#PUNJAB

ਮਾਲਵਿੰਦਰ ਮਾਲੀ ਦੀ ਬਿਨਾਂ ਸਰਤ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ’ ਚ ਰੋਸ਼ ਪ੍ਰਦਰਸ਼ਨ

ਸੰਗਰੂਰ, 28 ਅਕਤੂਬਰ (ਦਲਜੀਤ ਕੌਰ/ਪੰਜਾਬ ਮੇਲ)- ਕਿਸਾਨ, ਮਜ਼ਦੂਰ, ਬੁੱਧੀਜੀਵੀ ਜਨਤਕ ਜਮਹੂਰੀ ਸੰਗਠਨ ਤੇ ਰਾਜਨੀਤਿਕ ਪਾਰਟੀਆਂ ਵੱਲੋਂ ਮਾਲਵਿੰਦਰ ਸਿੰਘ ਮਾਲੀ ਦੀ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਕੀਤੀ ਨਾਜਾਇਜ਼ ਗ੍ਰਿਫਤਾਰੀ ਖਿਲਾਫ ਅਤੇ ਬਿਨਾਂ ਸ਼ਰਤ ਰਿਹਾਈ ਲਈ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਤੋਂ ਡੀ.ਸੀ. ਦਫਤਰ ਸੰਗਰੂਰ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਭੁਟਾਲ, ਤਰਕਸ਼ੀਲ ਸੁਸਾਇਟੀ ਦੇ ਮਾਸਟਰ ਪਰਮਦੇਵ, ਆਈ.ਡੀ.ਪੀ. ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ ਤੇ ਸੂਬਾ ਆਗੂ ਫਲਜੀਤ ਸਿੰਘ, ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਸੁਖਦੇਵ ਸ਼ਰਮਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਬੀਰ ਸਿੰਘ ਜਲੂਰ, ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਆਗੂ ਮਾਸਟਰ ਗਿਆਨ ਚੰਦ ਨਦਾਮਪੁਰ ਨੇ ਕਿਹਾ ਕਿ ਸਿਆਸੀ ਅਲੋਚਕ ਤੇ ਟਿੱਪਣੀਕਾਰ ਵਜੋਂ ਜਾਣੇ ਜਾਂਦੇ ਮਾਲਵਿੰਦਰ ਸਿੰਘ ਮਾਲੀ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਝੂਠੇ ਕੇਸ ਵਿਚ 16 ਸਤੰਬਰ 2024 ਨੂੰ ਪਟਿਆਲਾ ਤੋਂ ਗ੍ਰਿਫਤਾਰ ਕਰ ਲਿਆ ਸੀ। ਉਦੋਂ ਤੋਂ ਹੀ ਉਹ ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਹਨ। ਉਨ੍ਹਾਂ ਕਿਹਾ ਕਿ ਮਾਲੀ ਦੀ ਗ੍ਰਿਫਤਾਰੀ ਸੰਵਿਧਾਨ ਦੇ ਆਰਟੀਕਲ 19 ਦੀ ਉਲੰਘਣਾ ਹੈ, ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਲਈ ਹੈ। ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਵੀ ਨਰਿੰਦਰ ਮੋਦੀ ਸਰਕਾਰ ਦੇ ਤਾਨਾਸ਼ਾਹ ਕਦਮਾਂ ‘ਤੇ ਚੱਲਣ ਵਾਲੀ ਕਰਾਰ ਦਿੱਤਾ।