ਮੁਲਤਾਨੀ ਅਗਵਾ ਕੇਸ: ਸੁਪਰੀਮ ਕੋਰਟ ’ਚ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 15 ਨੂੰ

516
Share

ਸੈਣੀ ਦੇ ਵਕੀਲਾਂ ਨੇ ਨਵੇਂ ਸਿਰਿਓਂ ਦਾਇਰ ਕੀਤੀ ਅਰਜ਼ੀ
ਐੱਸਏਐੱਸ ਨਗਰ (ਮੁਹਾਲੀ), 14 ਸਤੰਬਰ (ਪੰਜਾਬ ਮੇਲ)- ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਭਲਕੇ 15 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ. ਸੁਭਾਸ਼. ਰੈੱਡੀ ਅਤੇ ਜਸਟਿਸ ਐੱਮ.ਆਰ. ਸ਼ਾਹ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਬੈਂਚ ਵੱਲੋਂ ਸਵੇਰੇ ਸਾਢੇ 10 ਵਜੇ ਸੈਣੀ ਦੀ ਪਟੀਸ਼ਨ ’ਤੇ ਵਰਚੁਅਲ ਸੁਣਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਅਤੇ ਪੁਲੀਸ ਵੱਲੋਂ ਸੈਣੀ ਨੂੰ ਜ਼ਮਾਨਤ ਨਾ ਦੇਣ ਦੀ ਅਪੀਲ ਕੀਤੀ ਜਾਵੇਗੀ। ਇਸ ਸਬੰਧੀ ਕਾਨੂੰਨੀ ਮਾਹਿਰਾਂ ਵੱਲੋਂ ਸਿਰਜੋੜ ਕੇ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ ਕਿ ਭਲਕੇ ਕਿਵੇਂ ਸਟੇਟ ਦਾ ਮਜ਼ਬੂਤ ਪੱਖ ਰੱਖਿਆ ਜਾਵੇ। ਚੇਤੇ ਰਹੇ ਸੁਪਰੀਮ ਕੋਰਟ ਨੇ ਲੰਘੇ ਦਿਨ ਸਾਬਕਾ ਡੀਜੀਪੀ ਦੀ ਅਗਾਊਂ ਜ਼ਮਾਨਤ ਵਿੱਚ ਕਈ ਖ਼ਾਮੀਆਂ ਹੋਣ ਕਾਰਨ ਅਰਜ਼ੀ ਮੋੜ ਦਿੱਤੀ ਸੀ। ਅਰਜ਼ੀ ਨਾਲ ਨੱਥੀ ਹਲਫ਼ਨਾਮਾ ਕਿਸੇ ਸਮਰੱਥ ਅਧਿਕਾਰੀ ਵੱਲੋਂ ਤਸਦੀਕ ਨਹੀਂ ਸੀ। ਇਸ ਤੋਂ ਇਲਾਵਾ ਪਟੀਸ਼ਨ ਵਿੱਚ ਹੋਰ ਵੀ ਕਈ ਊਣਤਾਈਆਂ ਸਨ। ਬਚਾਅ ਪੱਖ ਦੇ ਵਕੀਲਾਂ ਨੇ ਹੁਣ ਨਵੇਂ ਸਿਰਿਓਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ, ਜਿਸ ’ਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਦੂਜੇ ਪਾਸੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕੈਵੀਅਟ ਪਟੀਸ਼ਨ ਦਾਖ਼ਲ ਕਰਕੇ ਅਪੀਲ ਕੀਤੀ ਹੈ ਕਿ ਸਾਬਕਾ ਡੀਜੀਪੀ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਸਟੇਟ ਦਾ ਪੱਖ ਵੀ ਸੁਣਿਆ ਜਾਵੇ।
ਮੁਹਾਲੀ ਪੁਲੀਸ ਵੱਲੋਂ ਸੈਣੀ ਦੀ ਭਾਲ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਪਰ ਹੁਣ ਤੱਕ ਪੁਲੀਸ ਨੂੰ ਉਨ੍ਹਾਂ ਦੀ ਮੌਜੂਦਗੀ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ਇਸ ਦੌਰਾਨ ‘ਸਿੱਟ’ ਮੁਖੀ ਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਸੈਣੀ ਮਾਮਲੇ ਵਿੱਚ ਮੀਡੀਆ ਨਾਲ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਨਾਂਹ ਕਰ ਦਿੱਤੀ ਹੈ।


Share