ਬ੍ਰਿਟੇਨ ਤੇ ਨਿਊਜ਼ੀਲੈਂਡ ਵੱਲੋਂ ਸ਼੍ਰੀਲੰਕਾ ਦੀ ਯਾਤਰਾ ਨੂੰ ਲੈ ਕੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

88
Share

ਕੋਲੰਬੋ, 7 ਜੁਲਾਈ (ਪੰਜਾਬ ਮੇਲ)- ਬ੍ਰਿਟੇਨ ਅਤੇ ਨਿਊਜ਼ੀਲੈਂਡ ਉਨ੍ਹਾਂ ਦੇਸ਼ਾਂ ਦੀ ਸੂਚੀ ਵਿਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਨੇ ਆਪਣੇ ਨਾਗਰਿਕਾਂ ਨੂੰ ਜ਼ਰੂਰੀ ਨਾ ਹੋਣ ’ਤੇ ਸ਼੍ਰੀਲੰਕਾ ਨਾ ਜਾਣ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ।
ਸ਼੍ਰੀਲੰਕਾ ਇਸ ਸਮੇਂ ਵੱਡੇ ਆਰਥਿਕ ਸੰਕਟ ਵਿਚੋਂ ਲੰਘ ਰਿਹਾ ਹੈ, ਇਸ ਕਰਕੇ ਉਥੇ ਜ਼ਰੂਰੀ ਚੀਜ਼ਾਂ ਦੀ ਕਮੀ ਹੋ ਗਈ ਹੈ ਅਤੇ ਹਿੰਸਕ ਝੜਪ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਦੇਸ਼ ਨੂੰ ਇਸ ਸਥਿਤੀ ਨਾਲ ਨਜਿੱਠਣ ਅਤੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਪੂਰਾ ਕਰਨ ਲਈ ਘੱਟ ਤੋਂ ਘੱਟ ਚਾਰ ਅਰਬ ਅਮਰੀਕੀ ਡਾਲਰ ਦੀ ਆਰਥਿਕ ਸਹਾਇਤਾ ਦੀ ਲੋੜ ਹੈ।
ਬ੍ਰਿਟੇਨ ਦੇ ਵਿਦੇਸ਼ ਮੰਤਰਾਲਾ ਨੇ ਬੁੱਧਵਾਰ ਨੂੰ ਸ਼੍ਰੀਲੰਕਾ ਨੂੰ ਆਪਣੀ ‘ਨੋ ਗੋ’ ਯਾਤਰਾ ਸੂਚੀ ਵਿਚ ਸ਼ਾਮਲ ਕੀਤਾ। ਬ੍ਰਿਟੇਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਸ਼੍ਰੀਲੰਕਾ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਰਸੋਈ ਗੈਸ, ਈਂਧਨ ਅਤੇ ਭੋਜਨ ਵਰਗੀਆਂ ਜ਼ਰੂਰੀ ਚੀਜ਼ਾਂ ਦੀ ਭਾਰੀ ਕਮੀ ਨਾਲ ਆਵਾਜਾਈ (ਪੇਟ੍ਰੋਲ ਅਤੇ ਡੀਜਲ) ਵਪਾਰ ਅਤੇ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਹਨ। ਹਰ ਰੋਜ਼ ਬਿਜਲੀ ਦੀ ਕਟੌਤੀ ਹੋ ਰਹੀ ਹੈ। ਮੰਤਰਾਲਾ ਨੇ ਕਿਹਾ, ‘‘ਇਸ ਨਾਲ ਵਿਰੋਧ ਪ੍ਰਦਰਸ਼ਨ ਅਤੇ ਹਿੰਸਕ ਅਜਿਹੀ ਸਥਿਤੀ ਪੈਦਾ ਹੋ ਗਈ ਹੈ। ਕਦੇ ਵੀ ਸੜਕਾਂ ’ਤੇ, ਹਿੰਸਕ ਵਿਰੋਧ ਪ੍ਰਦਰਸ਼ਨ ਆਦਿ ਹੋ ਸਕਦੇ ਹਨ। ਇਸੇ ਤਰ੍ਹਾਂ ਨਿਊਜ਼ੀਲੈਂਡ ਨੇ ਵੀ ਬੁੱਧਵਾਰ ਨੂੰ ਇਕ ਐਡਵਾਈਜ਼ਰੀ ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਸ਼੍ਰੀਲੰਕਾ ਦੀ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ।

Share