ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ, ਪੰਜਾਬੀਆਂ ਨਾਲ ਕੀਤੇ ਵਾਅਦੇ

45
Share

ਲੁਧਿਆਣਾ, 15 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਪ੍ਰਣਾਮ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਵੀ ਯਾਦ ਕੀਤਾ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਧੀਆਂ ਬਾਰੇ ਬੋਲਦਿਆਂ ਕਿਹਾ ਕਿ ਹਰ ਧੀ ਨੂੰ ਤਰੱਕੀ ਕਰਨ ਦਾ ਪੂਰਾ ਹੱਕ ਹੈ ਅਤੇ ਸਾਨੂੰ ਧੀਆਂ ਨੂੰ ਪੂਰਾ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ‘ਚ ਹਰ ਵਾਰ ਇਹੀ ਖ਼ਬਰ ਆਉਂਦੀ ਹੈ ਕਿ ਕੁੜੀਆਂ ਨੇ ਮਾਰੀ ਬਾਜ਼ੀ ਅਤੇ ਕੁੜੀਆਂ ਪਹਿਲੇ ਨੰਬਰ ‘ਤੇ। ਉਨ੍ਹਾਂ ਕਿਹਾ ਕਿ ਕੁੜੀਆਂ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਪੁਰਖਿਆਂ ਦੀ ਔਲਾਦ ਹਾਂ, ਜਿਨ੍ਹਾਂ ਨੇ ਬਹੁਤ ਦੇਰ ਪਹਿਲਾਂ ਜਬਰ-ਜ਼ੁਲਮ ਖ਼ਿਲਾਫ਼ ਬੋਲਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਜੇ ਅਸੀਂ ਪੂਰੀ ਤਰ੍ਹਾਂ ਆਜ਼ਾਦ ਨਹੀਂ ਹੋਏ ਹਾਂ ਕਿਉਂਕਿ ਅਜੇ ਉਹ ਆਜ਼ਾਦੀ ਘਰਾਂ ਤੱਕ ਨਹੀਂ ਪਹੁੰਚੀ, ਜਿਹੜੀ ਸ਼ਹੀਦ ਭਗਤ ਸਿੰਘ ਨੇ ਆਪਣੇ ਸੁਫ਼ਨਿਆਂ ‘ਚ ਸੋਚੀ ਹੋਈ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਆਜ਼ਾਦੀ ਪਹੁੰਚੀ ਹੁੰਦੀ ਤਾਂ ਭ੍ਰਿਸ਼ਟਾਚਾਰ ਬਿਨਾਂ ਕੰਮ ਹੋ ਜਾਂਦੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੁੱਝ ਰਸੂਖ਼ਦਾਰ ਬੰਦੇ ਇਹ ਆਜ਼ਾਦੀ ਸਾਡੇ ਕੋਲੋਂ ਖੋਹ ਕੇ ਲੈ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਵਿਸ਼ਵ ਪੱਧਰੀ ਸਿੱਖਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਧੀਆਂ-ਪੁੱਤ ਵੱਡੀ ਪੜ੍ਹਾਈ ਕਰਕੇ ਵਿਦੇਸ਼ਾਂ ਨੂੰ ਭੱਜ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਟੇਡੀਅਮ ਬਣਾਵਾਂਗੇ ਅਤੇ ਸਪੋਰਟਸ ਕਾਲਜ ਖੋਲ੍ਹਾਂਗੇ, ਜਿਸ ਨਾਲ ਬੱਚਿਆਂ ਨੂੰ ਵਿਦੇਸ਼ਾਂ ‘ਚ ਜਾਣ ਦੀ ਲੋੜ ਨਹੀਂ ਪਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੂਰਨ ਆਜ਼ਾਦੀ ਉਸ ਦਿਨ ਹੋਵੇਗੀ, ਜਦੋਂ ਸਰਕਾਰੀ ਸਕੂਲਾਂ ‘ਚ ਸਾਡੇ ਬੱਚੇ ਪੜ੍ਹ ਕੇ ਵੱਡੀਆਂ-ਵੱਡੀਆਂ ਮੱਲਾਂ ਮਾਰਨ ਲੱਗ ਗਏ। ਉਨ੍ਹਾਂ ਕਿਹਾ ਕਿ ਅਸਲ  ਆਜ਼ਾਦੀ ਉਸ ਦਿਨ ਹੋਵੇਗੀ, ਜਦੋਂ ਪੰਜਾਬ ਦੇ ਖਿਡਾਰੀ ਓਲੰਪਿਕ ‘ਚ ਗੋਲਡ ਮੈਡਲ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ‘ਚ ਲੋਕਾਂ ਦਾ ਇਲਾਜ ਹੋਵੇਗਾ ਅਤੇ ਉਨ੍ਹਾਂ ਨੂੰ ਵੱਡੇ ਹਸਪਤਾਲਾਂ ‘ਚ ਜਾਣ ਦੀ ਲੋੜ ਨਹੀਂ ਪਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਟਾ-ਦਾਲ ਸਕੀਮ ਤਾਂ ਪੰਜਾਬ ‘ਚ ਚੱਲ ਹੀ ਰਹੀ ਹੈ ਪਰ ਸਾਰੇ ਲੋਕਾਂ ਨੂੰ ਖ਼ੁਦ ਕਮਾਉਣ ਦੇ ਯੋਗ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ‘ਚ ਇੰਡਸਟਰੀ ਨੂੰ ਉਤਸ਼ਾਹਿਤ ਕਰਾਂਗੇ। ਉਨ੍ਹਾਂ ਕਿਹਾ ਕਿ ਮੱਤੇਵਾੜਾ ਦੇ ਜੰਗਲ ਬਾਰੇ ਫ਼ੈਸਲਾ ਵਾਪਸ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੁੱਢੇ ਨਾਲੇ ਲਈ 650 ਕਰੋੜ ਦਾ ਬਜਟ ਰੱਖਿਆ ਗਿਆ ਹੈ ਅਤੇ ਬੁੱਢੇ ਨਾਲ ਦਾ ਪਾਣੀ ਬੜੀ ਜਲਦੀ ਬਿਲਕੁਲ ਸਾਫ਼ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਦੇ ਦਿਨ ਲੋਕਾਂ ਨੂੰ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਤਿਰੰਗਾ ਹਮੇਸ਼ਾ ਸਾਡੇ ਦਿਲਾਂ ‘ਚ ਵਸਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਜੋ ਉਨ੍ਹਾਂ ‘ਤੇ ਭਰੋਸਾ ਕੀਤਾ ਹੈ, ਉਹ ਉਨ੍ਹਾਂ ਦੇ ਮਾਣ ਨੂੰ ਤੋੜ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਨੂੰ ਨੌਕਰੀਆਂ ਮਿਲਣਗੀਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਅਤ ਸਾਫ਼ ਹੈ ਅਤੇ ਅੱਜ ਤੋਂ ਹਰ ਪੰਜਾਬੀ ਨੂੰ ਸਿਰਫ ਤਰੱਕੀ ਦੀਆਂ ਖ਼ਬਰਾਂ ਹੀ ਮਿਲਣਗੀਆਂ ਅਤੇ ਉਹ ਪੰਜਾਬੀਆਂ ਨੂੰ ਹਮੇਸ਼ਾ ਅੱਗੇ ਰੱਖਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਸੀਂ ਸਾਰਿਆਂ ਨੇ ਮਿਲ ਕੇ ਰੰਗਲਾ ਪੰਜਾਬ ਬਣਾਉਣਾ ਹੈ।


Share