ਓਟਵਾ, 4 ਜਨਵਰੀ (ਰਾਜ ਗੋਗਨਾ/ਪੰਜਾਬ ਮੇਲ)-ਲੱਖਾਂ ਭਾਰਤੀ ਵਿਦਿਆਰਥੀ ਸੁਨਹਿਰੀ ਭਵਿੱਖ ਲਈ ਵਿਦੇਸ਼ਾਂ ਵਿਚ ਪੜ੍ਹਨ ਲਈ ਜਾਂਦੇ ਹਨ ਪਰ ਇਸ ਦੌਰਾਨ ਕਈ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜੋ ਦਿਲ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਦਰਅਸਲ ਅਮਰੀਕਾ ਤੋਂ ਬਾਅਦ ਕੈਨੇਡਾ ਭਾਰਤੀ ਵਿਦਿਆਰਥੀਆਂ ਦੀ ਦੂਜੀ ਪਸੰਦ ਬਣਿਆ ਹੋਇਆ ਹੈ ਪਰ 2018 ਤੋਂ ਬਾਅਦ ਸਭ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਵੀ ਕੈਨੇਡਾ ਤੋਂ ਸਾਹਮਣੇ ਆ ਰਹੀਆਂ ਹਨ। ਇਸ ‘ਤੇ ਜਸਟਿਨ ਟਰੂਡੋ ਦੀ ਸਰਕਾਰ ਨੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਹਾਲਤ ਸੁਧਾਰਨ ਲਈ ਕਦਮ ਚੁੱਕ ਰਹੀ ਹੈ। ਨਵੇਂ ਫੈਸਲਿਆਂ ਨੂੰ 2024-25 ਅਕਾਦਮਿਕ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਲਾਗੂ ਕਰਨ ਦਾ ਟੀਚਾ ਹੈ। ਇਸ ਦੇ ਲਈ ਕੈਨੇਡਾ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਅਤੇ ਵਿਦਿਅਕ ਅਦਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।
ਇਕ ਨਿਊਜ਼ ਵੈੱਬਸਾਈਟ ਦੀ ਰਿਪੋਰਟ ਅਨੁਸਾਰ ਪਿਛਲੇ 5 ਸਾਲਾਂ ਵਿਚ ਵਿਦੇਸ਼ਾਂ ਵਿਚ 403 ਵਿਦਿਆਰਥੀਆਂ ਦੀ ਮੌਤ ਹੋਈ ਹੈ ਅਤੇ ਸਭ ਤੋਂ ਵੱਧ 91 ਭਾਰਤੀ ਵਿਦਿਆਰਥੀਆਂ ਦੀ ਮੌਤ ਕੈਨੇਡਾ ਵਿਚ ਹੋਈ ਹੈ। ਇਨ੍ਹਾਂ ਵਿਦਿਆਰਥੀਆਂ ਦੀ ਮੌਤ ਲਈ ਕੁਦਰਤੀ ਕਾਰਨ ਤੇ ਹਾਦਸਿਆਂ ਸਮੇਤ ਕਈ ਕਾਰਨ ਜ਼ਿੰਮੇਵਾਰ ਹਨ। ਭਾਰਤ ਦੇ ਵਿਦੇਸ਼ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੈਨੇਡਾ ਤੋਂ ਬਾਅਦ ਪਿਛਲੇ 5 ਸਾਲਾਂ ਵਿਚ ਬ੍ਰਿਟੇਨ ਵਿਚ 48, ਰੂਸ ਵਿਚ 40, ਅਮਰੀਕਾ ਵਿਚ 36 ਅਤੇ ਆਸਟਰੇਲੀਆ ਵਿਚ 35 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਵਿਦੇਸ਼ ਮੰਤਰਾਲਾ ਅਨੁਸਾਰ 2018 ਤੋਂ 2022 ਦਰਮਿਆਨ 5.67 ਲੱਖ ਭਾਰਤੀ ਵਿਦਿਆਰਥੀ ਕੈਨੇਡਾ ਵਿਚ ਪੜ੍ਹਨ ਲਈ ਗਏ ਹਨ ਅਤੇ ਇਸੇ ਸਮੇਂ ਦੌਰਾਨ ਅਮਰੀਕਾ ਵਿਚ ਪੜ੍ਹਨ ਲਈ ਗਏ ਵਿਦਿਆਰਥੀਆਂ ਦੀ ਗਿਣਤੀ 6.21 ਲੱਖ ਹੈ। ਇਸ ਤਰ੍ਹਾਂ ਅਮਰੀਕਾ ਤੋਂ ਬਾਅਦ ਕੈਨੇਡਾ ਹੁਣ ਭਾਰਤੀ ਵਿਦਿਆਰਥੀਆਂ ਦੀ ਦੂਜੀ ਪਸੰਦ ਬਣ ਗਿਆ ਹੈ।