ਭਾਰਤੀ ਚੋਣ ਕਮਿਸ਼ਨ ਨੇ ਕੋਵਿਡ-19 ਦੌਰਾਨ ਸਟਾਰ ਪ੍ਰਚਾਰਕਾਂ ਦੀ ਗਿਣਤੀ ਘਟਾਈ

1008
ਚੰਡੀਗੜ, 8 ਅਕਤੂਬਰ (ਪੰਜਾਬ ਮੇਲ)- ਕੋਵਿਡ-19 ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਅੱਜ ਬਿਹਾਰ ਵਿਧਾਨਸਭਾ ਅਤੇ ਹੋਰ ਚੱਲ ਰਹੀਆਂ ਜਾਂ ਨੇੜਲੇ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਸਟਾਰ ਪ੍ਰਚਾਰਕਾਂ ਦੀਆਂ ਫੇਰੀਆਂ ਸਬੰਧੀ ਸੋਧੇ ਨਿਯਮ ਜਾਰੀ ਕੀਤੇ ਤਾਂ ਜੋ ਇਸ ਸੰਕਟਕਾਲੀ ਦੌਰ ਵਿੱਚ ਸਿਹਤ ਸੁਰੱਖਿਆ ਨੂੰ ਬਰਕਰਾਰ ਰੱਖਿਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਚੋਣ ਕਮਿਸ਼ਨ ਨੇ ਅੱਜ ਰਾਸ਼ਟਰੀ/ਸੂਬਾਈ ਰਾਜਨੀਤਕ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਦੀ ਗਿਣਤੀ ਘਟਾ ਦਿੱਤੀ ਹੈ । ਪਹਿਲਾਂ ਰਾਸ਼ਟਰੀ /ਸੂਬਾਈ ਰਾਜਨੀਤਕ ਪਾਰਟੀਆਂ ਲਈ 40 ਸਟਾਰ ਪ੍ਰਚਾਰਕ ਪ੍ਰਚਾਰ ਕਰ ਸਕਦੇ ਸਨ ਪਰ ਵਾਇਰਸ ਫੈਲਣ ਦੇ ਸੰਭਾਵੀ ਖ਼ਤਰੇ ਦਾ ਜਾਇਜ਼ਾ ਲੈਣ ਤੋਂ ਬਾਅਦ ਇਹ ਗਿਣਤੀ ਘਟਾ ਕੇ 30 ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਗੈਰ-ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਲਈ ਇਹ ਗਿਣਤੀ 20 ਦੀ ਥਾਂ 15 ਕਰ ਦਿੱਤੀ ਗਈ ਹੈ। ਕਮਿਸ਼ਨ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਮਾਂ ਕਰਵਾਉਣ ਦੀ ਮਿਆਦ ਵਿੱਚ ਵੀ ਸੋਧ ਕੀਤੀ ਹੈ ਹੁਣ ਨੋਟੀਫੀਕੇਸ਼ਨ ਵਾਲੀ ਮਿਤੀ ਤੋਂ 7-10 ਦਿਨਾਂ ਦੇ ਅੰਦਰ ਇਹ ਸੂਚੀ ਜਮਾਂ ਕਰਵਾਉਣੀ ਹੋਵੇਗੀ। ਉਨਾਂ ਦੱਸਿਆ ਕਿ ਜਿਨਾਂ ਰਾਜਨੀਤਕ ਪਾਰਟੀਆਂ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ  ਪਹਿਲਾਂ ਹੀ ਜਮਾਂ ਕਰਵਾ ਦਿੱਤੀ ਹੈ ਉਹ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਸੋਧੀ ਹੋਈ ਸੂਚੀ ਮੁੜ ਜਮਾਂ ਕਰਵਾ ਸਕਦੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਟਾਰ ਪ੍ਰਚਾਰਕਾਂ ਵਲੋਂ ਕੀਤੇ ਜਾਣ ਵਾਲੇ ਪ੍ਰਚਾਰ ਦੀ ਮਨਜ਼ੂਰੀ ਸਬੰਧੀ ਬੇਨਤੀਆਂ ਪ੍ਰਚਾਰ ਸ਼ੁਰੂ ਹੋਣ ਤੋਂ ਘੱਟੋ-ਘੱਟ 48 ਘੰਟੇ ਪਹਿਲਾਂ ਜ਼ਿਲਾ ਚੋਣ ਅਥਾਰਟੀਆਂ ਕੋਲ ਜਮਾਂ ਕਰਵਾਉਣੀਆਂ ਹੋਣਗੀਆਂ ਤਾਂ ਜੋ ਸਿਹਤ ਸੁਰੱਖਿਆ ਸਬੰਧੀ ਲੋੜੀਂਦੇ ਸਾਰੇ ਸੁਰੱਖਿਆ ਉਪਾਅ ਸਮੇਂ ਸਿਰ ਅਮਲ ਵਿੱਚ ਲਿਆਂਦੇ ਜਾ ਸਕਣ। ਚੋਣ ਕਮਿਸ਼ਨ ਦਾ ਵਫ਼ਦ ਜੋ ਪੋਲਿੰਗ ਦੀ ਤਿਆਰੀ ਦਾ ਜਾਇਜ਼ਾ ਲੈਣ ਬਿਹਾਰ ਗਿਆ ਸੀ, ਨੂੰ ਸਟਾਰ ਪ੍ਰਚਾਰਕਾਂ ਦੀ ਫੇਰੀ ਦੌਰਾਨ ਵੱਡੇ ਇਕੱਠਾਂ ਦੇ ਮਾਮਲੇ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਕਮਿਸ਼ਨ ਦੀ ਅੱਜ ਹੋਈ ਮੀਟਿੰਗ ਵਿੱਚ ਇਸ ਮਾਮਲੇ ਨੂੰ ਗਹੁ ਨਾਲ ਵਿਚਾਰਿਆ ਗਿਆ ਹੈ। ਮਹਾਂਮਾਰੀ ਦੇ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਾਰੇ ਤੱਥਾਂ ਅਤੇ ਹਾਲਤਾਂ ‘ਤੇ ਵਿਚਾਰ ਕਰਨ ਅਤੇ ਰਾਜਨੀਤਿਕ ਪਾਰਟੀਆਂ ਦੀਆਂ ਚੋਣ ਮੁਹਿੰਮ ਸਬੰਧੀ ਜ਼ਰੂਰਤਾਂ ਵਿਚਕਾਰ ਸੰਤੁਲਨ ਬਣਾਈ ਰੱਖਣ ਤੋਂ ਬਾਅਦ ਕਮਿਸ਼ਨ ਨੇ ਸਟਾਰ ਪ੍ਰਚਾਰਕਾਂ ਬਾਰੇ ਨਿਯਮਾਂ ‘ਤੇ ਮੁੜ ਵਿਚਾਰ ਕਰਨ ਦਾ ਫੈਸਲਾ ਲਿਆ ਗਿਆ ਹੈ।
ਬੁਲਾਰੇ ਨੇ ਅੱਗ ਕਿਹਾ ਕਿ ਅਜਿਹੇ ਪ੍ਰਚਾਰਕਾਂ ਵੱਲੋਂ ਚੋਣ ਪ੍ਰਚਾਰ ਕਰਨ ’ਤੇ ਕੀਤੇ ਖਰਚੇ ਨੂੰ ਕਿਸੇ ਵੀ ਉਮੀਦਵਾਰ ਦੇ ਚੋਣ ਖਰਚੇ ਵਿੱਚ ਸ਼ਾਮਲ ਕਰਨ ਤੋਂ ਛੋਟ ਦਿੱਤੀ ਗਈ ਹੈ।