#PUNJAB

ਭਾਰਤੀ ਚੋਣ ਕਮਿਸ਼ਨ ਵਲੋਂ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ : ਸਿਬਿਨ ਸੀ
ਚੰਡੀਗੜ੍ਹ, 12 ਜੂਨ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਨੇ ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ 13 ਵਿਧਾਨ ਸਭਾ ਹਲਕਿਆਂ ‘ਚ ਖਾਲੀ ਅਸਾਮੀਆਂ ਨੂੰ ਭਰਨ ਲਈ ਉਪ ਚੋਣਾਂ ਯਾਨੀ ਕਿ ਜ਼ਿਮਨੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਜਲੰਧਰ ਦੇ ਵੈਸਟ ਹਲਕੇ ਦੀ ਸੀਟ ਦੇ ਨਾਲ ਹਿਮਾਚਲ ਦੀਆਂ 3 ਵਿਧਾਨ ਸਭਾ ਸੀਟਾਂ ਸਮੇਤ ਦੇਸ਼ ਭਰ ਵਿਚ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐੱਸ.ਸੀ.) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।
ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।
ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐੱਸ.ਸੀ.) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।