ਮਨੀ ਲਾਂਡਰਿੰਗ: ਮੁਹਾਲੀ ਅਦਾਲਤ ਵੱਲੋਂ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ

148
Share

– ਪਟਿਆਲਾ ਜੇਲ੍ਹ ’ਚ ਬੰਦ ਹਨ ਕਾਂਗਰਸੀ ਆਗੂ ਸੁਖਪਾਲ ਖਹਿਰਾ
– ਹਾਈ ਕੋਰਟ ’ਚ ਹੁਕਮ ਨੂੰ ਚੁਣੌਤੀ ਦੇਵਾਂਗੇ: ਮਹਿਤਾਬ ਖ਼ਹਿਰਾ
ਐੱਸ.ਏ.ਐੱਸ. ਨਗਰ (ਮੁਹਾਲੀ), 8 ਦਸੰਬਰ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗਿ੍ਰਫ਼ਤਾਰ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਕਾਂਗਰਸ ਆਗੂ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਈ.ਡੀ. ਦੇ ਵਕੀਲ ਨੇ ਆਪਣੀ ਦਲੀਲ ਵਿਚ ਕਿਹਾ ਕਿ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਵੇ ਕਿਉਂਕਿ ਉਸ ਦੇ ਜੇਲ੍ਹ ’ਚੋਂ ਬਾਹਰ ਆਉਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਬੀਤੀ 3 ਦਸੰਬਰ ਨੂੰ ਸਵੇਰੇ ਅਤੇ ਬਾਅਦ ਦੁਪਹਿਰ ਦੋ ਪੜਾਵਾਂ ਵਿਚ ਕਰੀਬ 5 ਘੰਟੇ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਨੂੰ ਆਪਣਾ ਪੱਖ ਰੱਖਣ ਲਈ ਖੁੱਲ੍ਹਾ ਸਮਾਂ ਦਿੱਤਾ ਸੀ ਅਤੇ ਬਹਿਸ ਮੁਕੰਮਲ ਹੋਣ ਤੋਂ ਬਾਅਦ ਅਦਾਲਤ ਨੇ 7 ਦਸੰਬਰ ਲਈ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਸੁਖਪਾਲ ਖਹਿਰਾ ਨੂੰ ਬੇਕਸੂਰ ਦੱਸਦੇ ਹੋਏ ਈ.ਡੀ. ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ। ਇਸ ਲਈ ਕਾਂਗਰਸ ਆਗੂ ਦੀ ਜ਼ਮਾਨਤ ਮਨਜ਼ੂਰ ਕਰਕੇ ਉਸ ਨੂੰ ਜੇਲ੍ਹ ’ਚੋਂ ਰਿਹਾਅ ਕੀਤਾ ਜਾਵੇ। ਬਚਾਅ ਪੱਖ ਨੇ ਅਦਾਲਤ ਨੂੰ ਦੱਸਿਆ ਕਿ ਕਾਂਗਰਸ ਆਗੂ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਵੱਖਰੇ ਤੌਰ ’ਤੇ ਈ.ਡੀ. ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਇਹ ਕਾਰਵਾਈ ਉੱਚ ਅਦਾਲਤ ਵਿਚ ਵਿਚਾਰ ਅਧੀਨ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰ ਦਿੱਤੀ। ਇਸ ਸਮੇਂ ਸੁਖਪਾਲ ਖਹਿਰਾ ਨਿਆਂਇਕ ਹਿਰਾਸਤ ਅਧੀਨ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਹਨ। ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ ਖਹਿਰਾ ਦਾ ਜੁਡੀਸ਼ੀਅਲ ਰਿਮਾਂਡ 16 ਦਸੰਬਰ ਤੱਕ ਹੋਰ ਅੱਗੇ ਵਧਾ ਦਿੱਤਾ ਸੀ। ਈ.ਡੀ. ਵੱਲੋਂ ਸਾਲ 2015 ’ਚ ਫਾਜ਼ਿਲਕਾ ਵਿਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ।
ਸੁਖਪਾਲ ਖਹਿਰਾ ਦੇ ਪੁੱਤਰ ਤੇ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਜ਼ਿਲ੍ਹਾ ਅਦਾਲਤ ਦੇ ਫੈਸਲੇ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਬੰਧੀ ਉਹ ਜਲਦੀ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਉਣਗੇ ਅਤੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦੇਣਗੇ। ਉਨ੍ਹਾਂ ਕਿਹਾ ਕਿ ਗਿ੍ਰਫ਼ਤਾਰੀ ਤੋਂ ਬਾਅਦ ਜ਼ਮਾਨਤ ਲੈਣਾ ਹਰੇਕ ਵਿਅਕਤੀ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਈ.ਡੀ. ਦੀ ਕਾਰਵਾਈ ਮਹਿਜ਼ ਸਿਆਸੀ ਸਟੰਟ ਹੈ। ਚੋਣਾਂ ਨੇੜੇ ਆਉਣ ਕਾਰਨ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ।

Share