#INDIA

ਬੇਅੰਤ ਸਿੰਘ ਕਤਲ ਮਾਮਲਾ; ਸੁਪਰੀਮ ਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ‘ਚ ਬਦਲਣ ਤੋਂ ਇਨਕਾਰ

-1995 ‘ਚ ਮੁੱਖ ਮੰਤਰੀ ਰਹਿੰਦਿਆਂ ਬੇਅੰਤ ਸਿੰਘ ਦਾ ਹੋਇਆ ਸੀ ਕਤਲ
ਨਵੀਂ ਦਿੱਲੀ, 3 ਮਈ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਕੇਂਦਰ ਨੂੰ ਭਵਿੱਖ ‘ਚ ਉੱਚਿਤ ਸਮੇਂ ‘ਤੇ ਉਸ ਦੀ ਦਇਆ ਪਟੀਸ਼ਨ ‘ਤੇ ਵਿਚਾਰ ਕਰਨ ਨੂੰ ਕਿਹਾ ਹੈ।
ਸੁਪਰੀਮ ਕੋਰਟ ਨੇ ਤਰਕ ਦਿੱਤਾ ਹੈ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸਮਰੱਥ ਅਥਾਰਿਟੀ ਫ਼ੈਸਲਾ ਕਰੇਗੀ। ਜਸਟਿਸ ਗਵਈ ਦੀ ਅਗਵਾਈ ਵਾਲੇ ਬੈਂਚ ਨੇ ਫ਼ੈਸਲਾ ਪੜ੍ਹਦਿਆਂ ਕਿਹਾ ਕਿ ਅਸੀਂ ਸਮਰੱਥ ਅਧਿਕਾਰੀਆਂ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਜਦੋਂ ਵੀ ਜ਼ਰੂਰੀ ਸਮਝੇ, ਫ਼ੈਸਲਾ ਲੈਣ ਲਈ ਆਖਦੇ ਹਾਂ। ਸੁਪਰੀਮ ਕੋਰਟ ਨੇ ਦੋਸ਼ੀ ਰਾਜੋਆਣਾ, ਕੇਂਦਰ ਅਤੇ ਹੋਰ ਸਬੰਧਤ ਧਿਰਾਂ ਦੀ ਸੁਣਵਾਈ ਤੋਂ ਬਾਅਦ ਇਸ ਸਾਲ 2 ਮਾਰਚ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਬਲਵੰਤ ਸਿੰਘ ਰਾਜੋਆਣਾ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ, ਜੋ ਕਿ ਮੌਲਿਕ ਅਧਿਕਾਰ ਦਾ ਵੀ ਉਲੰਘਣ ਹੈ। ਸੁਪਰੀਮ ਕੋਰਟ ਨੇ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਕੋਰਟ ਵਲੋਂ ਸੁਣਾਈ ਗਈ ਸਜ਼ਾ ਮੁਆਫ਼ ਕਰਨ ਦੀ ਮੰਗ ਕਰਦਿਆਂ ਰਾਜੋਆਣਾ ਵਲੋਂ ਪਟੀਸ਼ਨ ਦਾਇਰ ਹੋਈ ਸੀ। ਰਾਜੋਆਣਾ ਨੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਲਈ ਸੁਪਰੀਮ ਕੋਰਟ ‘ਚ ਗੁਹਾਰ ਲਾਈ ਗਈ ਸੀ। ਜਿਸ ਨੂੰ ਕੋਰਟ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਰਾਜੋਆਣਾ ਦੀ ਦਇਆ ਪਟੀਸ਼ਨ 2012 ਤੋਂ ਹੀ ਸਰਕਾਰ ਕੋਲ ਪੈਂਡਿੰਗ ਹੈ। ਕੇਂਦਰ ਸਰਕਾਰ ਉਸ ਦੀ ਪਟੀਸ਼ਨ ‘ਤੇ ਲੰਬੇ ਸਮੇਂ ਤੱਕ ਫ਼ੈਸਲਾ ਨਹੀਂ ਲੈ ਸਕੀ ਹੈ।
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਸਿਵਲ ਸਕੱਤਰੇਤ ਦੇ ਬਾਹਰ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। 31 ਅਗਸਤ 1995 ਨੂੰ ਬੇਅੰਤ ਸਿੰਘ ਦੀ ਕਾਰ ਨੂੰ ਹਮਲਾਵਰਾਂ ਨੇ ਉਡਾ ਦਿੱਤਾ ਸੀ। ਇਸ ਘਟਨਾ ‘ਚ ਬੇਅੰਤ ਸਿੰਘ ਤੋਂ ਇਲਾਵਾ 16 ਹੋਰ ਲੋਕਾਂ ਦੀ ਜਾਨ ਚਲੀ ਗਈ ਸੀ। ਬਲਵੰਤ ਸਿੰਘ ਰਾਜੋਆਣਾ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਨੇ 2007 ‘ਚ ਬੇਅੰਤ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਮੰਨਦਿਆਂ ਮੌਤ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ ਵੀ ਇਸ ਸਜ਼ਾ ਨੂੰ ਬਰਕਰਾਰ ਰੱਖਿਆ ਸੀ।

Leave a comment