ਭੁਲੱਥ ਤੋਂ ਕਾਂਗਰਸੀ ਆਗੂ ਰਣਜੀਤ ਰਾਣਾ ‘ਆਪ’ ’ਚ ਸ਼ਾਮਲ

249
ਚੰਡੀਗੜ੍ਹ ’ਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਰਾਘਵ ਚੱਢਾ।
Share

ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ)- ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਪਾਰਟੀ ਦੇ ਅੰਦਰੂਨੀ ਕਾਟੋ-ਕਲੇਸ਼ ਦੌਰਾਨ ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਬਣਨ ਤੋਂ ਇਕ ਦਿਨ ਬਾਅਦ ਹੀ ਕਾਂਗਰਸ ਨੂੰ ਭੁਲੱਥ ਤੋਂ ਵੱਡਾ ਝਟਕਾ ਲੱਗਿਆ ਹੈ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਰਹੇ ਰਣਜੀਤ ਸਿੰਘ ਰਾਣਾ ਅਤੇ ਭੁਲੱਥ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਸਿਮਰਨ ਸਿੰਘ ਘੁੰਮਣ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਾਂਗਰਸੀ ਆਗੂਆਂ ਦਾ ਪਾਰਟੀ ਵਿਚ ਸਵਾਗਤ ਕੀਤਾ।
ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਦੇ ਬਹੁ-ਗਿਣਤੀ ਲੋਕਾਂ ਵਾਂਗ ਉਹ ਵੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਦਿੱਲੀ ਵਿਚ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿਚ ਭਿ੍ਰਸ਼ਟਾਚਾਰ ਮੁਕਤ ਅਤੇ ਲੋਕ ਹਿਤੈਸ਼ੀ ਸਰਕਾਰ ਬਣਾਉਣ ਲਈ ਯਤਨਸ਼ੀਲ ਹਨ। ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਆਲੋਚਨਾ ਕਰਦਿਆਂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ‘ਆਪ’ ਵੱਲੋਂ ਜਿੱਤ ਪ੍ਰਾਪਤ ਕਰ ਕੇ ਵਿਧਾਇਕ ਖਹਿਰਾ ਨੇ ਲੋਕਾਂ ਦੇ ਫ਼ਤਵੇ ਨਾਲ ਧੋਖਾ ਕੀਤਾ ਹੈ। ਪੰਜਾਬ ਦੇ ਲੋਕ ਹੁਣ ਸੁਖਪਾਲ ਖਹਿਰਾ ’ਤੇ ਭਰੋਸਾ ਨਹੀਂ ਕਰਨਗੇ। ਇਸ ਮੌਕੇ ਰਾਣਾ ਦੇ ਸਮਰਥਨ ’ਚ ਪੰਚ-ਸਰਪੰਚ, ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਵੀ ‘ਆਪ’ ’ਚ ਸ਼ਾਮਲ ਹੋਏ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਪੰਜਾਬ ਅਤੇ ਲੋਕ ਮੁੱਦਿਆਂ ਦਾ ਨਹੀਂ, ਸਿਰਫ਼ ਆਪਣੀ ਕੁਰਸੀ ਦਾ ਫ਼ਿਕਰ ਹੈ। ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਕੁਝ ਨਹੀਂ ਕੀਤਾ। ਹੁਣ ਦੇਖਣ ਵਾਲੀ ਗੱਲ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਕੁਰਸੀ ’ਤੇ ਬੈਠ ਕੇ ਸਿੱਧੂ ਪੰਜਾਬ ਦੇ ਸਾਰੇ ਭਖਵੇਂ ਮੁੱਦਿਆਂ, ਭਿ੍ਰਸ਼ਟਾਚਾਰ, ਬੇਅਦਬੀ ਅਤੇ ਮਾਫ਼ੀਆ ਨਾਲ ਕਿੰਝ ਨਜਿੱਠਣਗੇ।

Share