ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਸਮਾਗਮ ਆਰੰਭ

151
Share

ਬਾਬਾ ਬਕਾਲਾ ਸਾਹਿਬ/ਅੰਮਿ੍ਰਤਸਰ, 17 ਮਾਰਚ (ਪੰਜਾਬ ਮੇਲ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਲੜੀ ਤਹਿਤ ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਤਿੰਨ ਦਿਨ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ਪੰਜ ਹਜ਼ਾਰ ਸਹਿਜ ਪਾਠਾਂ ਦੇ ਭੋਗ ਨਾਲ ਹੋਈ। ਇਹ ਸਹਿਜ ਪਾਠ ਸੰਗਤਾਂ ਵੱਲੋਂ ਕੀਤੇ ਗਏ ਸਨ। ਇਸੇ ਦੌਰਾਨ ਬੀਤੇ ਕਰੀਬ ਇਕ ਮਹੀਨੇ ਤੋਂ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਵੀ ਸਮਾਪਤੀ ਕੀਤੀ ਗਈ। ਇਸ ਸਬੰਧ ’ਚ ਵਿਸ਼ਾਲ ਪੰਡਾਲ ਅੰਦਰ ਸਜਾਏ ਗਏ ਗੁਰਮਤਿ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਿਥੇ ਗੁਰਬਾਣੀ ਪਾਠ ਬੋਧ ਸਮਾਗਮ ਦੌਰਾਨ ਸੰਥਿਆ ਅਤੇ ਸੰਪੂਰਨ ਸਹਿਜ ਪਾਠ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਨੌਵੇਂ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਸੰਗਤ ਨੂੰ ਪ੍ਰੇਰਣਾ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦਾ 400 ਸਾਲਾ ਪ੍ਰਕਾਸ਼ ਗੁਰਪੁਰਬ 1 ਮਈ 2021 ਨੂੰ ਕੌਮਾਂਤਰੀ ਪੱਧਰ ਦੇ ਸਮਾਗਮ ਨਾਲ ਸ੍ਰੀ ਅੰਮਿ੍ਰਤਸਰ ਵਿਖੇ ਕੀਤਾ ਜਾਵੇਗਾ, ਜਿਸ ਤੋਂ ਪਹਿਲਾਂ ਪੂਰੇ ਦੇਸ਼ ਅੰਦਰ ਵੱਖ-ਵੱਖ ਸਮਾਗਮ ਸਜਾਏ ਜਾ ਰਹੇ ਹਨ। ਇਸੇ ਤਹਿਤ ਹੀ ਗੁਰੂ ਸਾਹਿਬ ਦੀ ਪਾਵਨ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਤਿੰਨ ਦਿਨ ਦੇ ਸਮਾਗਮ ਉਲੀਕੇ ਗਏ ਹਨ। ਇਨ੍ਹਾਂ ਸਮਾਗਮਾਂ ’ਚ 17 ਮਾਰਚ ਨੂੰ ਮਾਤਾ ਗੁਜਰੀ ਜੀ ਇਸਤਰੀ ਗੁਰਮਤਿ ਸਮਾਗਮ ਅਤੇ 18 ਮਾਰਚ ਨੂੰ ਮੁੱਖ ਸਮਾਗਮ ਹੋਵੇਗਾ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਧਰਮ ਦੀ ਰਖਵਾਲੀ ਲਈ ਆਪਣੀ ਸ਼ਹਾਦਤ ਦਿੱਤੀ ਸੀ, ਜਿਸ ਨੇ ਦੇਸ਼ ਦੀ ਤਕਦੀਰ ਅਤੇ ਤਸਵੀਰ ਬਦਲਣ ਦੇ ਨਾਲ-ਨਾਲ ਪੂਰੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਕ੍ਰਾਂਤੀਕਾਰੀ ਸੰਦੇਸ਼ ਦਿੱਤਾ।

Share