ਟੋਰਾਂਟੋ, 21 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੋਲੀ ਨੇ ਕਿਹਾ ਕਿ ਓਟਾਵਾ ‘ਚ ਭਾਰਤੀ ਹਾਈ ਕਮਿਸ਼ਨਰ ਨੂੰ ਇਕ ਸਿੱਖ ਵੱਖਵਾਦੀ ਆਗੂ ਦੇ ਕਤਲ ਵਿਚ ਸ਼ੱਕੀ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਦੇਸ਼ ਵਿਚ ਰਹਿੰਦੇ ਬਾਕੀ ਭਾਰਤੀ ਡਿਪਲੋਮੈਟ ਵੀ ‘ਸਪੱਸ਼ਟ ਤੌਰ ‘ਤੇ ਨੋਟਿਸ ‘ਤੇ’ ਹਨ।
ਜੋਲੀ ਨੇ ਕਿਹਾ ਕਿ ਸਰਕਾਰ ਅਜਿਹੇ ਕਿਸੇ ਵੀ ਡਿਪਲੋਮੈਟ ਨੂੰ ਬਰਦਾਸ਼ਤ ਨਹੀਂ ਕਰੇਗੀ, ਜੋ ਵਿਆਨਾ ਸੰਧੀ ਦੀ ਉਲੰਘਣਾ ਕਰੇਗਾ ਜਾਂ ਕੈਨੇਡੀਅਨ ਲੋਕਾਂ ਦੀ ਜਾਨ ਨੂੰ ਖਤਰੇ ਵਿਚ ਪਾਉਂਦਾ ਹੈ। ਭਾਰਤ ਨੇ ਸੋਮਵਾਰ 6 ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਅਤੇ ਐਲਾਨ ਕੀਤਾ ਕਿ ਉਹ ਕੈਨੇਡਾ ਵਿਚ ਆਪਣੇ ਹਾਈ ਕਮਿਸ਼ਨਰ ਨੂੰ ਵਾਪਸ ਬੁਲਾ ਰਿਹਾ ਹੈ। ਇਸ ਤੋਂ ਪਹਿਲਾਂ ਭਾਰਤ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਲਈ ਉਸ ਦਾ ਨਾਂ ਜੋੜਨ ਦੇ ਕੈਨੇਡਾ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ।