ਬੇਅਦਬੀ ਕਾਂਡ: ਪੰਜਾਬ ਐਡੋਵਕੇਟ ਜਨਰਲ ਦਫ਼ਤਰ ਦੀ ਟੀਮ ਪੁੱਜੀ ਬਹਿਬਲ ਕਲਾਂ

155
Share

ਤਿੰਨ ਮਹੀਨਿਆਂ ’ਚ ਕਾਨੂੰਨੀ ਕਾਰਵਾਈ ਮੁਕੰਮਲ ਕਰਨ ਦਾ ਭਰੋਸਾ

ਫ਼ਰੀਦਕੋਟ, 10 ਅਪ੍ਰੈਲ (ਪੰਜਾਬ ਮੇਲ)- ਬੇਅਦਬੀ ਅਤੇ ਬਹਿਬਲ ਗੋਲੀ ਕਾਂਡ ਵਿੱਚ ਨਾਮਜ਼ਦ ਹੋਏ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਜਲਦ ਨਿਪਟਾਉਣ ਲਈ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੀ ਕਾਨੂੰਨੀ ਮਾਹਰਾਂ ਦੀ ਟੀਮ ਅੱਜ ਇੱਥੇ ਬਹਿਬਲ ਕਲਾਂ ਵਿੱਚ ਪੁੱਜੀ ਅਤੇ ਉਸ ਨੇ ਧਰਨੇ ’ਤੇ ਬੈਠੇ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਟੀਮ ਨੇ ਕਿਹਾ ਕਿ ਤਿੰਨ ਮਹੀਨਿਆਂ ਵਿਚ ਪੰਜਾਬ ਸਰਕਾਰ ਕਾਨੂੰਨੀ ਕਾਰਵਾਈ ਮੁਕੰਮਲ ਕਰਨ ਦੀ ਕੋਸ਼ਿਸ਼ ਕਰੇਗੀ। ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵੱਲੋਂ ਭੇਜੀ ਟੀਮ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਬਹਿਬਲ ਗੋਲੀਕਾਂਡ ਅਤੇ ਬੇਅਦਬੀ ਕਾਂਡ ਸਬੰਧੀ ਪਈਆਂ ਰਿੱਟਾਂ ਦਾ ਪਹਿਲ ਦੇ ਆਧਾਰ ’ਤੇ ਫ਼ੈਸਲਾ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਮਾਮਲਿਆਂ ਦੀ ਸੁਣਵਾਈ ਲਟਕਣ ਕਾਰਨ ਨਿਰਾਸ਼ ਪੀੜਤ ਪਰਿਵਾਰ ਨੇ ਛੇ ਅਪਰੈਲ ਨੂੰ ਬਠਿੰਡਾ ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਸੀ। ਜਾਮ ਖੁੱਲ੍ਹਵਾਉਣ ਲਈ ਪੰਜਾਬ ਸਰਕਾਰ ਦੀ ਟੀਮ ਨੇ ਅੰਦੋਲਨਕਾਰੀਆਂ ਨੂੰ ਭਰੋਸਾ ਦਿੱਤਾ ਸੀ ਕਿ ਅਗਲੇ ਤਿੰਨ ਦਿਨਾਂ ਵਿੱਚ ਕੇਸਾਂ ਦੇ ਨਿਪਟਾਰੇ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਅੱਜ ਇਹ ਟੀਮ ਆਪਣੀ ਰਣਨੀਤੀ ਤਿਆਰ ਕਰਕੇ ਅੰਦੋਲਨਕਾਰੀਆਂ ਕੋਲ ਪੁੱਜੀ।


Share