ਅੰਮ੍ਰਿਤਸਰ, 16 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਵਿਚ ਦਰਸਾਈਆਂ ਜਾ ਰਹੀਆਂ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਬਾਹਰ ਜਾਣਕਾਰੀ ਭਰਪੂਰ ਫਲੈਕਸ ਬੋਰਡ ਲਗਾਏ ਗਏ ਹਨ।
ਇਨ੍ਹਾਂ ਫਲੈਕਸ ਬੋਰਡਾਂ ਵਿਚ ਸਰਕਾਰ ਵੱਲੋਂ ਬਣਾਏ ਗਏ ਐਕਟ ਸਬੰਧੀ ਕਈ ਪੰਥਕ ਇਤਰਾਜ਼ ਦਰਜ ਕੀਤੇ ਗਏ ਹਨ। ਬੋਰਡਾਂ ਅਨੁਸਾਰ ਐਕਟ ਵਿੱਚ ”ਕਸਟੋਡੀਅਨ” ਸ਼ਬਦ ਦੀ ਵਰਤੋਂ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ-ਸੰਭਾਲ ਨਾਲ ਜੁੜੀਆਂ ਧਿਰਾਂ, ਗ੍ਰੰਥੀ ਸਿੰਘਾਂ, ਅਖੰਡ ਪਾਠੀ ਸਿੰਘਾਂ, ਗੁਰਦੁਆਰਾ ਕਮੇਟੀਆਂ ਅਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੇ ਸ਼ਰਧਾਲੂਆਂ ਨੂੰ ਬੇਅਦਬੀ ਜਾਂ ਮਰਿਆਦਾ ਦੀ ਉਲੰਘਣਾ ਦੇ ਮਾਮਲਿਆਂ ਵਿਚ ਜ਼ਿੰਮੇਵਾਰ ਬਣਾਉਣ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ ਬੋਰਡਾਂ ਵਿਚ ਇਹ ਵੀ ਉਲੇਖ ਕੀਤਾ ਗਿਆ ਹੈ ਕਿ ਮਰਿਆਦਾ ਦੀ ਉਲੰਘਣਾ ਨੂੰ ਕਾਨੂੰਨੀ ਉਲੰਘਣਾ ਦੇ ਦਾਇਰੇ ਵਿਚ ਲਿਆ ਕੇ ਸੰਗਤਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਸਕਦਾ ਹੈ। ਨਾਲ ਹੀ ਪੁਲਿਸ ਨੂੰ ਗੁਰਦੁਆਰਾ ਸਾਹਿਬਾਨ ਦੇ ਅੰਦਰ ਸਿੱਧਾ ਦਖ਼ਲ ਦੇਣ ਦਾ ਰਾਹ ਖੁੱਲ੍ਹਣ, ਪੰਥਕ ਸ਼ਬਦਾਵਲੀ ਵਿਚ ਤਬਦੀਲੀਆਂ ਕਰਨ ਅਤੇ ਸੇਵਾ ਸੰਭਾਲ ਨਾਲ ਜੁੜੇ ਸ਼ਬਦਾਂ ਤੇ ਅਸਥਾਨਾਂ ਨੂੰ ਸਿੱਖ ਭਾਵਨਾਵਾਂ ਅਨੁਸਾਰ ਪਰਿਭਾਸ਼ਿਤ ਨਾ ਕਰਨ ਸਬੰਧੀ ਵੀ ਇਤਰਾਜ਼ ਦਰਜ ਕੀਤੇ ਗਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਹ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਸੰਜੀਦਾ ਮਾਮਲਾ ਹੈ। ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਐਕਟ ਬਾਰੇ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਵੱਲੋਂ ਗੰਭੀਰ ਇਤਰਾਜ਼ ਪ੍ਰਗਟ ਕੀਤੇ ਗਏ ਹਨ। ਇਨ੍ਹਾਂ ਗੰਭੀਰ ਇਤਰਾਜ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਣਾ ਬੇਹੱਦ ਜ਼ਰੂਰੀ ਹੈ। ਇਸੇ ਦੇ ਮੱਦੇਨਜ਼ਰ ਇਹ ਬੋਰਡ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਬਹੁਤ ਹੀ ਸੰਵੇਦਨਸ਼ੀਲ ਹਨ ਅਤੇ ਇਸ ਸਬੰਧੀ ਬਣਾਇਆ ਜਾਣ ਵਾਲਾ ਕੋਈ ਵੀ ਕਾਨੂੰਨ ਪੰਥਕ ਭਾਵਨਾਵਾਂ, ਗੁਰਮਤਿ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਅਨੁਸਾਰ ਹੋਣਾ ਲਾਜ਼ਮੀ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਸਬੰਧੀ ਜਾਗਰੂਕ ਰਹਿਣ ਅਤੇ ਪੰਥਕ ਏਕਤਾ ਤੇ ਸਿਧਾਂਤਾਂ ਦੀ ਰੱਖਿਆ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋਣ।
ਬੇਅਦਬੀ ਐਕਟ ਸਬੰਧੀ ਐੱਸ.ਜੀ.ਪੀ.ਸੀ. ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਫਲੈਕਸ ਬੋਰਡ

