15.1 C
Sacramento
Tuesday, October 3, 2023
spot_img

ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂ

– ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਉਣ ਦੇ ਆਦੇਸ਼
ਚੰਡੀਗੜ੍ਹ, 23 ਜੂਨ (ਪੰਜਾਬ ਮੇਲ)- ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਤਹਿਸੀਲਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਹੇਠਲੇ ਪੱਧਰ ਤੱਕ ਦੇ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਸਾਫ-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ ਅਤੇ ਅਜਿਹਾ ਨਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨਾਲ ਕਿਸੇ ਪ੍ਰਕਾਰ ਦੀ ਨਰਮੀ ਨਹੀਂ ਵਰਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸੇ ਸਾਲ ਅਪ੍ਰੈਲ ਮਹੀਨੇ ਵਿਚ ਸਿਰਫ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਜਾ ਚੁੱਕਾ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।
ਜ਼ਿਕਰਯੋਗ ਹੈ ਕਿ 15 ਜੂਨ ਤੱਕ ਹੈਲਪਲਾਈਨ ਨੰਬਰ ‘ਤੇ 1194 ਸ਼ਿਕਾਇਤਾਂ ਦਰਜ ਹੋਈਆਂ ਸਨ ਜਿਨ੍ਹਾਂ ‘ਚੋਂ 464 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। 533 ਸ਼ਿਕਾਇਤਾਂ ਨੂੰ ਰਹਿੰਦੇ ਸਮੇਂ ਵਿਚ ਹੱਲ ਕਰ ਲਿਆ ਜਾਵੇਗਾ। ਹੈਲਪਲਾਈਨ ਨੰਬਰ ‘ਤੇ ਜ਼ਿਆਦਾ ਸ਼ਿਕਾਇਤਾਂ ਇੰਤਕਾਲ ਸਬੰਧੀ, ਸਰਕਾਰੀ ਜ਼ਮੀਨਾਂ ਦੇ ਕਬਜ਼ੇ ਸਬੰਧੀ ਅਤੇ ਨਿਸ਼ਾਨਦੇਹੀ ਸਬੰਧੀ ਆਈਆਂ ਹਨ। ਜਿੰਪਾ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ 21 ਦਿਨਾਂ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸ਼ਿਕਾਇਤਾਂ ਦੀ ਨਿਪਟਾਰੇ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਹਦਾਇਤ ਕੀਤੀ ਕਿ ਜਲਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਏ ਜਾਣ ਤਾਂ ਜੋ ਆਮ ਲੋਕਾਂ ਵਿਚ ਇਸ ਸਬੰਧੀ ਹੋਰ ਜਾਗਰੂਕਤਾ ਆਵੇ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles