ਭਾਰਤ ਆਉਣ ਲਈ 20 ਹਜ਼ਾਰ ਪੰਜਾਬੀਆਂ ਨੇ ਕੇਂਦਰ ਸਰਕਾਰ ਕੋਲ ਆਪਣੇ ਨਾਂ ਦਰਜ ਕਰਵਾਏ

780

ਚੰਡੀਗੜ੍ਹ, 10 ਮਈ (ਪੰਜਾਬ ਮੇਲ)- ਕੋਰੋਨਾ ਦੇ ਕਹਿਰ ਵਿੱਚ ਵਿਦੇਸ਼ਾਂ ਤੋਂ ਆਉਣ ਵਾਲੇ 20 ਹਜ਼ਾਰ ਪੰਜਾਬੀਆਂ ਨੇ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਹੈ। ਸਰਕਾਰੀ ਅਧਿਕਾਰੀ ਇਸ ਨੂੰ ਲੈ ਕੇ ਕੋਈ ਵੀ ਗਲਤ ਨਹੀਂ ਕਰਨਾ ਚਾਹੁੰਦੇ ਜਿਸ ਨਾਲ ਮੁਸੀਬਤ ਹੋਰ ਵਧ ਜਾਏ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਇਨ੍ਹਾਂ ਨੂੰ ਪਹਿਲਾਂ ਇਕਾਂਤਵਾਸ ਸੈਂਟਰਾਂ ਵਿੱਚ ਰੱਖਿਆ ਜਾਏਗਾ। ਟੈਸਟ ਕਰਨ ਤੋਂ ਬਾਅਦ ਹੀ ਇਨ੍ਹਾਂ ਨੂੰ ਘਰ ਜਾਣ ਦੀ ਆਗਿਆ ਮਿਲੇਗੀ। ਸਿਹਤ ਵਿਭਾਗ ਦੇ ਨਿਯਮਾਂ ਮੁਤਾਬਕ ਕਰੋਨਾ ਦੌਰਾਨ ਇਨ੍ਹਾਂ ਸਾਰਿਆਂ ਨੂੰ ਇਥੇ ਆਉਂਦਿਆਂ ਹੀ 14 ਦਿਨਾਂ ਲਈ ਇਕਾਂਤਵਾਸ ਵਿਚ ਰੱਖਿਆ ਜਾਵੇਗਾ।
ਸਰਕਾਰੀ ਸੂਤਰਾਂ ਨੇ ਦੱਸਿਆ ਕਿ ਲੌਕਡਾਉਨ ਦੌਰਾਨ ਵੱਖ ਵੱਖ ਮੁਲਕਾਂ ਤੋਂ ਆਉਣ ਵਾਲੇ ਪੰਜਾਬੀਆਂ ਨੂੰ ਸ਼ਹਿਰਾਂ ਦੇ ਹੋਟਲਾਂ ਵਿੱਚ ਕੁਆਰਨਟੀਨ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸ਼ਹਿਰਾਂ ਦੇ ਹੋਟਲਾਂ ਵਿੱਚ ਲਗਪਗ ਤਿੰਨ ਹਜ਼ਾਰ ਕਮਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਵੱਖ ਵੱਖ ਮੁਲਕਾਂ ਵਿੱਚ ਗਏ ਪੰਜਾਬੀ ਆਪਣੇ ਘਰਾਂ ਨੂੰ ਪਰਤਣਾ ਚਾਹੁੰਦੇ ਹਨ। ਇਨ੍ਹਾਂ ਦੀ ਆਮਦ ਆਗਲੇ ਕੁਝ ਦਿਨਾਂ ਤੋਂ ਸ਼ੁਰੂ ਹੋ ਜਾਵੇਗੀ।

ਸੂਬੇ ਦੇ ਗ੍ਰਹਿ ਵਿਭਾਗ ਦੇ ਵਧੀਕ ਸਕੱਤਰ ਸਤੀਸ਼ ਚੰਦਰਾ ਮੁਤਾਬਕ 20 ਹਜ਼ਾਰ ਪੰਜਾਬੀਆਂ ਨੇ ਕੇਂਦਰ ਸਰਕਾਰ ਕੋਲ ਆਪਣੇ ਨਾਂ ਦਰਜ ਕਰਵਾਏ ਹਨ। ਇਨ੍ਹਾਂ ਨੂੰ ਇਕਾਂਤਵਾਸ ਵਿੱਚ ਭੇਜਣ ਲਈ ਸਰਕਾਰ ਹੋਟਲਾਂ ਦਾ ਪ੍ਰਬੰਧ ਕਰ ਰਹੀ ਹੈ। ਹੁਣ ਤਕ ਲਗਪਗ 1300 ਕਮਰਿਆਂ ਦਾ ਪ੍ਰਬੰਧ ਕੀਤਾ ਹੈ। ਇਸ ਸਬੰਧੀ ਪਹਿਲੀ ਉਡਾਣ 14 ਮਈ ਤੋਂ ਦੁਬਈ ਤੋਂ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਪੁੱਜੇਗੀ। ਦੁਬਈ ਤੋਂ ਇਲਾਵਾ ਯੂਕੇ, ਕੈਨੇਡਾ, ਆਸਟਰੇਲੀਆ ਤੇ ਹੋਰ ਮੁਲਕਾਂ ਤੋਂ ਵੀ ਪੰਜਾਬੀ ਵਾਪਸ ਆ ਰਹੇ ਹਨ।