ਮੁੰਬਈ ਦੇ ਹਸਪਤਾਲ ’ਚ ਅੱਗ ਲੱਗਣ ਕਾਰਨ 10 ਮਰੀਜ਼ਾਂ ਦੀ ਮੌਤਾਂ

559
ਮੁੰਬਈ, 26 ਮਾਰਚ (ਪੰਜਾਬ ਮੇਲ)- ਮੁੰਬਈ ਦੇ ਮਾਲ ’ਚ ਸਥਿਤ ਹਸਪਤਾਲ ’ਚ ਅੱਗ ਲੱਗਣ ਕਾਰਨ 10 ਮਰੀਜ਼ਾਂ ਦੀ ਮੌਤ ਹੋ ਗਈ। ਇਸ ਹਸਪਤਾਲ ਵਿਚ ਕੋਰੋਨਾਵਾਇਰਸ ਦੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਭੰਡੂਪ ਖੇਤਰ ’ਚ ਸਥਿਤ ਡ੍ਰੀਮਜ਼ ਮਾਲ ਇਮਾਰਤ ਦੇ ਸਨਰਾਈਜ਼ ਹਸਪਤਾਲ ’ਚ ਅੱਧੀ ਰਾਤ ਤੋਂ ਤੁਰੰਤ ਬਾਅਦ ਲੱਗੀ। ਤਕਰੀਬਨ 70 ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਹਾਦਸੇ ਲਈ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਦਾਇਤ ਕੀਤੀ ਹੈ। ਉਨ੍ਹਾਂ ਮਰਨ ਵਾਲਿਆਂ ਦੇ ਵਾਰਸਾਂ ਤੋਂ ਮੁਆਫ਼ੀ ਮੰਗਦਿਆਂ ਉਨ੍ਹਾਂ ਲਈ ਪੰਜ-ਪੰਜ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਹਾਦਸੇ ’ਚ ਗਈਆਂ ਜਾਨਾਂ ’ਤੇ ਦੁੱਖ ਜਤਾਇਆ ਹੈ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਹੀ ਸਿਹਤਯਾਬ ਹੋਣ ਦੀ ਅਰਦਾਸ ਵੀ ਕੀਤੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉਪ ਰਾਸ਼ਟਰਪਤੀ ਐੱਮ.ਵੈਂਕੱਈਆ ਨਾਇਡੂ ਨੇ ਵੀ ਹਾਦਸੇ ’ਤੇ ਦੁੱਖ ਜਤਾਇਆ ਹੈ।