– ਇਸਲਾਮਾਬਾਦ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ
– ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਵੀਜ਼ੇ ਵੀ ਸਿਰਫ 29 ਅਪ੍ਰੈਲ ਤੱਕ ਹੋਣਗੇ ਵਾਜਬ
ਨਵੀਂ ਦਿੱਲੀ, 25 ਅਪ੍ਰੈਲ (ਪੰਜਾਬ ਮੇਲ)- ਜੰਮੂ-ਕਸ਼ਮੀਰ ਦੇ ਮਸ਼ਹੂਰ ਟੂਰਿਸਟ ਰਿਜ਼ਾਰਟ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਵੀਰਵਾਰ ਨੂੰ ਪਾਕਿਸਤਾਨ ਗਏ ਹੋਏ ਆਪਣੇ ਨਾਗਰਿਕਾਂ ਨੂੰ ਵਤਨ ਪਰਤ ਆਉਣ ਦੀ ਸਲਾਹ ਦਿੱਤੀ ਹੈ। ਗ਼ੌਰਤਲਬ ਹੈ ਕਿ ਇਸ ਦਹਿਸ਼ਤੀ ਹਮਲੇ ਵਿਚ 26 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।
ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿਚ ਹਮਲਾ, ਇਸ ਸਾਲ ਜੰਮੂ-ਕਸ਼ਮੀਰ ਵਿਚ ਪਹਿਲੀ ਵੱਡੀ ਅੱਤਵਾਦੀ ਘਟਨਾ ਹੈ, ਜੋ ਫਰਵਰੀ 2019 ਵਿਚ ਪੁਲਵਾਮਾ ਵਿਚ 40 ਸੈਨਿਕਾਂ ਦੇ ਮਾਰੇ ਜਾਣ ਤੋਂ ਬਾਅਦ ਸੰਭਵ ਤੌਰ ‘ਤੇ ਸਭ ਤੋਂ ਭਿਆਨਕ ਦਹਿਸ਼ਤੀ ਕਾਰਾ ਹੈ।
ਇੱਕ ਅਧਿਕਾਰਤ ਬਿਆਨ ਵਿਚ ਵਿਦੇਸ਼ ਮੰਤਰਾਲੇ (ਐੱਮ.ਈ.ਏ.) ਨੇ ਕਿਹਾ, ”ਭਾਰਤੀ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਕਰਨ ਤੋਂ ਬਚਣ ਦੀ ਸਖ਼ਤ ਸਲਾਹ ਦਿੱਤੀ ਜਾਂਦੀ ਹੈ। ਜਿਹੜੇ ਭਾਰਤੀ ਨਾਗਰਿਕ ਇਸ ਸਮੇਂ ਪਾਕਿਸਤਾਨ ਵਿਚ ਹਨ, ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਭਾਰਤ ਪਰਤ ਆਉਣ ਦੀ ਸਲਾਹ ਦਿੱਤੀ ਜਾਂਦੀ ਹੈ।”
ਇਸ ਦੌਰਾਨ, ਵਿਦੇਸ਼ ਮੰਤਰਾਲੇ ਦੇ ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਫ਼ੌਰੀ ਤੌਰ ‘ਤੇ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਬਿਆਨ ਵਿਚ ਕਿਹਾ ਗਿਆ ਹੈ, ”ਭਾਰਤ ਵੱਲੋਂ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਸਾਰੇ ਮੌਜੂਦਾ ਵਾਜਬ ਵੀਜ਼ੇ 27 ਅਪ੍ਰੈਲ, 2025 ਤੋਂ ਰੱਦ ਕਰ ਦਿੱਤੇ ਗਏ ਹਨ।”
ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਵੀਜ਼ੇ ਵੀ ਸਿਰਫ 29 ਅਪਰੈਲ, 2025 ਤੱਕ ਹੀ ਵਾਜਬ ਹੋਣਗੇ। ਬਿਆਨ ਮੁਤਾਬਕ, ”ਭਾਰਤ ਵਿਚ ਮੌਜੂਦ ਸਾਰੇ ਪਾਕਿਸਤਾਨੀ ਨਾਗਰਿਕਾਂ ਨੂੰ ਤਾਜ਼ਾ ਸੋਧੇ ਗਏ ਹੁਕਮਾਂ ਮੁਤਾਬਕ ਵੀਜ਼ੇ ਦੀ ਮਿਆਦ ਪੁੱਗਣ ਤੋਂ ਪਹਿਲਾਂ ਭਾਰਤ ਛੱਡ ਜਾਣਾ ਚਾਹੀਦਾ ਹੈ।”
ਭਾਰਤ ਵੱਲੋਂ ਆਪਣੇ ਨਾਗਰਿਕਾਂ ਨੂੰ ਪਾਕਿਸਤਾਨੋਂ ਪਰਤਣ ਦੀ ਸਲਾਹ
