#INDIA

ਮਾਣਹਾਨੀ ਮਾਮਲਾ: ਕੇਜਰੀਵਾਲ ਤੇ ਆਤਿਸ਼ੀ ਦੀ ਪਟੀਸ਼ਨ ‘ਤੇ ਸੁਣਵਾਈ 21 ਅਪ੍ਰੈਲ ਤੱਕ ਮੁਲਤਵੀ

ਨਵੀਂ ਦਿੱਲੀ, 29 ਜਨਵਰੀ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਾਇਰ ਉਸ ਪਟੀਸ਼ਨ ‘ਤੇ ਸੁਣਵਾਈ 21 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ, ਜਿਸ ਵਿਚ ਉਨ੍ਹਾਂ ਨੇ ਵੋਟਰਾਂ ਦੇ ਨਾਂ ਹਟਾਉਣ ਸਬੰਧੀ ਕਥਿਤ ਟਿੱਪਣੀਆਂ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਦਾਇਰ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਐੱਨ.ਕੇ. ਸਿੰਘ ਦੇ ਬੈਂਚ ਨੇ ਇਹ ਆਖਦੇ ਹੋਏ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਕਿ ਇਸ ਵਿਚ ਵਿਸਥਾਰਿਤ ਸੁਣਵਾਈ ਦੀ ਲੋੜ ਹੈ। ਆਮ ਆਦਮੀ ਪਾਰਟੀ ਆਗੂਆਂ ਵੱਲੋਂ ਪੇਸ਼ ਸੀਨੀਅਰ ਵਕੀਲ ਮੀਨਾਕਸ਼ੀ ਅਰੋੜਾ ਨੇ ਦੱਸਿਆ ਕਿ ਬੈਂਚ ਨੇ ਕਿਹਾ ਸੀ ਕਿ ਮਾਮਲੇ ਦੀ ਸੁਣਵਾਈ ਨਿਯਮਿਤ ਸੁਣਵਾਈ ਵਾਲੇ ਦਿਨਾਂ (ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ) ‘ਤੇ ਹੋਣੀ ਚਾਹੀਦੀ ਹੈ ਅਤੇ ਇਸ ਆਧਾਰ ‘ਤੇ ਉਨ੍ਹਾਂ ਨੇ ਮੁਲਤਵੀ ਕਰਨ ਦੀ ਬੇਨਤੀ ਕੀਤੀ। ਕੇਂਦਰ ਸਰਕਾਰ ਵੱਲੋਂ ਪੇਸ਼ ਵਧੀਕ ਸਾਲਿਸਿਟਰ ਜਨਰਲ ਐੱਸ.ਵੀ. ਰਾਜੂ ਨੇ ਕਿਹਾ ਕਿ ਮਾਣਹਾਨੀ ਦਾ ਮਾਮਲਾ ਇਕ ਰਾਜਨੀਤਿਕ ਪਾਰਟੀ ਨਾਲ ਸੰਬੰਧਿਤ ਹੈ, ਜਿਸ ਨੇ ਸ਼ਿਕਾਇਤਕਰਤਾ ਨੂੰ ਆਪਣੀ ਤਰਫ਼ੋਂ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਦਿੱਤਾ ਹੈ।