ਬੇਅਦਬੀ ਕਾਂਡ: ਡੇਰੇ ਮੁਖੀ ਦੇ ਪ੍ਰਬੰਧਕੀ ਕੰਪਲੈਕਸ ’ਚ ਘੜੀ ਗਈ ਸੀ ਸਾਜ਼ਿਸ਼

267
Share

-ਸਿਟ ਨੇ ਡੇਰਾ ਮੁਖੀ ਦੀ ਗਿ੍ਰਫ਼ਤਾਰੀ ਨੂੰ ਦੱਸਿਆ ਜ਼ਰੂਰੀ
ਫਰੀਦਕੋਟ, 13 ਨਵੰਬਰ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਮੁਲਜ਼ਮ ਵਜੋਂ ਨਾਮਜ਼ਦ ਹੋਏ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਹੋਈ ਪੁੱਛ-ਪੜਤਾਲ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਬੇਅਦਬੀ ਦੀ ਸਾਜ਼ਿਸ਼ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ’ਚ ਰਚੀ ਗਈ ਸੀ ਅਤੇ ਇਹ ਸਾਜ਼ਿਸ਼ ਰਚਣ ਸਮੇਂ ਡੇਰਾ ਮੁਖੀ ਵੀ ਉੱਥੇ ਮੌਜੂਦ ਸੀ। ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਧਿਕਾਰੀਆਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਵਿਚ ਪੁੱਛ-ਪੜਤਾਲ ਕੀਤੀ ਗਈ ਸੀ ਪਰੰਤੂ ਉਸ ਨੇ ਸਵਾਲਾਂ ਦੇ ਸਹੀ ਜਵਾਬ ਨਹੀਂ ਦਿੱਤੇ ਅਤੇ ਅਸਲੀਅਤ ਛਿਪਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਬੇਅਦਬੀ ਕਾਂਡ ਵਿਚ ਡੇਰਾ ਮੁਖੀ ਦੀ ਗਿ੍ਰਫ਼ਤਾਰੀ ਲਾਜ਼ਮੀ ਹੈ। ਜਾਂਚ ਟੀਮ ਨੇ ਡੇਰਾ ਮੁਖੀ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਮੰਗ ਕਰਦਿਆਂ ਉਸ ਦੇ ਪ੍ਰੋਡਕਸ਼ਨ ਵਾਰੰਟਾਂ ਵਾਲੇ ਹੁਕਮ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਜਾਂਚ ਟੀਮ ਦੀ ਰਿਪੋਰਟ ਆਉਣ ਮਗਰੋਂ ਇਸ ਮਾਮਲੇ ਦੀ ਸੁਣਵਾਈ 17 ਦਸੰਬਰ ਲਈ ਨਿਸ਼ਚਿਤ ਕੀਤੀ ਹੈ। ਉਸ ਦਿਨ ਇਸ ਮਾਮਲੇ ਵਿਚ ਦੁਬਾਰਾ ਸੁਣਵਾਈ ਹੋਵੇਗੀ। ਇਸੇ ਦੌਰਾਨ ਪਤਾ ਲੱਗਾ ਹੈ ਕਿ ਵਿਸ਼ੇਸ਼ ਜਾਂਚ ਟੀਮ ਨੂੰ ਡੇਰਾ ਮੁਖੀ ਦੀ ਪੁੱਛ-ਪੜਤਾਲ ਤੋਂ ਬਾਅਦ ਅਹਿਮ ਸੁਰਾਗ ਮਿਲੇ ਹਨ ਅਤੇ ਉਨ੍ਹਾਂ ਬੇਅਦਬੀ ਕਾਂਡ ਦੀ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਕੁਝ ਅਹਿਮ ਵਿਅਕਤੀਆਂ ਤੋਂ ਵੀ ਬੇਅਦਬੀ ਕਾਂਡ ਬਾਰੇ ਪੁੱਛ-ਪੜਤਾਲ ਸੰਭਵ ਹੈ।
ਬਹਿਬਲ ਗੋਲੀ ਕਾਂਡ: ਅਦਾਲਤ ਵੱਲੋਂ ਅਗਲੀ ਸੁਣਵਾਈ 26 ਨਵੰਬਰ ਨੂੰ
ਫਰੀਦਕੋਟ, (ਪੰਜਾਬ ਮੇਲ)-ਬਹਿਬਲ ਗੋਲੀ ਕਾਂਡ ਮਾਮਲੇ ਦੀ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਸੁਣਵਾਈ ਹੋਈ, ਜਿੱਥੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਸਮੇਤ ਸਾਰੇ ਮੁਲਜ਼ਮ ਹਾਜ਼ਰ ਸਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 26 ਨਵੰਬਰ ਨੂੰ ਰੱਖੀ ਹੈ। ਉਸ ਦਿਨ ਮੁਲਜ਼ਮਾਂ ਵੱਲੋਂ ਦਿੱਤੀਆਂ ਗਈਆਂ ਅਰਜ਼ੀਆਂ ਉਪਰ ਬਹਿਸ ਹੋਵੇਗੀ। ਇਸੇ ਦਰਮਿਆਨ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿਚ ਫੋਰੈਂਸਿਕ ਜਾਂਚ ਰਿਪੋਰਟ ਦੀ ਨਕਲ ਡੇਰਾ ਪ੍ਰੇਮੀਆਂ ਨੂੰ ਨਹੀਂ ਦਿੱਤੀ ਜਾ ਸਕੀ। ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ 3 ਦਸੰਬਰ ਨੂੰ ਹੋਵੇਗੀ।

Share