ਕੋਟਕਪੂਰਾ/ਜੈਤੋ, 7 ਅਪ੍ਰੈਲ (ਪੰਜਾਬ ਮੇਲ)-ਬਹਿਬਲ ਗੋਲੀ ਕਾਂਡ ਵਿਚ ਪੀੜਤਾਂ ਨੂੰ ਇਨਸਾਫ਼ ਨਾ ਮਿਲਣ ਅਤੇ ਇਸ ਕਾਂਡ ਵਿਚ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਸੱਤ ਸਾਲ ਬਾਅਦ ਵੀ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਬੁੱਧਵਾਰ ਨੂੰ ਪੀੜਤ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਨੇ ਸ਼ਾਹਰਾਹ ਨੰਬਰ-54 (ਬਠਿੰਡਾ-ਅੰਮਿ੍ਰਤਸਰ) ਨੂੰ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਨਸਾਫ਼ ਮੋਰਚੇ ’ਚ ਸ਼ਾਮਲ ਹੋਏ। ਸ਼੍ਰੀ ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਸਬੰਧੀ ਕੇਸ ਦੀ ਸੁਣਵਾਈ ਫਾਸਟ ਟਰੈਕ ਕੋਰਟ ਵਿਚ ਕਰਵਾਈ ਜਾਵੇ ਤਾਂ ਜੋ ਪੀੜਤ ਪਰਿਵਾਰਾਂ ਨੂੰ ਜਲਦੀ ਇਨਸਾਫ ਮਿਲੇ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਮਿਲਣ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਉਨ੍ਹਾਂ ਦੀ ਮੰਗ ਨੂੰ ਮੰਨ ਕੇ ਇਨਸਾਫ ਦਿਵਾਉਂਦੇ ਹਨ ਤਾਂ ਉਹ ਵੀ ਮਾਨ ਨਾਲ ਖੜ੍ਹਨਗੇ, ਨਹੀਂ ਤਾਂ ਮਾਨ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।¿;
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਕ ਬਿਆਨ ਦਾ ਹਵਾਲਾ ਦਿੰਦਿਆਂ ਸ਼੍ਰੀ ਸਿੱਧੂ ਨੇ ਆਖਿਆ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਸੀ ਕਿ ਇਨ੍ਹਾਂ ਸੰਜੀਦਾ ਮਸਲਿਆਂ ਦੀਆਂ ਪੜਤਾਲਾਂ ਹੋ ਚੁੱਕੀਆਂ ਹਨ। ਉਨ੍ਹਾਂ ਨੂੰ ਪਤਾ ਹੈ ਕਿ ਇਸ ਮਾਮਲੇ ਵਿਚ ਦੋਸ਼ੀ ਕੌਣ ਹਨ, ਸਰਕਾਰ ਆਉਣ ’ਤੇ 24 ਘੰਟਿਆਂ ਦੇ ਅੰਦਰ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ‘ਆਪ’ ਦੀ ਸਰਕਾਰ ਹੈ, ਇਸ ਲਈ ਹੁਣ ਪੰਜਾਬ ਸਰਕਾਰ ਇਨ੍ਹਾਂ ਸੰਜੀਦਾ ਮਾਮਲਿਆਂ ਦੀ ਸੁਣਵਾਈ ਕਰਵਾ ਕੇ ਦੋਸ਼ੀਆਂ ਨੂੰ ਬਣਦੀਆਂ ਸਜ਼ਾਵਾਂ ਦਿਵਾਏ।
ਫ਼ਰੀਦਕੋਟ ਤੋਂ ‘ਆਪ’ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਭਰੋਸਾ ਦਿਵਾਇਆ ਕਿ ਛੇਤੀ ਹੀ ਸਰਕਾਰ ਇਸ ਮਾਮਲੇ ਵਿਚ ਕਾਰਵਾਈ ਕਰੇਗੀ। ਉਨ੍ਹਾਂ ਵੱਲੋਂ ਇਸ ਸਬੰਧੀ ਉੱਚ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਾਇਮ ਕੀਤਾ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਪੀੜਤ ਪਰਿਵਾਰ ਦੇ ਮੈਂਬਰ ਸੁਖਰਾਜ ਸਿੰਘ ਅਤੇ ਸਾਧੂ ਸਿੰਘ ਨੇ ਕਿਹਾ ਕਿ ਸੱਤ ਸਾਲ ਬੀਤਣ ਮਗਰੋਂ ਵੀ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਇਸ ਮੌਕੇ ਪੰਥਕ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਸਿਆਸੀ ਧਿਰਾਂ ਨੇ ਬੇਅਦਬੀ ਅਤੇ ਬਹਿਬਲ ਕਾਂਡ ਦੇ ਮੁੱਦੇ ’ਤੇ ਹੁਣ ਤੱਕ ਸਿਰਫ਼ ਸਿਆਸਤ ਕੀਤੀ ਹੈ, ਪਰ ਇਨਸਾਫ਼ ਦਿਵਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ।¿;
ਆਗੂਆਂ ਨੇ ਕਿਹਾ ਕਿ ਬਠਿੰਡਾ-ਅੰਮਿ੍ਰਤਸਰ ਕੌਮੀ ਮਾਰਗ ਉਦੋਂ ਤੱਕ ਜਾਮ ਰਹੇਗਾ, ਜਦੋਂ ਤੱਕ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਦਾ। ਪੰਜਾਬ ਭਰ ਵਿਚੋਂ ਦੋ ਦਰਜਨ ਤੋਂ ਵੱਧ ਸਿੱਖ ਜਥੇਬੰਦੀਆਂ ਦੇ ਆਗੂ ਇਸ ਧਰਨੇ ਵਿਚ ਸ਼ਾਮਲ ਹੋਏ। ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਜਗਦੇਵ ਸਿੰਘ ਕਮਾਲੂ, ਹਰਵਿੰਦਰ ਸਿੰਘ ਲਾਡੀ, ਜੰਡਿਆਲਾ ਦੇ ਵਿਧਾਇਕ ਸੁਖਵਿੰਦਰ ਸਿੰਘ ਤੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਧਰਨੇ ’ਚ ਪਹੁੰਚੇ।