ਐੱਸ.ਏ.ਐੱਸ. ਨਗਰ (ਮੋਹਾਲੀ), 21 ਜਨਵਰੀ (ਪੰਜਾਬ ਮੇਲ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੀਤੇ ਦਿਨੀਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਭੁਗਤੀ। ਮੋਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕਰਦਿਆਂ 31 ਜਨਵਰੀ ਨੂੰ ਅਗਲੀ ਪੇਸ਼ੀ ਤੈਅ ਕੀਤੀ ਹੈ। ਇਸ ਮੌਕੇ ਸਰਕਾਰੀ ਅਤੇ ਬਚਾਅ ਪੱਖ ਦੇ ਵਕੀਲ ਹਾਜ਼ਰ ਸਨ। ਵਿਜੀਲੈਂਸ ਵੱਲੋਂ ਮਜੀਠੀਆ ਖ਼ਿਲਾਫ਼ ਚਲਾਨ ਪੇਸ਼ ਕੀਤਾ ਹੋਇਆ ਹੈ ਪਰ ਹਾਲੇ ਤੱਕ ਅਦਾਲਤ ਵਿਚ ਉਨ੍ਹਾਂ ਖ਼ਿਲਾਫ਼ ਦੋਸ਼ ਆਇਦ ਨਹੀਂ ਹੋ ਸਕੇ। ਮਜੀਠੀਆ ਦੇ ਵਕੀਲਾਂ ਵੱਲੋਂ ਕੇਸ ਦੀ ਸੁਣਵਾਈ ਖੁੱਲ੍ਹੀ ਅਦਾਲਤ ਵਿਚ ਅਤੇ ਲਾਈਵ ਸਟਰੀਮਿੰਗ ਚਲਾਉਣ ਲਈ ਵੀ ਦਰਖਾਸਤ ਦਿੱਤੀ ਗਈ ਹੈ।
ਇਸੇ ਦੌਰਾਨ ਮਜੀਠੀਆ ਦੇ ਨਜ਼ਦੀਕੀ ਹਰਪ੍ਰੀਤ ਸਿੰਘ ਗੁਲਾਟੀ ਨੇ ਵੀ ਇਸੇ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅਦਾਲਤ ਵੱਲੋਂ ਉਨ੍ਹਾਂ ਦੀ ਨਿਆਇਕ ਹਿਰਾਸਤ ਵਿਚ ਵੀ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਅਗਲੀ ਪੇਸ਼ੀ ਵੀ 31 ਜਨਵਰੀ ਨੂੰ ਤੈਅ ਹੋਈ ਹੈ।
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਵੱਲੋਂ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਕੇ ਮੋਹਾਲੀ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਬਾਰਾਂ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਰੱਖਣ ਮਗਰੋਂ 6 ਜੁਲਾਈ ਨੂੰ ਨਾਭਾ ਦੀ ਨਿਊ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ। ਮਜੀਠੀਆ ਵੱਲੋਂ ਆਪਣੀ ਜ਼ਮਾਨਤ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੋਈ ਹੈ ਅਤੇ ਦੇਸ਼ ਦੀ ਸਿਖ਼ਰਲੀ ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੋਇਆ ਹੈ।
ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ‘ਚ 14 ਦਿਨਾਂ ਦਾ ਵਾਧਾ

