#PUNJAB

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ; ਗਿਆਨੀ ਰਘਬੀਰ ਸਿੰਘ ਦੇ ਦਖ਼ਲ ਮਗਰੋਂ ਪੰਜ ਮੈਂਬਰੀ ਕਮੇਟੀ ਦੇ ਵਖਰੇਵੇਂ ਦੂਰ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਮੇਲ)-ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਸਰਕਾਰ ਨਾਲ ਅਗਾਂਹ ਤੋਰਨ ਵਾਸਤੇ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਿਚ ਪੈਦਾ ਹੋਏ ਵਖਰੇਵੇਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਦਖ਼ਲ ਮਗਰੋਂ ਦੂਰ ਹੋ ਗਏ ਹਨ।
ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੋਵਾਂ ਨੂੰ ਪੱਤਰ ਲਿਖ ਕੇ ਆਪਣੇ ਵਖਰੇਵੇਂ ਦੂਰ ਕਰਨ ਅਤੇ ਕਮੇਟੀ ਦੇ ਗਠਨ ਦੇ ਮੰਤਵ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਜ਼ਿਕਰਯੋਗ ਹੈ ਕਿ ਇਸ ਕਮੇਟੀ ਦੇ ਮੈਂਬਰਾਂ ਵਿਚ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਆਪਸੀ ਵਖਰੇਵੇਂ ਉੱਭਰੇ ਸਨ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੋਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ, ਜਿਨ੍ਹਾਂ ਵਿਚ ਉਨ੍ਹਾਂ ਵੱਲੋਂ ਇਕ-ਦੂਜੇ ਖਿਲਾਫ਼ ਦੋਸ਼ ਲਾਏ ਗਏ ਸਨ। ਕਮੇਟੀ ਮੈਂਬਰਾਂ ਦਾ ਇਹ ਮਾਮਲਾ ਜਨਤਕ ਹੋਣ ਮਗਰੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਦੋਵਾਂ ਮੈਂਬਰਾਂ ਨਾਲ ਗੱਲਬਾਤ ਕਰ ਕੇ ਇਸ ਮਾਮਲੇ ਨੂੰ ਸ਼ਾਂਤ ਕੀਤਾ ਗਿਆ।
ਇਸ ਦੀ ਪੁਸ਼ਟੀ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਸ. ਕਾਲਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਫੋਨ ਆਇਆ ਸੀ ਅਤੇ ਪੱਤਰ ਵੀ ਭੇਜਿਆ ਗਿਆ ਸੀ। ਇਸੇ ਤਰ੍ਹਾਂ ਦਾ ਪੱਤਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਵੀ ਭੇਜਿਆ ਗਿਆ। ਉਨ੍ਹਾਂ ਜਥੇਦਾਰ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿਚ ਪੰਥ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਆਪਸੀ ਵਖਰੇਵੇਂ ਦੂਰ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜੋਆਣਾ ਦਾ ਮਾਮਲਾ ਤੇ ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੇ ਅਹਿਮ ਅਤੇ ਸੰਵੇਦਨਸ਼ੀਲ ਮਾਮਲੇ ਹਨ। ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸੇ ਤਰ੍ਹਾਂ ਸ਼੍ਰੀ ਵਲਟੋਹਾ ਨੇ ਵੀ ਜਥੇਦਾਰ ਦੇ ਦਖ਼ਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਇਸ ਮਾਮਲੇ ਵਿਚ ਆਪਸੀ ਸਾਰੇ ਵਖਰੇਵੇਂ ਛੱਡ ਦਿੱਤੇ ਹਨ ਤੇ ਇਸ ਸਬੰਧੀ ਸ਼੍ਰੀ ਕਾਲਕਾ ਨੂੰ ਵੀ ਜਾਣੂ ਕਰਵਾ ਦਿੱਤਾ ਹੈ। ਇਸ ਮਾਮਲੇ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਦਾ ਕੰਮ ਮੁੜ ਲੀਹ ‘ਤੇ ਆ ਗਿਆ ਹੈ।