#PUNJAB

ਬਹਿਬਲ ਗੋਲੀ ਕਾਂਡ ਦੇ ਸ਼ਹੀਦਾਂ ਦੀ ਯਾਦ ‘ਚ ਸਮਾਗਮ

ਕੋਟਕਪੂਰਾ, 16 ਅਕਤੂਬਰ (ਪੰਜਾਬ ਮੇਲ)- ਸਾਲ 2015 ਵਿਚ ਬਹਿਬਲ ਕਲਾਂ ਗੋਲੀਕਾਂਡ ਦੌਰਾਨ ਸ਼ਹੀਦ ਹੋਏ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਸਰਾਵਾਂ ਦੀ ਸ਼ਹਾਦਤ ਦੇ ਅੱਠ ਸਾਲ ਮੁਕੰਮਲ ਹੋਣ ‘ਤੇ ਬਹਿਬਲ ਕਲਾਂ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਭਾਰਤੀ ਏਜੰਸੀਆਂ ਦੇਸ਼ ਅਤੇ ਵਿਦੇਸ਼ਾਂ ਅੰਦਰ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਸਿੱਖਾਂ ਦੀਆਂ ਸ਼ਹਾਦਤਾਂ ‘ਤੇ ਕੇਂਦਰ ਸਰਕਾਰ ਆਪਣੀ ਸਿਆਸੀ ਜ਼ਮੀਨ ਤਿਆਰ ਕਰਕੇ 2024 ਦੀਆਂ ਲੋਕ ਸਭਾ ਚੋਣਾਂ ਜਿੱਤਣਾ ਚਾਹੁੰਦੀ ਹੈ। ਭਾਰਤ ਵਿਚ ਘੱਟ ਗਿਣਤੀਆਂ ਨਾਲ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਆਖਿਆ ਕਿ ਬੇਅਦਬੀ ਅਤੇ ਸ਼ਹਾਦਤਾਂ ‘ਤੇ ਕੌਮਾਂ ਅੰਦਰ ਰੋਸ ਹੋਣਾ ਚਾਹੀਦਾ ਹੈ, ਜੋ ਇਸ ਸਮੇਂ ਦਿਖ ਨਹੀਂ ਰਿਹਾ। ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਸਾਰੀਆਂ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਬਹਿਬਲ ਕਲਾਂ ਗੋਲੀ ਕਾਂਡ ਦਾ ਚਲਾਨ ਪੇਸ਼ ਕਿਉਂ ਨਹੀਂ ਕੀਤਾ ਗਿਆ, ਕੀ ਸਰਕਾਰ ਦਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨਾਲ ਸਮਝੌਤਾ ਹੋ ਗਿਆ ਹੈ।

ਬੇਅਦਬੀ ਮਾਮਲੇ ‘ਤੇ ਸਰਕਾਰ ਤੋਂ ਇਨਸਾਫ਼ ਦੀ ਉਮੀਦ ਨਹੀਂ: ਕੁੰਵਰ ਵਿਜੈ ਪ੍ਰਤਾਪ
ਕੋਟਕਪੂਰਾ : ਬਹਿਬਲ ਕਲਾਂ ਗੋਲੀ ਕਾਂਡ ਵਿਚ ਮਾਰੇ ਗੁਰਜੀਤ ਸਿੰਘ ਬਿੱਟੂ ਸਰਾਵਾਂ ਦੀ ਬਰਸੀ ਉਸ ਦੇ ਜੱਦੀ ਪਿੰਡ ਸਰਾਵਾਂ ਵਿਚ ਮਨਾਈ ਗਈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਸ਼ਿਰਕਤ ਕੀਤੀ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਆਖਿਆ ਕਿ ਪੀੜਤ ਪਰਿਵਾਰਾਂ ਅਤੇ ਗਵਾਹਾਂ ਨੂੰ ਇਨਸਾਫ ਮਿਲਣ ਦੀ ਕੋਈ ਆਸ ਦਿਖਾਈ ਨਹੀਂ ਦੇ ਰਹੀ ਕਿਉਂਕਿ ਸਮੇਂ ਦੇ ਹਾਕਮ ਇਸ ਸਬੰਧੀ ਸੁਹਿਰਦ ਨਹੀਂ ਹਨ। ਇਸ ਕਰਕੇ ਇਨਸਾਫ ਦੀ ਉਮੀਦ ਨਾ ਰੱਖਿਓ। ਇਸ ਮੌਕੇ ਗੁਰਜੀਤ ਸਿੰਘ ਬਿੱਟੂ ਦੇ ਪਿਤਾ ਸਾਧੂ ਸਿੰਘ ਸਰਾਵਾਂ ਸਮੇਤ ਹੋਰ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।

Leave a comment