤੇ ਵਰ੍ਹੇ ਸਤੰਬਰ ’ਚ ਪੁਲਿਸ ਦੇ ਦੋਵਾਂ ਆਲਾ ਅਧਿਕਾਰੀਆਂ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਸੀ ਤੇ ਬੀਤੀ 15 ਜਨਵਰੀ ਨੂੰ ਵਿਸ਼ੇਸ਼ ਜਾਂਚ ਟੀਮ ਵਲੋਂ ਦੋਵਾਂ ਵਿਰੁੱਧ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ’ਚ ਚਲਾਨ ਪੇਸ਼ ਕੀਤਾ ਗਿਆ ਸੀ। ਜੁਡੀਸ਼ੀਅਲ ਮੈਜਿਸਟ੍ਰੇਟ ਵਲੋਂ ਦੋਹਾਂ ਪੁਲਿਸ ਅਧਿਕਾਰੀਆਂ ਨੂੰ 9 ਫ਼ਰਵਰੀ ਨੂੰ ਨਿੱਜੀ ਤੌਰ ’ਤੇ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਅਦਾਲਤ ’ਚ ਦੋਵੇਂ ਪੁਲਿਸ ਅਧਿਕਾਰੀ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਅਦਾਲਤ ਵਲੋਂ ਪਹਿਲਾਂ ਤਾਂ ਦੋਵਾਂ ਅਧਿਕਾਰੀਆਂ ਦੇ ਜ਼ਮਾਨਤਯੋਗ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ, ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਆਈ.ਜੀ. ਉਮਰਾਨੰਗਲ ਦੀ ਸਥਾਨਕ ਅਦਾਲਤ ’ਚ ਨਿੱਜੀ ਪੇਸ਼ੀ ਤੋਂ ਛੋਟ ਦੇ ਹੁਕਮਾਂ ਤੋਂ ਬਾਅਦ ਸ਼ਾਮ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਵਲੋਂ ਆਈ.ਜੀ. ਉਮਰਾਨੰਗਲ ਦੇ ਗ੍ਰਿਫ਼ਤਾਰੀ ਦੇ ਹੁਕਮ ਵਾਪਸ ਲਏ ਗਏ। ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਤੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਇਸ ਮਾਮਲੇ ’ਚ ਪੇਸ਼ ਹੋਣ ਤੋਂ ਦੋ ਦਿਨ ਪਹਿਲਾਂ ਇਥੋਂ ਦੀ ਸੈਸ਼ਨ ਕੋਰਟ ’ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਿੱਤੀ ਗਈ ਸੀ ਅਤੇ ਗ੍ਰਿਫ਼ਤਾਰੀ ਉੱਪਰ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਸਥਾਨਕ ਸੈਸ਼ਨ ਕੋਰਟ ਵਲੋਂ ਬੀਤੇ ਦਿਨੀਂ ਸੁਣਵਾਈ ਕਰਦੇ ਹੋਏ ਉਮਰਾਨੰਗਲ ਤੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਉੱਪਰ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ। ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਦੀ ਸਥਾਨਕ ਅਦਾਲਤ ’ਚ ਨਿੱਜੀ ਪੇਸ਼ੀ ਤੋਂ ਛੋਟ ਸੰਬੰਧੀ ਆਦੇਸ਼ ਦੇਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਗਰੀਸ਼ ਅਗਨੀਹੋਤਰੀ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 26 ਫ਼ਰਵਰੀ ’ਤੇ ਰੱਖੀ ਗਈ ਹੈ।


Share