ਮੁਜ਼ੱਫਰਨਗਰ ਤੇ ਕਰਨਾਲ ਦੀਆਂ ਮਹਾ ਪੰਚਾਇਤਾਂ ’ਚ ਲੱਖਾਂ ਦੀ ਤਦਾਦ ’ਚ ਪਹੁੰਚੇ ਕਿਸਾਨ

701
Share

ਚੰਡੀਗੜ੍ਹ/ਕਰਨਾਲ/ਨਵੀਂ ਦਿੱਲੀ, 8 ਸਤੰਬਰ (ਪੰਜਾਬ ਮੇਲ)- ਕਰਨਾਲ ’ਚ ਹੋਏ ਲਾਠੀਚਾਰਜ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਰਨਾਲ ਅਨਾਜ ਮੰਡੀ ’ਚ ਕਿਸਾਨ ਜਥੇਬੰਦੀਆਂ ਨੇ ਕਿਸਾਨ ਮਹਾਪੰਚਾਇਤ ਕੀਤੀ, ਜਿਸ ’ਚ ਪੰਜਾਬ, ਹਰਿਆਣਾ ਸਣੇ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ। ਕਿਸਾਨਾਂ ਦੇ ਵਫ਼ਦ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਤਿੰਨ ਗੇੜ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਨੇ ਕਰਨਾਲ ਸਕੱਤਰੇਤ ਵੱਲ ਕੂਚ ਕੀਤਾ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਪਰ ਕਿਸਾਨ ਅੱਗੇ ਵਧਦੇ ਗਏ। ਜਿਨ੍ਹਾਂ ਨੇ ਸਕੱਤਰੇਤ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀ ਕਿਸਾਨ ‘ਕਿਸਾਨਾਂ ਦੇ ਸਿਰ ਭੰਨ ਦਿਓ’ ਦਾ ਆਦੇਸ਼ ਦੇਣ ਵਾਲੇ ਐੱਸ.ਡੀ.ਐੱਮ. ਅਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ’ਤੇ ਅੜੇ ਰਹੇ। ਹਰਿਆਣਾ ਸਰਕਾਰ ਕਿਸਾਨਾਂ ਦੀ ਮੰਗ ਮੰਨਣ ਲਈ ਤਿਆਰ ਨਹੀਂ ਹੈ, ਜਿਸ ਕਾਰਨ ਕਿਸਾਨਾਂ ਨੇ ਕਰਨਾਲ ਸਕੱਤਰੇਤ ਦਾ ਘਿਰਾਓ ਕਰਦਿਆਂ ‘ਮਰ ਜਾਵਾਂਗੇ ਪਰ ਅੰਦੋਲਨ ਨੂੰ ਸ਼ਾਂਤਮਈ ਜਾਰੀ ਰੱਖਾਂਗੇ’ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਅਲਟੀਮੇਟਮ ਤਹਿਤ ਕਿਸਾਨ ਮੰਗਲਵਾਰ ਸਵੇਰ ਤੋਂ ਹੀ ਕਰਨਾਲ ਦੀ ਅਨਾਜ ਮੰਡੀ ਵਿਚ ਪਹੁੰਚਣੇ ਸ਼ੁਰੂ ਹੋ ਗਏ ਸਨ। ਇਨ੍ਹਾਂ ਨੂੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਕਰਨਾਲ ’ਚ ਧਾਰਾ 144 ਲਾਗੂ ਕਰ ਦਿੱਤੀ ਅਤੇ ਕਰਨਾਲ, ਕੁਰੂਕਸ਼ੇਤਰ, ਜੀਂਦ, ਪਾਣੀਪਤ ਅਤੇ ਸੋਨੀਪਤ ’ਚ ਇੰਟਰਨੈੱਟ ਅਤੇ ਐੱਸ.ਐੱਮ.ਐੱਸ. ਸਰਵਿਸ ਬੰਦ ਕਰ ਦਿੱਤੀ। ਨੈਸ਼ਨਲ ਹਾਈਵੇਅ ਤੱਕ ਦੇ ਰਾਹ ਬਦਲ ਦਿੱਤੇ ਗਏ ਪਰ ਕਿਸਾਨ ਆਪਣੀਆਂ ਮੰਗਾਂ ਲਈ ਅੱਗੇ ਵਧਦੇ ਗਏ। ਇਸ ਦੌਰਾਨ ਕਰਨਾਲ ਪ੍ਰਸ਼ਾਸਨ ਦੇ ਸੱਦੇ ’ਤੇ ਸੰਯੁਕਤ ਕਿਸਾਨ ਮੋਰਚਾ ਦਾ 11 ਮੈਂਬਰੀ ਵਫਦ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਿਆ, ਜਿਸ ਵਿਚ ਰਾਕੇਸ਼ ਟਿਕੈਤ, ਯੋਗੇਂਦਰ ਯਾਦਵ, ਗੁਰਨਾਮ ਸਿੰਘ ਚੜੂਨੀ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਜੋਗਿੰਦਰ ਸਿੰਘ ਉਗਰਾਹਾਂ, ਜਗਜੀਤ ਸਿੰਘ ਡੱਲੇਵਾਲ, ਰਾਮਪਾਲ ਚਹਿਲ, ਵਿਕਾਸ ਸਿਸਰ ਤੇ ਇੰਦਰਜੀਤ ਸਿੰਘ ਸ਼ਾਮਲ ਸਨ। ਇਸ ਵਫ਼ਦ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਤਿੰਨ ਦੌਰ ਦੀ ਮੀਟਿੰਗ ਹੋਈ। ਕਿਸਾਨ ਜਥੇਬੰਦੀਆਂ ਦੀ ਮੰਗ ਸੀ ਕਿ ਐੱਸ.ਡੀ.ਐੱਮ. ਆਯੂਸ਼ ਸਿਨਹਾ ਨੂੰ ਬਰਖਾਸਤ ਕੀਤਾ ਜਾਵੇ ਅਤੇ ਸਿਨਹਾ ਦੇ ਨਾਲ ਹੋਰਨਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਹਰਿਆਣਾ ਸਰਕਾਰ ਜਾਂਚ ਲਈ ਤਿਆਰ ਹੋ ਗਈ ਪਰ ਕੇਸ ਦਰਜ ਕਰਨ ਲਈ ਨਹੀਂ ਮੰਨੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦੱਸਿਆ ਕਿ ਹਰਿਆਣਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਕੇਸ ਦਰਜ ਕਰਨ ਦੀ ਥਾਂ ਜਾਂਚ ਤੋਂ ਬਾਅਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਇਸ ਨੂੰ ਕਿਸਾਨ ਜਥੇਬੰਦੀਆਂ ਨੇ ਨਕਾਰ ਦਿੱਤਾ। ਸੂਬਾ ਸਰਕਾਰ ਦੇ ਅੜੀਅਲ ਵਤੀਰੇ ਤੋਂ ਨਾਰਾਜ਼ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮੁੜ ਅਨਾਜ ਮੰਡੀ ਵਿਚ ਪਹੁੰਚ ਕੇ ਸਕੱਤਰੇਤ ਦਾ ਘਿਰਾਓ ਕਰਨ ਲਈ ਅੱਗੇ ਵਧੇ। ਕਿਸਾਨਾਂ ਨੂੰ ਰੋਕਣ ਲਈ ਕਈ ਥਾਵਾਂ ’ਤੇ ਬੈਰੀਕੇਡ ਲਗਾਏ ਗਏ ਸਨ ਪਰ ਕਿਸਾਨ ਜਥੇਬੰਦੀਆਂ ਸ਼ਾਂਤਮਈ ਢੰਗ ਨਾਲ ਬੈਰੀਕੇਡ ਤੋੜਦੇ ਹੋਏ ਅੱਗੇ ਵਧੀਆਂ।
ਕਰਨਾਲ ਸਕੱਤਰੇਤ ਤੋਂ ਕੁਝ ਦੂਰੀ ’ਤੇ ਹਰਿਆਣਾ ਪੁਲਿਸ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਹਿਰਾਸਤ ’ਚ ਲੈਣ ਦੀ ਕੋਸ਼ਿਸ਼ ਕੀਤੀ। ਯੋਗੇਂਦਰ ਯਾਦਵ, ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ ਸਣੇ ਕਈ ਆਗੂਆਂ ਨੂੰ ਬੱਸਾਂ ’ਚ ਬਿਠਾ ਲਿਆ ਗਿਆ। ਇਨ੍ਹਾਂ ਨੂੰ ਕੁਝ ਸਮੇਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਨੇ ਮੁੜ ਕਿਸਾਨਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਪਰ ਕਿਸਾਨ ਜਥੇਬੰਦੀਆਂ ਅੱਗੇ ਵਧਦੀਆਂ ਗਈਆਂ, ਜਿਨ੍ਹਾਂ ਨੇ ਸਕੱਤਰੇਤ ਦਾ ਘਿਰਾਓ ਕੀਤਾ। ਕਿਸਾਨ ਆਗੂਆਂ ਨੇ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਲਗਾ ਦਿੱਤਾ ਹੈ, ਜਿੱਥੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਦੱਸਣਯੋਗ ਹੈ ਕਿ 28 ਅਗਸਤ ਨੂੰ ਕਰਨਾਲ ਵਿਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਰੱਖੀ ਗਈ ਸੀ, ਜਿਸ ਦਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵਿਰੋਧ ਕੀਤਾ। ਹਰਿਆਣਾ ਪੁਲਿਸ ਨੇ ਕਿਸਾਨ ਜਥੇਬੰਦੀਆਂ ’ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਇਕ ਕਿਸਾਨ ਆਗੂ ਦੀ ਮੌਤ ਹੋ ਗਈ ਅਤੇ ਦਰਜਨ ਦੇ ਕਰੀਬ ਕਿਸਾਨ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਸਨ। ਇਸੇ ਦੌਰਾਨ ਕਰਨਾਲ ਐੱਸ.ਡੀ.ਐੱਮ. ਵੱਲੋਂ ਕਿਸਾਨਾਂ ਦੇ ਸਿਰ ਭੰਨਣ ਦੇ ਆਦੇਸ਼ ਦਿੱਤੇ ਸਨ। ਕਿਸਾਨ ਜਥੇਬੰਦੀਆਂ ਨੇ ਲਾਠੀਚਾਰਜ ਦੇ ਆਦੇਸ਼ ਦੇਣ ਵਾਲੇ ਐੱਸ.ਡੀ.ਐੱਮ. ਅਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ’ਤੇ 6 ਸਤੰਬਰ ਤੱਕ ਕੇਸ ਦਰਜ ਕਰਨ ਦਾ ਅਲਟੀਮੇਟਮ ਦਿੱਤਾ ਸੀ। ਮ੍ਰਿਤਕ ਕਿਸਾਨ ਨੂੰ 25 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ ਸੀ, ਜਦਕਿ ਪੀੜਤ ਕਿਸਾਨਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉੱਧਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਕਿਸਾਨਾਂ ਵੱਲੋਂ ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ’ਚ ਕਿਸਾਨ ਮਹਾਂਪੰਚਾਇਤ ਕੀਤੀ ਗਈ। ਕਿਸਾਨਾਂ ਨੇ ਤਿੰਨੋਂ ਖੇਤੀ ਕਾਨੂੰਨਾਂ ਦਾ ਤਿੱਖਾ ਵਿਰੋਧ ਕਰਦਿਆਂ ਕੇਂਦਰ ਦੀ ਮੋਦੀ ਤੇ ਯੂ.ਪੀ. ਦੀ ਯੋਗੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਪੱਛਮੀ ਬੰਗਾਲ ਚੋਣਾਂ ਦੀ ਤਰਜ਼ ’ਤੇ ਆਗਾਮੀ ਚੋਣਾਂ ’ਚ ‘ਵੋਟ ਦੀ ਚੋਟ’ ਜ਼ਰੀਏ ਭਾਜਪਾ ਨੂੰ ਸਬਕ ਸਿਖਾਵਾਂਗੇ। ਮਹਾਪੰਚਾਇਤ ’ਚ 15 ਰਾਜਾਂ ਦੀਆਂ 300 ਤੋਂ ਵੱਧ ਕਿਸਾਨ ਯੂਨੀਅਨਾਂ ਨੇ ਸ਼ਮੂਲੀਅਤ ਕੀਤੀ।


Share