#PUNJAB

ਭਾਜਪਾ ਐੱਸ.ਸੀ. ਮੋਰਚਾ ਦੇ ਨਵ-ਨਿਯੁਕਤ ਪ੍ਰਧਾਨ ਸ਼ੀਤਲ ਅੰਗੁਰਾਲਾ ਨੇ ਸੰਭਾਲਿਆ ਅਹੁਦਾ

-2027 ਦੀਆਂ ਚੋਣਾਂ ਦੇ ਮੱਦੇਨਜ਼ਰ ਹੇਠਲੇ ਪੱਧਰ ‘ਤੇ ਮੋਰਚੇ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੱਦਾ
ਚੰਡੀਗੜ੍ਹ, 4 ਸਤੰਬਰ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਦੇ ਐੱਸ.ਸੀ. ਮੋਰਚਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਸ਼ੀਤਲ ਅੰਗੁਰਾਲ ਨੇ ਅੱਜ ਪੰਜਾਬ ਭਾਜਪਾ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਆਪਣੀ ਨਵੀਂ ਜ਼ਿੰਮੇਵਾਰੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਉਨ੍ਹਾਂ ਨੇ ਸ਼ੀਤਲ ਅੰਗੁਰਾਲ ਨੂੰ ਉਨ੍ਹਾਂ ਦੇ ਦਫ਼ਤਰ ਵਿਚ ਰਸਮੀ ਤੌਰ ‘ਤੇ ਕੁਰਸੀ ‘ਤੇ ਬਿਠਾ ਕੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।
ਇਸ ਸਮਾਗਮ ਵਿਚ ਐੱਸ.ਸੀ. ਮੋਰਚਾ ਦੇ ਕੌਮੀ ਜਨਰਲ ਸਕੱਤਰ ਸੰਜੇ ਨਿਰਮਲ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਐੱਸ.ਸੀ. ਮੋਰਚਾ ਦੇ ਸਾਬਕਾ ਪ੍ਰਧਾਨ ਐੱਸ.ਆਰ. ਲੱਧੜ, ਕੌਮੀ ਸਕੱਤਰ ਸੰਤੋਖ ਸਿੰਘ ਗੁਮਟਾਲਾ, ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਸਮੇਤ ਐੱਸ.ਸੀ. ਮੋਰਚਾ ਦੇ ਅਹੁਦੇਦਾਰ, ਜ਼ਿਲ੍ਹਾ ਪੱਧਰੀ ਆਗੂ ਅਤੇ ਵੱਡੀ ਗਿਣਤੀ ‘ਚ ਭਾਜਪਾ ਵਰਕਰ ਹਾਜ਼ਰ ਸਨ।
ਸ਼ੀਤਲ ਅੰਗੁਰਾਲ ਨੂੰ ਵਧਾਈ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਇੱਕ ਮਿਹਨਤੀ, ਸਰਗਰਮ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਆਗੂ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅੰਗੁਰਾਲ ਦੀ ਅਗਵਾਈ ਹੇਠ ਐੱਸ.ਸੀ. ਮੋਰਚਾ ਪੰਜਾਬ ਦੇ ਕੋਨੇ-ਕੋਨੇ ਵਿਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਨੂੰ ਮੋਰਚੇ ਦੇ ਸਾਬਕਾ ਪ੍ਰਧਾਨਾਂ, ਵਿਸ਼ੇਸ਼ ਤੌਰ ‘ਤੇ ਐੱਸ.ਆਰ. ਲੱਧੜ ਅਤੇ ਹੋਰ ਸੀਨੀਅਰ ਆਗੂਆਂ ਦੇ ਤਜ਼ਰਬੇ ਅਤੇ ਸਹਿਯੋਗ ਤੋਂ ਲਾਭ ਉਠਾਉਣਾ ਚਾਹੀਦਾ ਹੈ।
ਢਿੱਲੋਂ ਨੇ ਕਿਹਾ ਕਿ ਐੱਸ.ਸੀ. ਭਾਈਚਾਰੇ ਨੇ ਪੰਜਾਬ ਅਤੇ ਦੇਸ਼ ਦੀ ਤਰੱਕੀ ਵਿਚ ਬਹੁਤ ਅਹਿਮ ਯੋਗਦਾਨ ਪਾਇਆ ਹੈ ਅਤੇ ਇਸ ਭਾਈਚਾਰੇ ਦੀ ਭਾਗੀਦਾਰੀ ਤੋਂ ਬਿਨਾਂ ਦੇਸ਼ ਦੇ ਸਰਬਪੱਖੀ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਸ੍ਰੀ ਗੁਰੂ ਰਵਿਦਾਸ ਜੀ ਅਤੇ ਬਾਪੂ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲਗਾਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿਚ ‘ਸਮਰਸਤਾ ਸੰਕਲਪ ਅਭਿਆਨ’ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਗੁਰੂ ਸਾਹਿਬ ਦੇ ਜਨਮ ਅਸਥਾਨ ਦੀ ਪਵਿੱਤਰ ਮਿੱਟੀ ਲੈ ਕੇ ਇੱਕ ਕਲਸ਼ ਯਾਤਰਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਰਹੀ ਹੈ।
ਸੂਬੇ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਹਰ ਫਰੰਟ ‘ਤੇ ਪਿੱਛੇ ਧੱਕ ਦਿੱਤਾ ਹੈ। ਸੂਬੇ ਵਿਚ ਨਸ਼ਿਆਂ, ਕਾਨੂੰਨ ਵਿਵਸਥਾ ਅਤੇ ਗੈਂਗਸਟਰਵਾਦ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ, ਜਦਕਿ ਨੌਜਵਾਨ, ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਅਧਿਆਪਕ ਸਮੇਤ ਸਮਾਜ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੀ ਉਮੀਦ ਨਾਲ ਭਾਜਪਾ ਵੱਲ ਦੇਖ ਰਹੇ ਹਨ, ਜਿਸ ਕਾਰਨ ਪਾਰਟੀ ਵਰਕਰਾਂ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ। ਵਰਕਰਾਂ ਨੂੰ ਇੱਕ ਪਾਸੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਨੂੰ ਜਨਤਾ ਸਾਹਮਣੇ ਨੰਗਾ ਕਰਨਾ ਪਵੇਗਾ, ਉੱਥੇ ਹੀ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੋਵੇਗਾ।
ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਦਾ ਸੱਦਾ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਪਾਰਟੀ ਵਰਕਰ ਪੂਰੀ ਲਗਨ ਨਾਲ ਮੈਦਾਨ ‘ਚ ਨਿੱਤਰੇ। 2027 ਦੀਆਂ ਚੋਣਾਂ ਸਿਰਫ਼ ਸਰਕਾਰ ਬਦਲਣ ਲਈ ਨਹੀਂ, ਸਗੋਂ ਪੰਜਾਬ ਨੂੰ ਮੁੜ ਵਿਕਾਸ, ਖ਼ੁਸ਼ਹਾਲੀ ਅਤੇ ਤਰੱਕੀ ਦੀ ਲੀਹ ‘ਤੇ ਲਿਆਉਣ ਦਾ ਸੰਕਲਪ ਹਨ। ਜੇਕਰ ਐੱਸ.ਸੀ. ਮੋਰਚਾ ਹੇਠਲੇ ਪੱਧਰ ‘ਤੇ ਪੂਰੀ ਤਾਕਤ ਨਾਲ ਕੰਮ ਕਰੇਗਾ, ਤਾਂ 2027 ਵਿਚ ਪੰਜਾਬ ਅੰਦਰ ਭਾਜਪਾ ਦੀ ਮਜ਼ਬੂਤ ਸਰਕਾਰ ਬਣਾਉਣ ਦਾ ਟੀਚਾ ਜ਼ਰੂਰ ਹਾਸਲ ਕੀਤਾ ਜਾ ਸਕਦਾ ਹੈ।