ਮੁਲਤਾਨੀ ਅਗਵਾ ਮਾਮਲਾ; ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ ਬਰਕਰਾਰ; ਅਗਲੀ ਸੁਣਵਾਈ 25 ਜੂਨ ਨੂੰ

324
Share

ਐੱਸਏਐੱਸ ਨਗਰ (ਮੁਹਾਲੀ), 18 ਜੂਨ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਅੱਜ ਫਿਰ ਤੋਂ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਬਰਕਰਾਰ ਰੱਖਦਿਆਂ ਅਗਲੀ ਸੁਣਵਾਈ 25 ਜੂਨ ’ਤੇ ਪਾ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਇਸ ਬਹੁ-ਚਰਚਿਤ ਕੇਸ ਦੀ ਪੈਰਵੀ ਲਈ ਨਿਯੁਕਤ ਕੀਤੇ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਬਚਾਅ ਪੱਖ ਦੇ ਵਕੀਲ ਐੱਚਐੱਸ ਧਨੋਆ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਅਤੇ ਉਨ੍ਹਾਂ ਵਿੱਚ ਭਖਵੀਂ ਬਹਿਸ ਹੋਈ। ਉਂਜ ਸੁਣਵਾਈ ਮੌਕੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਅਤੇ ਜਾਂਚ ਅਧਿਕਾਰੀ ਐਸਐਚਓ ਰਾਜੀਵ ਕੁਮਾਰ ਵੀ ਅਦਾਲਤ ਵਿੱਚ ਹਾਜ਼ਰ ਸਨ।
ਸਰਕਾਰੀ ਵਕੀਲਾਂ ਨੇ ਕਿਹਾ ਕਿ ਹਾਲੇ ਤਾਂ ਸਾਬਕਾ ਡੀਜੀਪੀ ਸੈਣੀ ਦੇ ਖ਼ਿਲਾਫ਼ ਪੁਲੀਸ ਵੱਲੋਂ ਧਾਰਾ 302 ਦੇ ਜੁਰਮ ਦਾ ਵਧਾ ਹੀ ਨਹੀਂ ਕੀਤਾ ਗਿਆ ਹੈ, ਫਿਰ ਪਹਿਲਾਂ ਹੀ ਸਾਬਕਾ ਪੁਲੀਸ ਅਧਿਕਾਰੀ ਦੀ ਸਟੇਅ ਬਰਕਰਾਰ ਰੱਖਣ ਦੀ ਕੋਈ ਤੁਕ ਨਹੀਂ ਬਣਦੀ ਹੈ। ਉਂਜ ਵੀ ਪੀੜਤ ਪਰਿਵਾਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸਾਬਕਾ ਡੀਜੀਪੀ ਸੈਣੀ ਤੇ ਹੋਰਾਂ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਕੇਸ ਦੀ ਸੁਣਵਾਈ 23 ਜੂਨ ਨੂੰ ਹੋਣੀ ਹੈ।


Share