ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ’ਤੇ ਭਗਵੰਤ ਮਾਨ ਦੇ ਜੱਦੀ ਪਿੰਡ ’ਚ ਖੁਸ਼ੀ ਦਾ ਮਾਹੌਲ

138
Share

ਚੀਮਾ ਮੰਡੀ, 19 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਐੱਮ.ਪੀ. ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਐਲਾਨਣ ’ਤੇ ਜਿੱਥੇ ਲੋਕ ਸਭਾ ਹਲਕਾ ਸੰਗਰੂਰ ਵਿਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਦੇ ਲੋਕਾਂ ਤੋਂ ਚਾਅ ਨਹੀਂ ਚੁੱਕਿਆ ਜਾ ਰਿਹਾ ਹੈ। ਸੱਥ ਵਿਚ ਇਕੱਠ ਹੋਏ ਪਿੰਡ ਵਾਸੀਆਂ ਨੇ ਇੱਕ ਵੱਡੀ ਟੀ.ਵੀ. ਸਕਰੀਨ ਲਗਾ ਕੇ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਣ ਦਾ ਪ੍ਰੋਗਰਾਮ ਦੇਖਿਆ। ਜਿਉਂ ਹੀ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਗਿਆ, ਤਾਂ ਲੋਕ ਖ਼ੁਸ਼ੀ ਵਿਚ ਨੱਚਣ ਲੱਗੇ। ਪਿੰਡ ਵਾਸੀਆਂ ਨੇ ਲੱਡੂ ਵੰਡੇ ਅਤੇ ਭੰਗੜੇ ਪਾਏ। ਪਿੰਡ ਦੇ ਬਜ਼ੁਰਗਾਂ, ਨੌਜਵਾਨਾਂ ਤੇ ਬੱਚਿਆਂ ਵਿਚ ਉਤਸ਼ਾਹ ਸੀ ਤੇ ਉਹ ਆਪੋ-ਆਪਣੇ ਤਰੀਕਿਆਂ ਨਾਲ ਖੁਸ਼ੀ ਦਾ ਇਜ਼ਹਾਰ ਕਰ ਰਹੇ ਸਨ। ਪਿੰਡ ਵਾਸੀਆਂ ਨੇ ਕਿਹਾ ਕਿ ਜਿੱਥੇ ਭਗਵੰਤ ਮਾਨ ਨੇ ਆਪਣੀ ਕਲਾਕਾਰੀ ਰਾਹੀਂ ਪਿੰਡ ਸਤੌਜ ਦਾ ਨਾਂ ਰੌਸ਼ਨ ਕੀਤਾ ਹੈ, ਉੱਥੇ ਹੁਣ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਕੇ ਪਿੰਡ ਨੂੰ ਵੱਡਾ ਮਾਣ ਦਿੱਤਾ ਹੈ ਤੇ ਭਵਿੱਖ ਵਿਚ ਭਗਵੰਤ ਮਾਨ ਮੁੱਖ ਮੰਤਰੀ ਬਣ ਕੇ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾ ਕੇ ਪਿੰਡ ਦਾ ਨਾਂ ਹੋਰ ਉੱਚਾ ਕਰਨਗੇ। ਪਿੰਡ ਵਾਸੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦਾ ਸਾਥ ਦੇਣ ਤਾਂ ਕਿ ਭਗਵੰਤ ਮਾਨ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਜਾ ਸਕੇ।

Share