ਮਿਸ਼ਨ ਫ਼ਤਿਹ ਤਹਿਤ ਜ਼ਿਲੇ ਦੇ 3.60 ਲੱਖ ਯੋਗ ਲਾਭਪਾਤਰੀ ਲਗਵਾ ਚੁੱਕੇ ਹਨ ਕੋਵਿਡ ਵੈਕਸੀਨ: ਡਿਪਟੀ ਕਮਿਸ਼ਨਰ ਸੰਗਰੂਰ

497
Share

ਆਜ਼ਾਦੀ ਦਿਵਸ ਜਸ਼ਨਾਂ ਮੌਕੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ:ਰਾਮਵੀਰ

ਸੰਗਰੂਰ, 12 ਅਗਸਤ (ਦਲਜੀਤ ਕੌਰ ਭਵਾਨੀਗੜ੍ਹ/ਪੰਜਾਬ ਮੇਲ)- ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਦੇ ਕੇਸਾਂ ਵਿੱਚ ਕਮੀ ਆਈ ਹੈ ਜੋ ਕਿ ਜ਼ਿਲਾ ਵਾਸੀਆਂ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਦਾ ਨਤੀਜਾ ਹੈ। ਜ਼ਿਲਾ ਵਾਸੀਆਂ ਨੇ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਰੋਨਾਵਾਇਰਸ ਖਿਲਾਫ਼ ਜੰਗ ’ਚ ਅਹਿਮ ਭੂਮਿਕਾ ਨਿਭਾਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਹਫ਼ਤਾਵਰੀ ਫ਼ੇਸਬੁੱਕ ਲਾਇਵ ਦੌੌਰਾਨ ਜ਼ਿਲਾ ਵਾਸੀਆਂ ਨੂੰ ਰੂ-ਬ-ਰੂ ਹੁੰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ’ਤੇ ਕਾਬੂ ਪਾਉਣ ਲਈ ਜ਼ਿਲੇ ’ਚ ਵੱਖ ਵੱਖ ਥਾਵਾਂ ’ਤੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲੇ ਦੇ 3.60 ਲੱਖ ਯੋਗ ਲਾਭਪਾਤਰੀਆਂ ਵੱਲੋਂ ਕੋਵਿਡ ਵੈਕਸੀਨ ਲਗਵਾਈ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਵੈਕਸੀਨ ਦੀ ਉਪਲੱਬਧਤਾ ਦੇ ਆਧਾਰ ’ਤੇ ਵੱਧ ਤੋਂ ਵੱਧ ਵਿਅਕਤੀਆਂ ਦੀ ਵੈਕਸੀਨੇਸ਼ਨ ਕਰਨ ਦੇ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਸਕੂਲ ਖੋਲੇ ਗਏ ਹਨ। ਉਨਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਗਾਈਡਲਾਈਨਜ਼ ਅਨੁਸਾਰ ਸਕੂਲਾਂ ’ਚ ਵਿਦਿਆਰਥੀਆਂ ਨੂੰ ਪੜਾਅਵਾਰ ਬੁਲਾਇਆ ਜਾ ਸਕਦਾ ਹੈ ਤਾਂ ਜੋ ਕਲਾਸ ਦੇ ਕਮਰਿਆਂ ਵਿੱਚ ਉਚਿਤ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾ ਸਕੇ। ਉਨਾ ਕਿਹਾ ਕਿ ਸਕੂਲੀ ਅਧਿਆਪਕਾਂ ਨੂੰ ਕੋਵਿਡ ਵੈਕਸੀਨ ਲੱਗੀ ਹੋਣੀ ਲਾਜ਼ਮੀ ਹੈ। ਉਨਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਸਕੀਨੀ ਬਣਾਉਣ ਲਈ ਸਮੂਹ ਮਾਪਿਆਂ ਨੂੰ ਵੀ ਆਪਣਾ ਟੀਕਾਕਰਨ ਕਰਵਾਉਣਾ ਚਾਹੀਂਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 15 ਅਗਸਤ 2021 ਨੂੰ ਜ਼ਿਲਾ ਪੱਧਰ ਤੋਂ ਇਲਾਵਾ ਹੋਰਨਾਂ ਥਾਵਾਂ ’ਤੇ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਹਨਾਂ ਜਸ਼ਨਾਂ ਮੌਕੇ ਵੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸਾਉਣ ਦੇ ਮਹੀਨੇ ਦੌਰਾਨ ਹੋਰਨਾਂ ਤਿਉਹਾਰਾਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਲੱਗ ਰਹੇ ਸਾਉਣ ਅਸ਼ਟਮੀ ਤਿਉਹਾਰ ਮੌਕੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਕੋਵਿਡ ਵੈਕਸੀਨ ਦੀਆਂ ਦੋਨੋ ਖੁਰਾਕਾਂ ਲੱਗੇ ਹੋਣ ਦਾ ਸਰਟੀਫ਼ਿਕੇਟ ਜਾਂ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਗਈ ਹੈ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ 12 ਹਫ਼ਤਿਆਂ ਦੀ ਬਜਾਏ 1 ਮਹੀਨੇ ’ਤੇ ਲਗਾਉਣ ਲਈ ਸਮੂਹ ਟੀਕਾਕਰਨ ਸੰਸਥਾਵਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜਿੰਨਾਂ ਵਿਦਿਆਰਥੀਆਂ ਦਾ ਵੀਜ਼ਾ ਆ ਚੁੱਕਾ ਹੈ ਅਤੇ ਉਹ ਵੈਕਸੀਨ ਦੀ ਦੂਜੀ ਖੁਰਾਕ 1 ਮਹੀਨੇ ’ਤੇ ਲਗਵਾਉਣਾ ਚਾਹੁੰਦੇ ਹਨ ਤਾਂ ਉਹ ਇਹਨਾਂ ਕੇਂਦਰਾਂ ਤੋਂ ਵੈਕਸੀਨ ਲਗਵਾ ਸਕਦੇ ਹਨ।
ਫੋਟੋ: ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਸਿੰਘ

Share