ਮੁਹਾਲੀ ਦੀ ਅਦਾਲਤ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਜ਼ਮਾਨਤ ਦੇਣ ਤੋਂ ਨਾਂਹ

718
Share

ਮੁਹਾਲੀ, 9 ਮਈ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਮੁਹਾਲੀ ਦੀ ਅਦਾਲਤ ਨੇ ਅਗਾਊਂ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਸੈਣੀ ਨੇ ਸ਼ੁੱਕਰਵਾਰ ਨੂੰ ਆਪਣੇ ਵਕੀਲ ਰਾਹੀਂ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਹਰਪ੍ਰੀਤ ਕੌਰ (ਡਿਊਟੀ ਮੈਜਿਸਟਰੇਟ) ਦੀ ਅਦਾਲਤ ‘ਚ ਅਰਜ਼ੀ ਦਾਇਰ ਕਰਕੇ ਜ਼ਮਾਨਤ ਲਈ ਬੇਨਤੀ ਕੀਤੀ ਸੀ। ਇਸ ਦਾ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸਾਬਕਾ ਡੀ.ਜੀ.ਪੀ. ਦੇ ਖ਼ਿਲਾਫ਼ ਗੰਭੀਰ ਦੋਸ਼ਾਂ ਤਹਿਤ ਮੁਹਾਲੀ ਦੇ ਮਟੌਰ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ। ਸੈਣੀ ‘ਤੇ 29 ਸਾਲ ਪਹਿਲਾਂ ਸਾਬਕਾ ਆਈ.ਏ.ਐੱਸ. ਅਧਿਕਾਰੀ ਦੇ ਬੇਟੇ ਅਤੇ ‘ਸਿਟਕੋ’ ਦੇ ਜੇ.ਈ. ਬਲਵਿੰਦਰ ਸਿੰਘ ਮੁਲਤਾਨੀ ਨੂੰ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਘਰ ‘ਚੋਂ ਚੁੱਕ ਕੇ ਤਸ਼ੱਦਦ ਢਾਹੁਣ ਦਾ ਦੋਸ਼ ਹੈ। ਵਕੀਲ ਨੇ ਕਿਹਾ ਕਿ ਜ਼ਮਾਨਤ ਦੇਣ ਨਾਲ ਮਹੱਤਵਪੂਰਨ ਕੇਸ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਵੀ ਅਦਾਲਤ ਵਿਚ ਹਾਜ਼ਰ ਸਨ। ਉਨ੍ਹਾਂ ਨੇ ਵੀ ਸੈਣੀ ਨੂੰ ਜ਼ਮਾਨਤ ਨਾ ਦੇਣ ਦੀ ਅਪੀਲ ਕੀਤੀ। ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਕਿਹਾ। ਫਿਲਹਾਲ ਸਾਬਕਾ ਡੀ.ਜੀ.ਪੀ. ਸੈਣੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜ਼ਿਕਰਯੋਗ ਹੈ ਕਿ ਸੈਣੀ ਖ਼ਿਲਾਫ਼ ਅਪਰਾਧਕ ਕੇਸ ਦਰਜ ਹੋਣ ਤੋਂ ਬਾਅਦ ਉਹ ਹਿਮਾਚਲ ਪ੍ਰਦੇਸ਼ ਸਥਿਤ ਆਪਣੇ ਇਕ ਟਿਕਾਣੇ ‘ਤੇ ਜਾ ਕੇ ਕਥਿਤ ਤੌਰ ‘ਤੇ ਲੁਕਣਾ ਚਾਹੁੰਦੇ ਸਨ ਪਰ ਹਿਮਾਚਲ ਦੀ ਹੱਦ ‘ਤੇ ਕਰਫਿਊ ਨਾਕੇ ਉਤੇ ਤਾਇਨਾਤ ਪੁਲਿਸ ਜਵਾਨਾਂ ਨੇ ਸਾਬਕਾ ਡੀ.ਜੀ.ਪੀ. ਨੂੰ ਦਾਖ਼ਲ ਨਹੀਂ ਹੋਣ ਦਿੱਤਾ।
ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਕੇਸ ਦੀ ਵਕਾਲਤ ਕਰ ਰਹੇ ਵਕੀਲ ਸਤਨਾਮ ਸਿੰਘ ਕਲੇਰ ਨੇ ਖ਼ੁਦ ਨੂੰ ਕੇਸ ਨਾਲੋਂ ਵੱਖ ਕਰ ਲਿਆ ਹੈ। ਸੋਸ਼ਲ ਮੀਡੀਆ ਉੱਤੇ ਚੱਲੀ ਚਰਚਾ ਬਾਅਦ ਉਨ੍ਹਾਂ ਨੇ ਇੱਕ ਨਿਮਾਣੇ ਸਿੱਖ ਵਜੋਂ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਦੀਆਂ ਭਾਵਨਵਾਂ ਨੂੰ ਠੇਸ ਪੁੱਜੀ ਹੈ, ਤਾਂ ਉਹ ਮੁਆਫ਼ੀ ਮੰਗਦੇ ਹਨ ।ਇਸ ਤੋਂ ਪਹਿਲਾਂ ਐਡਵੋਕੇਟ ਸਤਨਾਮ ਸਿੰਘ ਕਲੇਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ਦੀ 35 ਸਿੱਖ ਜਥੇਬੰਦੀਆਂ ਦੇ ਗੱਠਜੋੜ ‘ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਨੇ ਮੰਗ ਕੀਤੀ ਸੀ। ਇਨ੍ਹਾਂ ਜਥੇਬੰਦੀਆਂ ਦੇ ਬੁਲਾਰੇ ਸੁਖਦੇਵ ਸਿੰਘ ਫਗਵਾੜਾ ਨੇ ਕਿਹਾ ਕਿ ਸਾਬਕਾ ਡੀ.ਜੀ.ਪੀ. ਸੈਣੀ ਵੱਲੋਂ ਐਡਵੋਕੇਟ ਕਲੇਰ, ਜੋ ਕਿ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਚੇਅਰਮੈਨ ਵੀ ਹਨ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਸਲਾਹਕਾਰ ਤੇ ਬੁਲਾਰੇ ਹਨ, ਪੇਸ਼ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਐਡਵੋਕੇਟ ਕਲੇਰ ਨੂੰ ਤੁਰੰਤ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾਇਆ ਜਾਵੇ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਕਿਉਂਕਿ ਵਕੀਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਨਜ਼ਦੀਕੀ ਹੈ। ਇਸ ਤੋਂ ਪਹਿਲਾਂ ਵੀ ਜ਼ਿਆਦਤਰ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸਾਂ ਵਿਚ ਕਲੇਰ ਦੋਸ਼ੀ ਪੁਲਿਸ ਅਫ਼ਸਰਾਂ ਦੇ ਕੇਸ ਲੜਦਾ ਆ ਰਿਹਾ ਹੈ।


Share