-13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ
ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ (ਐੱਸ.ਸੀ.), ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ ਹੈ।
ਸਿਬਿਨ ਸੀ ਨੇ ਦੱਸਿਆ ਕਿ ਚਾਰੋਂ ਸੀਟਾਂ ਉੱਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਉਨ੍ਹਾਂ ਚਾਰ ਜ਼ਿਲ੍ਹਿਆਂ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ। ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 ਤੱਕ ਲਾਗੂ ਰਹੇਗਾ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ।
ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸੇ ਤਰ੍ਹਾਂ ਚੱਬੇਵਾਲ (ਐੱਸ.ਸੀ.) ਵਿਧਾਨ ਸਭਾ ਹਲਕੇ ਵਿਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉੱਧਰ 103-ਬਰਨਾਲਾ ਵਿਧਾਨ ਸਭਾ ਹਲਕੇ ਵਿਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਸਟੇਸ਼ਨ ਹਨ।