#INDIA

ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ‘ਚ ਸ਼ਾਮਲ ਨਹੀਂ ਹੋਣਗੇ ਅਮਰੀਕੀ ਰਾਸ਼ਟਰਪਤੀ Joe Biden!

ਨਵੀਂ ਦਿੱਲੀ, 13 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਗਲੇ ਮਹੀਨੇ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਨਹੀਂ ਜਾਣਗੇ।
ਭਾਰਤ ‘ਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਸਤੰਬਰ ‘ਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ‘ਚ ਰਾਸ਼ਟਰਪਤੀ ਜੋਅ ਬਾਇਡਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਹੈ। ਮੰਨਿਆ ਜਾਂਦਾ ਹੈ ਕਿ ਵਾਸ਼ਿੰਗਟਨ ਨੇ ਨਵੀਂ ਦਿੱਲੀ ਨੂੰ ਦੱਸਿਆ ਹੈ ਕਿ ਰਾਸ਼ਟਰਪਤੀ ਬਾਇਡਨ ਗਣਤੰਤਰ ਦਿਵਸ ਸਮਾਰੋਹ ਲਈ ਭਾਰਤ ਨਹੀਂ ਜਾ ਸਕਣਗੇ, ਜਿਸ ਕਾਰਨ ਕੁਆਡ ਸਿਖਰ ਸੰਮੇਲਨ ਵੀ ਹਾਲ ਦੀ ਘੜੀ ਮੁਲਤਵੀ ਕੀਤਾ ਜਾ ਸਕਦਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-20 ਸਿਖਰ ਸੰਮੇਲਨ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਲਈ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਪਿਛਲੇ ਕੁੱਝ ਸਮੇਂ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਪੈਦਾ ਹੋਏ ਹਾਲਾਤਾਂ ਕਾਰਨ ਇਹ ਦੌਰਾ ਰੱਦ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਬਣਨ ਲਈ ਦਿੱਤਾ ਜਾਣ ਵਾਲਾ ਸੱਦਾ ਭਾਰਤ ਸਰਕਾਰ ਦੇ ਨਜ਼ਰੀਏ ਤੋਂ ਬਹੁਤ ਹੀ ਮਹੱਤਵਪੂਰਨ ਹੈ। ਇਹ ਰਸਮੀ ਸੱਦਾ ਆਮ ਤੌਰ ‘ਤੇ ਨੇਤਾਵਾਂ ਦੀ ਉਪਲਬੱਧਤਾ ਦਾ ਪਤਾ ਲਗਾਉਣ ਤੋਂ ਬਾਅਦ ਹੀ ਦਿੱਤਾ ਜਾਂਦਾ ਹੈ।
ਉਂਝ ਇਹ ਦੂਜੀ ਵਾਰ ਹੈ ਕਿ ਜਦੋਂ ਕੋਈ ਅਮਰੀਕੀ ਰਾਸ਼ਟਰਪਤੀ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਨਹੀਂ ਜਾ ਸਕਣਗੇ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਨਵਰੀ 2019 ਦੇ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਪਰ ਕਿਸੇ ਕਾਰਨ ਉਹ ਦੌਰਾ ਰੱਦ ਕਰ ਦਿੱਤਾ ਗਿਆ ਸੀ। ਉਸ ਮੌਕੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੂੰ ਸੱਦਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ 2015 ਵਿਚ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਇਨ੍ਹਾਂ ਜਸ਼ਨਾਂ ਵਿਚ ਹਿੱਸਾ ਲੈ ਚੁੱਕੇ ਹਨ।
ਭਾਰਤੀ ਅਤੇ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਮਰੀਕੀ ਰਾਸ਼ਟਰਪਤੀ ਦੀ ਅਣਉਪਲਬੱਧਤਾ ਨੂੰ ਮੌਜੂਦਾ ਹਾਲਾਤਾਂ ਦੇ ਕਿਸੇ ਪਰਛਾਵੇਂ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਆਡ ਗਰੁੱਪਿੰਗ ਨਿਸ਼ਚਿਤ ਤੌਰ ‘ਤੇ 2024 ਵਿਚ ਹੀ ਪੂਰੀ ਕੀਤੀ ਜਾਵੇਗੀ।