ਐੱਸ.ਏ.ਐੱਸ. ਨਗਰ (ਮੁਹਾਲੀ), 21 ਅਗਸਤ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਆਈ.ਏ.ਐੱਸ. ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ‘ਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਅਦਾਲਤ ਨੇ ਵਾਅਦਾ ਮੁਆਫ਼ ਗਵਾਹ ਬਣੇ ਯੂ.ਟੀ. ਪੁਲਿਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਪੰਜਾਬ ਪੁਲਿਸ ਦੀ ਸਿੱਟ ਨੂੰ ਸਾਬਕਾ ਡੀ.ਜੀ.ਪੀ. ਸੈਣੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਮਗਰੋਂ ਪੁਲਿਸ ਨੇ ਸੈਣੀ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਰਾਹੀਂ ਸੈਣੀ ਨੂੰ ਨੋਟਿਸ ਭੇਜ ਕੇ ਉਸ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ। ਅਦਾਲਤ ਨੇ ਪੁਲਿਸ ਨੂੰ ਹਦਾਇਤ ਕੀਤੀ ਸੀ ਕਿ ਸੈਣੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਤੋਂ ਪਹਿਲਾਂ ਤਿੰਨ ਦਿਨ ਦਾ ਨੋਟਿਸ ਦਿੱਤਾ ਜਾਵੇ।
ਚੇਤੇ ਰਹੇ ਕਿ ਕਿਸੇ ਵੇਲੇ ਸੈਣੀ ਦੇ ਚਹੇਤੇ ਰਹੇ ਦੋਵੇਂ ਸਾਬਕਾ ਇੰਸਪੈਕਟਰਾਂ ਨੇ ਵੀਰਵਾਰ ਨੂੰ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ-ਕਮ-ਡਿਊਟੀ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿਚ ਸੀ.ਆਰ.ਪੀ.ਸੀ. ਦੀ ਧਾਰਾ 164 ਤਹਿਤ ਬਿਆਨ ਦਰਜ ਕਰਵਾਏ ਸੀ। ਉਨ੍ਹਾਂ ਅਦਾਲਤ ਨੂੰ ਦੱਸਿਆ ਸੀ ਕਿ ਉਨ੍ਹਾਂ ਉੱਤੇ ਕਿਸੇ ਦਾ ਕੋਈ ਦਬਾਅ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਲਾਲਚ ਵਿਚ ਆ ਕੇ ਬਲਕਿ ਆਪਣੀ ਮਰਜ਼ੀ ਅਨੁਸਾਰ ਵਾਅਦਾ ਮੁਆਫ਼ ਗਵਾਹ ਬਣੇ ਹਨ। ਅਦਾਲਤ ਨੇ ਬੀਤੇ ਦਿਨੀਂ ਸਾਬਕਾ ਪੁਲਿਸ ਅਫ਼ਸਰਾਂ ਦੇ ਬਿਆਨ ਦਰਜ ਕਰਨ ਅਤੇ ਪੁਲਿਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਲਈ ਆਪਣਾ ਫੈਸਲਾ ਰਾਖਵਾਂ ਰੱਖਿਆ ਸੀ। ਅੱਜ ਅਦਾਲਤ ਨੇ ਪੁਲਿਸ ਨੂੰ ਸੈਣੀ ਖ਼ਿਲਾਫ਼ ਕਤਲ ਦਾ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਬੰਧੀ ਪੁਲਿਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਯੂ.ਟੀ. ਪੁਲਿਸ ਦੇ ਸਾਬਕਾ ਅਫ਼ਸਰਾਂ ਨੇ ਆਪਣੇ ਲਿਖਤੀ ਬਿਆਨਾਂ ‘ਚ ਸਪੱਸ਼ਟ ਕੀਤਾ ਕਿ ਮੁਲਤਾਨੀ ‘ਤੇ ਅਣਮਨੁੱਖੀ ਤਸ਼ੱਦਦ ਢਾਹਿਆ ਗਿਆ, ਜਿਸ ਕਾਰਨ ਉਸ ਦੀ ਹਿਰਾਸਤ ਦੌਰਾਨ ਹੀ ਮੌਤ ਹੋ ਗਈ। ਮਗਰੋਂ ਮੁਲਤਾਨੀ ਦੀ ਲਾਸ਼ ਨੂੰ ਹੋਰਨਾਂ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਖੁਰਦ-ਬੁਰਦ ਕਰ ਦਿੱਤਾ ਗਿਆ।