#PUNJAB

ਭਾਜਪਾ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਇੰਚਾਰਜ ਨਿਯੁਕਤ

ਜਲੰਧਰ/ਚੰਡੀਗੜ੍ਹ, 11 ਫਰਵਰੀ (ਪੰਜਾਬ ਮੇਲ)- ਜਲੰਧਰ ਵਿਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਭਾਜਪਾ ਨੇ ਮੋਰਚਾ ਸੰਭਾਲ ਲਿਆ ਹੈ। ਭਾਵੇਂ ਅਜੇ ਤੱਕ ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਭਾਜਪਾ ਨੇ ਚੋਣ ਕਮਿਸ਼ਨ ਦੇ ਐਲਾਨ ਤੋਂ ਪਹਿਲਾਂ ਚੋਣ ਅਖਾੜਾ ਭਖਾਉਂਦੇ ਹੋਏ ਜਲੰਧਰ ਹਲਕੇ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਭਾਜਪਾ ਵਲੋਂ ਚੋਟੀ ਦੇ ਆਗੂ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਜਲੰਧਰ ਜ਼ਿਮਨੀ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਅਤੇ ਜੰਗੀ ਲਾਲ ਮਹਾਜਨ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ, ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਤੋਂ ਬਾਅਦ ਖਾਲ੍ਹੀ ਹੋਈ ਜਲੰਧਰ ਲੋਕ ਸਭਾ ਸੀਟ ‘ਤੇ ਭਾਵੇਂ ਅਜੇ ਤੱਕ ਚੋਣ ਕਮਿਸ਼ਨ ਵਲੋਂ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਪੱਧਰ ‘ਤੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।

Leave a comment