ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਸਿਹਤ ਮੰਤਰੀ ਵਿਜੈ ਸਿੰਗਲਾ ਗ੍ਰਿਫ਼ਤਾਰ, ਵਜ਼ਾਰਤ ‘ਚੋਂ ਛੁੱਟੀ

31
ਵਿਜੈ ਸਿੰਗਲਾ ਨੂੰ ਅਦਾਲਤ 'ਚ ਪੇਸ਼ ਕਰਨ ਲਿਜਾਂਦੀ ਹੋਈ ਪੁਲਿਸ।
Share

– 27 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ
– ਪੁਲਿਸ ਨੇ ਓ.ਐੱਸ.ਡੀ. ਨੂੰ ਵੀ ਕੀਤਾ ਕਾਬੂ
– ਨਿਗਰਾਨ ਇੰਜਨੀਅਰ ਦੀ ਸ਼ਿਕਾਇਤ ‘ਤੇ ਮੁਹਾਲੀ ਥਾਣੇ ‘ਚ ਕੇਸ ਦਰਜ

ਚੰਡੀਗੜ੍ਹ/ਮੁਹਾਲੀ, 25 ਮਈ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਪੰਜਾਬ ਕੈਬਨਿਟ ਵਿਚੋਂ ਬਾਹਰ ਕਰ ਦਿੱਤਾ ਹੈ। ਵਿਜੈ ਸਿੰਗਲਾ ਨੂੰ ਸਿਹਤ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਖ਼ਰੀਦੋ-ਫਰੋਖ਼ਤ ਲਈ ਇਕ ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ਾਂ ਹੇਠ ਬਰਖਾਸਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਵਿਜੈ ਸਿੰਗਲਾ ਦੀ ਭ੍ਰਿਸ਼ਟਾਚਾਰ ‘ਚ ਸ਼ਮੂਲੀਅਤ ਬਾਰੇ ਸਾਰੇ ਸਬੂਤ ਮੌਜੂਦ ਹਨ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਾ ਕਰਨ ਦੀ ਆਪਣੀ ਨੀਤੀ ‘ਤੇ ਦ੍ਰਿੜ੍ਹ ਹੈ। ਪੰਜਾਬ ਪੁਲਿਸ ਦੇ ਭ੍ਰਿਸ਼ਟਾਚਾਰ ਵਿਰੋਧੀ ਸੈੱਲ ਨੇ ਡਾ. ਵਿਜੈ ਸਿੰਗਲਾ ਤੇ ਉਸ ਦੇ ਓ.ਐੱਸ.ਡੀ. ਪ੍ਰਦੀਪ ਖ਼ਿਲਾਫ਼ ਮੁਹਾਲੀ ਦੇ ਥਾਣਾ ਫੇਜ਼ 8 ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 8 ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ਨੇ ਵਿਜੈ ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਡਾ. ਵਿਜੈ ਸਿੰਗਲਾ ਖਿਲਾਫ਼ ਕੇਸ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਨਿਗਰਾਨ ਇੰਜੀਨੀਅਰ ਰਾਜਿੰਦਰ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਮੁਤਾਬਕ ਸਿਹਤ ਵਿਭਾਗ ਵੱਲੋਂ 41 ਕਰੋੜ ਰੁਪਏ ਦੇ ਟੈਂਡਰ ਅਲਾਟ ਕੀਤੇ ਜਾਣੇ ਹਨ ਅਤੇ ਮਾਰਚ ਮਹੀਨੇ ਵਿਚ 17 ਕਰੋੜ ਰੁਪਏ ਦੇ ਟੈਂਡਰ ਅਲਾਟ ਕੀਤੇ ਗਏ ਸਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਨੇ ਕੁੱਲ 58 ਕਰੋੜ ਰੁਪਏ ਦੇ ਟੈਂਡਰਾਂ ਦਾ 2 ਫ਼ੀਸਦੀ ਕਮਿਸ਼ਨ 1.16 ਕਰੋੜ ਰੁਪਏ ਦੀ ਮੰਗ ਕੀਤੀ ਸੀ। ਕਮਿਸ਼ਨ ਦੇਣ ਤੋਂ ਇਨਕਾਰ ਕਰਨ ‘ਤੇ 10 ਲੱਖ ਰੁਪਏ ਦੀ ਮੰਗ ਕੀਤੀ ਤਾਂ ਸੌਦਾ 5 ਲੱਖ ਵਿਚ ਤੈਅ ਹੋ ਗਿਆ। ਡਾ. ਸਿੰਗਲਾ ਨੇ ਭਵਿੱਖ ਵਿਚ ਵਿਭਾਗ ਵੱਲੋਂ ਅਲਾਟ ਕੀਤੇ ਜਾਣ ਵਾਲੇ ਕੰਮਾਂ ਦਾ ਕਥਿਤ ਇਕ ਫ਼ੀਸਦੀ ਕਮਿਸ਼ਨ ਦੇਣ ਦੀ ਮੰਗ ਕੀਤੀ। ਸ਼ਿਕਾਇਤਕਰਤਾ ਮੁਤਾਬਕ ਸਿਹਤ ਮੰਤਰੀ ਨੇ ਪਿਛਲੇ ਦਿਨੀਂ ਪੰਜਾਬ ਭਵਨ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਗੱਲਬਾਤ ਲਈ ਸੱਦਿਆ ਸੀ। ਹਾਲਾਂਕਿ ਡਾ. ਵਿਜੈ ਸਿੰਗਲਾ ਜਲਦੀ ਹੀ ਮੀਟਿੰਗ ‘ਚੋਂ ਇਹ ਕਹਿ ਕੇ ਚਲੇ ਗਏ ਕਿ ਉਨ੍ਹਾਂ ਕਿਸੇ ਜ਼ਰੂਰੀ ਕੰਮ ਜਾਣਾ ਹੈ ਤੇ ਉਨ੍ਹਾਂ ਦੀ ਗੈਰਹਾਜ਼ਰੀ ਵਿਚ ਸਾਰੀ ਗੱਲਬਾਤ ਉਨ੍ਹਾਂ ਦੇ ਓ.ਐੱਸ.ਡੀ. ਪਰਦੀਪ ਕੁਮਾਰ ਕਰਨਗੇ। ਇਸ ਮਗਰੋਂ ਓ.ਐੱਸ.ਡੀ. ਲਗਾਤਾਰ ਵਟਸਐਪ ਕਾਲ ਕਰਕੇ ਅਫ਼ਸਰਾਂ ਨੂੰ ਕਮਿਸ਼ਨ ਪੁੱਜਦੀ ਕਰਨ ਲਈ ਧਮਕਾ ਰਿਹਾ ਸੀ। ਸਿਹਤ ਵਿਭਾਗ ਦੇ ਅਧਿਕਾਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚ ਕਰਕੇ ਸਾਰੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਉਕਤ ਅਧਿਕਾਰੀ ਨੂੰ ਭਰੋਸੇ ਵਿਚ ਲੈਂਦਿਆਂ ਉਕਤ ਮਾਮਲੇ ਸਬੰਧੀ ਪੁਖਤਾ ਸਬੂਤ ਲਿਆਉਣ ਲਈ ਕਿਹਾ। ਉਕਤ ਅਧਿਕਾਰੀ ਨੇ ਸਿਹਤ ਮੰਤਰੀ ਨਾਲ ਗੱਲਬਾਤ ਦੇ ਪੁਖਤਾ ਸਬੂਤ ਮੁੱਖ ਮੰਤਰੀ ਨੂੰ ਦਿੱਤੇ। ਮੁੱਖ ਮੰਤਰੀ ਨੇ ਉਕਤ ਸਬੂਤਾਂ ਦੇ ਆਧਾਰ ‘ਤੇ ਜਾਂਚ ਕਰਵਾ ਕੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਅਹੁਦੇ ਤੋਂ ਹਟਾ ਦਿੱਤਾ। ਪੰਜਾਬ ਵਿਜੀਲੈਂਸ ਬਿਊਰੋ, ਸਟੇਟ ਕਰਾਈਮ ਵਿੰਗ, ਖ਼ੁਫ਼ੀਆ ਵਿੰਗ ਅਤੇ ਸੀ.ਆਈ.ਏ. ਸਟਾਫ਼ ਵੀ ਆਪਣੇ ਪੱਧਰ ‘ਤੇ ਪੜਤਾਲ ਵਿਚ ਜੁੱਟ ਗਏ ਹਨ। ਜਾਂਚ ਅਧਿਕਾਰੀ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਡੂੰਘਾਈ ਨਾਲ ਪੜਤਾਲ ਕਰ ਰਹੇ ਹਨ। ਇਹ ਜਾਂਚ ਮੰਤਰੀ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਉੱਚ ਅਧਿਕਾਰੀਆਂ ਦੇ ਘਰਾਂ ਤੱਕ ਪਹੁੰਚ ਸਕਦੀ ਹੈ। ਸਿਹਤ ਵਿਭਾਗ ਵੱਲੋਂ ਪੰਜਾਬ ਭਰ ਵਿਚ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ, ਕਮਿਊਨਿਟੀ ਹੈਲਥ ਸੈਂਟਰਾਂ ਦੀ ਉਸਾਰੀ ਸਮੇਤ ਹੋਰ ਕੰਮ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਇਨ੍ਹਾਂ ਸਾਰੇ ਕੰਮਾਂ ਦੇ ਵਰਕ ਆਰਡਰ ਹੁਣ ਸ਼ੱਕ ਦੇ ਘੇਰੇ ਵਿਚ ਆ ਗਏ ਹਨ। ਇਹ ਕੰਮ ਵੱਖ-ਵੱਖ ਠੇਕੇਦਾਰਾਂ ਨੂੰ ਸੌਂਪੇ ਗਏ ਹਨ ਅਤੇ ਮਾਰਚ ਮਹੀਨੇ ਤਕਰੀਬਨ 17 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਉਂਜ ਸਿਹਤ ਵਿਭਾਗ ਵੱਲੋਂ ਕਰੀਬ 58 ਕਰੋੜ ਦੇ ਕੰਮ ਕਰਵਾਏ ਜਾ ਰਹੇ ਹਨ। ਮੰਤਰੀ ਦੇ ਓ.ਐੱਸ.ਡੀ. ਵੱਲੋਂ ਕਮਿਸ਼ਨ ਦੇ ਰੂਪ ਵਿਚ 1.16 ਕਰੋੜ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਡੀਓ ਜਾਰੀ ਕਰਦਿਆਂ ਡਾ. ਸਿੰਗਲਾ ਨੂੰ ਕੈਬਨਿਟ ਵਿਚੋਂ ਬਾਹਰ ਕਰਨ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਇਹ ਮਸਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਤੇ ਮੁਕੰਮਲ ਪੜਤਾਲ ਤੋਂ ਬਾਅਦ ਹੀ ਇਹ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ, ”ਮੇਰੀ ਸਰਕਾਰ ਰਿਸ਼ਵਤ ਨੂੰ ਬਰਦਾਸ਼ਤ ਨਾ ਕਰਨ ਦੇ ਰਾਹ ‘ਤੇ ਚੱਲਦੀ ਰਹੇਗੀ ਅਤੇ ਕਿਸੇ ਨੂੰ ਵੀ, ਚਾਹੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ, ਉਸ ਨੂੰ ਅਜਿਹੀਆਂ ਬੇਨਿਯਮੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।” ਸ੍ਰੀ ਮਾਨ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਅਜਿਹੀਆਂ ਕਾਰਵਾਈਆਂ ਬਿਲਕੁਲ ਬਰਦਾਸ਼ਤ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਡਾ. ਸਿੰਗਲਾ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਅਤੇ ਹੁਣ ਕਾਨੂੰਨ ਆਪਣਾ ਕੰਮ ਕਰੇਗਾ।
ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਪਹਿਲੀ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵਤਖੋਰੀ ਵਿਰੁੱਧ ਇੰਨੇ ਵੱਡੇ ਐਕਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਡੀ ਸਿਆਸੀ ਉਚਾਣ ਦੇ ਦਿੱਤੀ ਹੈ। ਬਹੁਤੇ ਲੋਕਾਂ ਨੇ ਕਿਹਾ ਕਿ ਪੰਜਾਬ ‘ਚ ਨਵਾਂ ਸੂਰਜ ਚੜ੍ਹਿਆ ਹੈ। ਪਤਾ ਲੱਗਾ ਹੈ ਕਿ ਤਿੰਨ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਵੀ ਭਗਵੰਤ ਮਾਨ ਨੂੰ ਫ਼ੋਨ ਕਰਕੇ ਵਧਾਈ ਦਿੱਤੀ ਹੈ। ਮੁਬਾਰਕਾਂ ਦੇਣ ਵਾਲਿਆਂ ਵਿਚ ਭਾਜਪਾ ਆਗੂ ਵੀ ਸ਼ਾਮਲ ਹਨ। ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਨੇ ਭਗਵੰਤ ਮਾਨ ਦਾ ਸਿਆਸੀ ਕੱਦ ਹੋਰ ਉੱਚਾ ਕਰ ਦਿੱਤਾ ਹੈ। ਬਦਲਾਅ ਨੂੰ ਲੋਕਾਂ ਨੇ ਮਹਿਸੂਸ ਕੀਤਾ ਹੈ। ਸਿਆਸੀ ਆਗੂਆਂ ਅਤੇ ਨੌਕਰਸ਼ਾਹੀ ‘ਚ ਵੀ ਇਸ ਐਕਸ਼ਨ ਨੇ ਖ਼ੌਫ਼ ਪੈਦਾ ਕਰ ਦਿੱਤਾ ਹੈ।


Share