ਬੇਅਦਬੀ ਮਾਮਲੇ ‘ਚ ਗ੍ਰਿਫ਼ਤਾਰ 5 ਡੇਰਾ ਪ੍ਰੇਮੀਆਂ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦੇ ਆਦੇਸ਼

335
Share

ਫ਼ਰੀਦਕੋਟ, 28 ਜੁਲਾਈ (ਪੰਜਾਬ ਮੇਲ)-ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ‘ਚੋਂ 1 ਜੂਨ 2015 ਨੂੰ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਤੇ ਦੋ ਹੋਰ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਪੰਜ ਡੇਰਾ ਪ੍ਰੇਮੀਆਂ ਨੂੰ ਡਿਊਟੀ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਲੋਂ ਚਲਦੇ ਮੁਕੱਦਮੇ ਤੱਕ ਜ਼ਮਾਨਤ ‘ਤੇ ਰਿਹਾਅ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜਿਨ੍ਹਾਂ ‘ਚੋਂ 2 ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਅਤੇ ਸ਼ਕਤੀ ਸਿੰਘ ਨੂੰ ਪਹਿਲਾਂ ਹੀ ਇਨ੍ਹਾਂ ਮਾਮਲਿਆਂ ‘ਚ ਸੀ.ਬੀ.ਆਈ. ਮੁਹਾਲੀ ਦੀ ਅਦਾਲਤ ‘ਚੋਂ ਜ਼ਮਾਨਤ ਮਿਲੀ ਹੋਣ ਕਰਕੇ ਪੁਲਿਸ ਹਿਰਾਸਤ ‘ਚੋਂ ਰਿਹਾਅ ਕਰ ਦਿੱਤਾ ਗਿਆ ਸੀ ਅਤੇ ਬਾਕੀ ਦੇ ਪੰਜ ਡੇਰਾ ਪ੍ਰੇਮੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅਦਾਲਤੀ ਹਿਰਾਸਤ ‘ਚ ਜੇਲ੍ਹ ਭੇਜਿਆ ਗਿਆ ਸੀ। ਡੇਰਾ ਪ੍ਰੇਮੀਆਂ ਵਲੋਂ ਵਕੀਲ ਵਿਨੋਦ ਕੁਮਾਰ ਮਾਗਾ ਵਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਜੁਡੀਸ਼ੀਅਲ ਮੈਜਿਸਟਰੇਟ ਵਲੋਂ ਬੇਅਦਬੀ ਕਾਂਡ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜ ਡੇਰਾ ਪ੍ਰੇਮੀਆਂ ਰਣਜੀਤ ਸਿੰਘ ਭੋਲਾ, ਨਿਸ਼ਾਨ ਸਿੰਘ, ਰਣਦੀਪ ਸਿੰਘ ਨੀਲਾ, ਨਰਿੰਦਰ ਅਤੇ ਬਲਜੀਤ ਸਿੰਘ ਨੂੰ ਚਲਦੇ ਮੁਕੱਦਮੇ ਤੱਕ 50-50 ਹਜ਼ਾਰ ਰੁਪਏ ਦੀ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਦੂਜੇ ਪਾਸੇ ਕੋਟਕਪੂਰਾ ਗੋਲੀ ਕਾਂਡ ‘ਚ ਮੁਲਜ਼ਮ ਨਾਮਜ਼ਦ ਕੀਤੇ ਗਏ ਐੱਸ.ਪੀ. ਬਲਜੀਤ ਸਿੰਘ ਸਿੱਧੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਜਾਂਚ ‘ਚ ਸ਼ਾਮਿਲ ਹੋਣ ਦੇ ਆਦੇਸ਼ ਦਿੱਤੇ ਹਨ। ਜਸਟਿਸ ਅਨਿਲ ਕਸ਼ੇਤਰਪਾਲ ਨੇ ਐੱਸ.ਪੀ. ਸਿੱਧੂ ਨੂੰ ਹੁਕਮ ਦਿੱਤਾ ਹੈ ਕਿ ਉਹ 29 ਜੁਲਾਈ ਨੂੰ ਸਵੇਰੇ 10 ਵਜੇ ਜਾਂਚ ਟੀਮ ਦੇ ਦਫ਼ਤਰ ‘ਚ ਪੁੱਛਗਿੱਛ ਲਈ ਹਾਜ਼ਰ ਹੋਣ। ਨਾਲ ਹੀ ਅਦਾਲਤ ਨੇ ਜਾਂਚ ਟੀਮ ਨੂੰ ਆਦੇਸ਼ ਦਿੱਤੇ ਹਨ ਕਿ ਜੇਕਰ ਐੱਸ.ਪੀ. ਜਾਂਚ ‘ਚ ਸ਼ਾਮਲ ਹੁੰਦਾ ਹੈ, ਤਾਂ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਜਾਵੇਗਾ।


Share