ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਨੇ ਕੱਸੀ ਕਮਰ

143
ਮੁੱਖ ਮੰਤਰੀ ਭਗਵੰਤ ਮਾਨ।
Share

ਚੰਡੀਗੜ੍ਹ, 18 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੇ ਹੀ ਦਿਨ ਸੂਬੇ ’ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡਾ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ‘ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ’ ਨੰਬਰ ਜਾਰੀ ਕੀਤਾ ਜਾਵੇਗਾ ਜਿਸ ’ਤੇ ਲੋਕ ਰਿਸ਼ਵਤ ਮੰਗਣ ਵਾਲੇ ਅਧਿਕਾਰੀਆਂ ਦੀ ਆਡੀਓ ਜਾਂ ਵੀਡੀਓ ਭੇਜ ਸਕਣਗੇ। ਉਸ ਦੀ ਜਾਂਚ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਹੈਲਪਲਾਈਨ ਨੰਬਰ ਮੁੱਖ ਮੰਤਰੀ ਦਾ ਨਿੱਜੀ ਨੰਬਰ ਹੋਵੇਗਾ, ਜਿਸ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਜਾਰੀ ਕੀਤਾ ਜਾਵੇਗਾ। ਅਤੇ ਹੁਣ ਸੂਬੇ ਨੂੰ ਸੰਵਾਰਨ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ (ਆਪ) ਦੀ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹਰ ਪਾਸੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ, ਜਿਸ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ। ਸਮਾਜ ਵਿੱਚ ਪੱਸਰੇ ਭ੍ਰਿਸ਼ਟਾਚਾਰ ਦਾ ਖਾਤਮਾ ਜ਼ਰੂਰੀ ਹੈ। ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 99 ਫ਼ੀਸਦ ਅਧਿਕਾਰੀ ਇਮਾਨਦਾਰ ਹਨ ਜਦਕਿ ਇਕ ਫ਼ੀਸਦ ਅਧਿਕਾਰੀ ਹੀ ਬੇਈਮਾਨ ਹਨ। ਇਕ ਫ਼ੀਸਦ ਭ੍ਰਿਸ਼ਟ ਅਧਿਕਾਰੀਆਂ ਕਰਕੇ 99 ਫ਼ੀਸਦ ਇਮਾਨਦਾਰ ਅਧਿਕਾਰੀਆਂ ਨੂੰ ਬਦਨਾਮ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ, ‘ਮੈਂ ਇਮਾਨਦਾਰ ਅਧਿਕਾਰੀਆਂ ਦੇ ਨਾਲ ਖੜ੍ਹਾ ਹਾਂ।’

ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ ਨੂੰ ਵੀ ਪੁਰਾਣੀਆਂ ਸਰਕਾਰਾਂ ਨੇ ਪੈਸੇ ਕਮਾਉਣ ਦਾ ਜ਼ਰੀਆ ਬਣਾ ਰੱਖਿਆ ਸੀ ਪਰ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦਾ ਕੋਈ ਵੀ ਆਗੂ ਪੁਲੀਸ ਵਾਲਿਆਂ ਨੂੂੰ ਪੈਸਿਆਂ ਲਈ ਫੋਨ ਨਹੀਂ ਕਰੇਗਾ ਅਤੇ ਨਾ ਹੀ ਤਬਾਦਲੇ ਲਈ ਤੰਗ ਪ੍ਰੇਸ਼ਾਨ ਕਰੇਗਾ। ਹੁਣ ਹਫ਼ਤਾ ਵਸੂਲੀ ਲਈ ਕੋਈ ਵੀ ਆਗੂ ਅਧਿਕਾਰੀਆਂ ਨੂੰ ਪ੍ਰੇਸ਼ਾਨ ਨਹੀਂ ਕਰੇਗਾ ਅਤੇ ਲੋਕਾਂ ਦੇ ਕੰਮ ਇਮਾਨਦਾਰੀ ਨਾਲ ਹੋਣਗੇ। ਉਨ੍ਹਾਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਅਜਿਹਾ ਪ੍ਰਬੰਧ ਬਣਾਇਆ ਜਾ ਸਕੇ, ਜਿੱਥੇ ਲੋਕਾਂ ਦੇ ਕੰੰਮ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਹੋ ਸਕਣ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਦਿੱਲੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਜਦੋਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ 49 ਦਿਨਾਂ ਦੀ ਸਰਕਾਰ ਬਣੀ ਸੀ ਤਾਂ ਅਰਵਿੰਦ ਕੇਜਰੀਵਾਲ ਨੇ ‘ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ’ ਨੰਬਰ ਜਾਰੀ ਕੀਤਾ ਸੀ। ਉਸ ਦੇ ਨਤੀਜੇ ਵਜੋਂ ਅੱਜ ਦਿੱਲੀ ਵਿੱਚ ਭ੍ਰਿਸ਼ਟਾਚਾਰ ਖਤਮ ਹੋ ਗਿਆ ਹੈ।


Share