ਬੰਗਾ ਨੇੜਲੇ ਪਿੰਡ ਸ਼ੁਕਾਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਬੀਬੀ ਜਗੀਰ ਕੌਰ ਵੱਲੋਂ ਦੁਖ ਪ੍ਰਗਟ

103
Share

ਅੰਮ੍ਰਿਤਸਰ, 6 ਮਈ (ਪੰਜਾਬ ਮੇਲ)- ਬੰਗਾ ਨੇੜਲੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫਸੋਸ ਪ੍ਰਗਟ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਸੰਗਤਾਂ ਨੂੰ ਅਗਾਹ ਕੀਤਾ ਜਾਂਦਾ ਰਿਹਾ ਹੈ ਕਿ ਸੇਵਾਦਾਰ ਦੀ ਹਾਜ਼ਰੀ ਤੋਂ ਬਿਨਾਂ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੇ ਉਪਕਰਨ ਨਾ ਚਲਾਏ ਜਾਣ, ਪਰ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਅਜਿਹੀਆਂ ਹਿਰਦੇਵੇਦਕ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਬਿਜਲੀ ਨਾਲ ਚਲਣ ਵਾਲੇ ਜੰਤਰ ਗਰਮ ਹੋ ਕੇ ਅਜਿਹੀਆਂ ਘਟਨਾਵਾਂ ਦਾ ਕਾਰਨ ਬਣਦੇ ਹਨ।

ਬੀਬੀ ਜਗੀਰ ਕੌਰ ਨੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੇ ਜੰਤਰ ਉਨ੍ਹਾਂ ਸਮਾਂ ਹੀ ਚਲਾਏ ਜਾਣ ਜਦ ਤੱਕ ਸੰਗਤ ਦੀ ਆਮਦ ਤੇ ਸੇਵਾਦਾਰ ਹਾਜ਼ਰ ਹੋਵੇ ਤਾਂ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਭੇਜਣ ਬਾਰੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਕਹਿ ਦਿੱਤਾ ਗਿਆ ਹੈ।


Share