#PUNJAB

ਭਾਈ ਰਾਜੋਆਣਾ ਵੱਲੋਂ ਜੇਲ੍ਹ ‘ਚ ਭੁੱਖ ਹੜਤਾਲ ਸ਼ੁਰੂ

ਪਟਿਆਲਾ, 6 ਦਸੰਬਰ (ਪੰਜਾਬ ਮੇਲ)- 27 ਸਾਲਾਂ ਤੋਂ ਇਥੋਂ ਦੀ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਸ ਨੇ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੀ ਸਵੇਰ ਦੀ ਰੋਟੀ ਨਹੀਂ ਫੜੀ। ਉਹ ਮੰਗ ਕਰ ਰਿਹਾ ਹੈ ਕਿ 12 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਈ ਜਾਵੇ। ਇਹ ਪਟੀਸ਼ਨ ਵਾਪਸ ਲੈਣ ਤੋਂ ਇਨਕਾਰ ਕਰਦੀਆਂ ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਦਿੱਲੀ ਵਿਚ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ। ਦੂਜੇ ਬੰਨ੍ਹੇ, ਇੱਕ ਦਿਨ ਪਹਿਲਾਂ ਹੀ ਸਾਬਕਾ ਮੰਤਰੀ ਬਿਕਰਮ ਮਜੀਠੀਆ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਭੁੱਖ ਹੜਤਾਲ ਟਾਲਣ ਲਈ ਰਾਜੋਆਣਾ ਨਾਲ ਮੁਲਾਕਾਤ ਵਾਸਤੇ ਆਏ ਸਨ ਪਰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਦੀ ਆਗਿਆ ਨਾ ਦਿੱਤੀ। ਇਸੇ ਦੌਰਾਨ ਸ਼੍ਰੀ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਜੇਲ੍ਹ ਵਿਚ ਮੁਲਾਕਾਤ ਕਰਨ ਲਈ ਪੁੱਜੀ।