ਸ੍ਰੀ ਆਨੰਦਪੁਰ ਸਾਹਿਬ, 8 ਜੁਲਾਈ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਚੋਣ ਸਮਝੌਤੇ ਦੀਆਂ ਸੰਭਾਵਨਾਵਾਂ ਨੂੰ ਸਿਰੇ ਤੋਂ ਨਕਾਰਿਆ ਨਹੀਂ ਜਾ ਸਕਦਾ ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਈ ਵੀ ਚੋਣ ਸਮਝੌਤਾ ਸੂਬੇ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸਿਧਾਤਾਂ ‘ਤੇ ਆਧਾਰਿਤ ਹੋਵੇਗਾ। ਉਨ੍ਹਾਂ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਥ ਚਰਚਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਜਨੀਤੀ ‘ਚ ਸਭ ਕੁਝ ਸੰਭਵ ਹੈ ਪਰ ਇਸ ਸਬੰਧੀ ਮੀਡੀਆ ਰਿਪੋਰਟਾਂ ਗੁਮਰਾਹਕੁਨ ਹਨ। ਸ਼੍ਰੀ ਚੰਦੂਮਾਜਰਾ ਨੇ ਸੂਬਾ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਬੇਹੱਦ ਚਿੰਤਾਜਨਕ ਹੈ, ਸੂਬਾ ਸਰਕਾਰ ਵੱਲੋਂ ਰੁਜ਼ਗਾਰ ਦੇ ਨਾਂ ‘ਤੇ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਨੂੰ ਪੰਜਾਬ ਵਿਚ ਰੁਜ਼ਗਾਰ ਦਿੱਤਾ ਗਿਆ ਹੈ। ਇਸ ਵੇਲੇ ਸਨਅਤਕਾਰਾਂ ਦਾ ਸੂਬਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ, ਜਿਸ ਕਾਰਨ ਵਪਾਰੀ ਹੋਰਨਾਂ ਸੂਬਿਆਂ ਵਿਚ ਨਿਵੇਸ਼ ਕਰ ਰਹੇ ਹਨ।